ਭਾਰਤ ਭੂਸ਼ਣ ਆਸ਼ੂ ਦੀਆਂ ਹੋਰ ਧੱਕੇਸ਼ਾਹੀਆਂ ਦੀ ਜਾਂਚ ਕਰੇ ਭਗਵੰਤ ਸਿੰਘ ਮਾਨ ਸਰਕਾਰ

ਸੁਰਿੰਦਰ ਕੁਮਾਰ ਪੁਆਰੀ ਸੂਬਾ ਪ੍ਰਧਾਨ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ

ਕੋਟਕਪੂਰਾ, (ਸੁਭਾਸ਼ ਸ਼ਰਮਾ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਬਾਰੇ ਟਿੱਪਣੀ ਕਰਦਿਆਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ , ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ ਤੇ ਸੁਖਜਿੰਦਰ ਸਿੰਘ ਖਾਨਪੁਰ , ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਵਿੱਤ ਸਕੱਤਰ ਨਵੀਨ ਸੱਚਦੇਵਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ , ਸੂਬਾਈ ਸਲਾਹਕਾਰ ਬਲਕਾਰ ਵਲਟੋਹਾ ਤੇ ਪ੍ਰੇਮ ਚਾਵਲਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਭ੍ਰਿਸ਼ਟਾਚਾਰ ਸਬੰਧੀ ਫ਼ੈਸਲਾ ਤਾਂ ਮਾਨਯੋਗ ਅਦਾਲਤ ਤੈਅ ਕਰੇਗੀ ਪਰ ਇਹ ਕੌੜਾ ਸੱਚ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਹਕੂਮਤ ਦਾ ਨਸ਼ਾ ਇਸ ਹੱਦ ਤੱਕ ਚੜ੍ਹਿਆ ਹੋਇਆ ਸੀ ਕਿ ਜਨਤਕ ਸਮਾਗਮਾਂ ਵਿੱਚ ਸ਼ਰ੍ਹੇਆਮ ਜ਼ਿਲ੍ਹਾ ਸਿੱਖਿਆ ਅਫਸਰ ( ਸੈ. ਸਿ. ) ਲੁਧਿਆਣਾ ਦੇ ਅਹੁਦੇ ਤੇ ਤਾਇਨਾਤ ਸ੍ਰੀਮਤੀ ਸਵਰਨਜੀਤ ਕੌਰ ਨੂੰ ਇੱਕ ਸਮਾਗਮ ਵਿੱਚ ਕੁਝ ਮਿੰਟ ਲੇਟ ਪਹੁੰਚਣ ’ਤੇ ਜਨਤਾ ਦੇ ਸਾਹਮਣੇ ਬੇਇੱਜ਼ਤ ਕਰਨ ਦੀਆਂ ਖ਼ਬਰਾਂ ਅਖ਼ਬਾਰਾਂ ਅਤੇ ਮੀਡੀਏ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣਦੀਆਂ ਰਹੀਆਂ ਹਨ।

ਉਨ੍ਹਾਂ ਨੇ ਆਪਣੀ ਰਾਜਨੀਤਕ ਸ਼ਕਤੀ ਵਰਤ ਕੇ ਇਹ ਸਾਰਾ ਮਾਮਲੇ ਨੂੰ ਰਫਾ ਦਫਾ ਕਰਵਾ ਦਿੱਤਾ । ਇਸ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਨੇ ਆਪਣੀਆਂ ਧੱਕੇਸ਼ਾਹੀਆਂ ਨੂੰ ਅੱਗੇ ਤੋਰਦੇ ਹੋਏ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 17 ਜੁਲਾਈ 2021 ਨੂੰ ਪੰਜਾਬ ਕਾਂਗਰਸ ਸਰਕਾਰ ਦੇ ਕੁੱਝ ਵਜ਼ੀਰਾਂ ਨੂੰ ਮੰਗ ਪੱਤਰ ਦੇਣ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਸੀ । ਪੰਜਾਬ ਵਿੱਚ ਸਾਰੇ ਥਾਵਾਂ ਤੇ ਅਧਿਆਪਕਾਂ ਨੇ ਬਹੁਤ ਸ਼ਾਂਤੀਪੂਰਵਕ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਸਬੰਧਤ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਪਰ ਭਾਰਤ ਭੂਸ਼ਣ ਆਸ਼ੂ ਨੇ ਆਪ ਖ਼ੁਦ ਜਾਂ ਆਪਣੇ ਕਿਸੇ ਨੁੰਮਾਇੰਦੇ ਰਾਹੀਂ ਮੰਗ ਪੱਤਰ ਲੈਣ ਦੀ ਬਜਾਏ ਆਪਣੇ ਅਹੁਦੇ ਦੀ ਸ਼ਕਤੀ ਵਰਤਦੇ ਹੋਏ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਰਾਹੀਂ ਅਧਿਆਪਕਾਂ ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਨੂੰ ਤਰਜੀਹ ਦਿੱਤੀ ਸੀ ਤੇ ਇਸ ਘਟਨਾ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਜ਼ਖ਼ਮੀ ਹੋ ਗਏ ਸਨ ।

ਅਧਿਆਪਕ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਹੋਰ ਧੱਕੇਸ਼ਾਹੀਆਂ ਦੀ ਵੀ ਉਚ ਪੱਧਰੀ ਜਾਂਚ ਕਰਵਾਕੇ ਕਾਨੂੰਨ ਅਨੁਸਾਰ ਬਣਦੀ ਸਖਤ ਸਜ਼ਾ ਦਿੱਤੀ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਟੌਮ ਜ਼ਿਲ੍ਹਾ ਪ੍ਰਧਾਨ ਤਰਨਤਾਰਨ , ਸ਼ਿੰਦਰਪਾਲ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਫਰੀਕੋਟ , ਰਾਕੇਸ਼ ਧਵਨ ਜਨਰਲ ਸਕੱਤਰ ਅੰਮ੍ਰਿਤਸਰ , ਕੁਲਦੀਪ ਸਿੰਘ ਸਹਿਦੇਵ , ਬੇਅੰਤ ਸਿੰਘ ਮੌੜ , ਜਸਕਰਨ ਸਿੰਘ ਫਿੱਡੇ ਕਲਾਂ , ਯੋਧਵੀਰ ਤੇ ਅਮਨਦੀਪ ਸਿੰਘ ਬੁਢਲਾਡਾ ਆਦਿ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ