ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਅੰਨ੍ਹੀ ਲੁੱਟ ਹੋਰ ਤਿੱਖੀ ਕਰਨ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐਮ ਐਸ ਪੀ ’ਤੇ ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਸੰਬੰਧੀ ਦੇਸ਼ ਵਿਆਪੀ ਸੰਘਰਸ਼ ਨੂੰ ਹੋਰ ਮਜਬੂਤ ਕਰਨ ਦੇ ਮਕਸਦ ਨਾਲ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੋਰੋਨਾ ਮਹਾਂਮਾਰੀ ਦੇ ਅਸਰਦਾਰ ਟਾਕਰੇ ਸੰਬੰਧੀ ਮੰਗਾਂ ’ਤੇ ਜੋਰ ਦੇਣ ਲਈ ਕੱਲ੍ਹ ਤੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਸ਼ੁਰੂ ਕੀਤਾ ਗਿਆ ਤਿੰਨ ਰੋਜਾ ਧਰਨਾ ਅੱਜ ਵੀ ਜਾਰੀ ਰਿਹਾ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕਰਨ ’ਚ ਬੁਰੀ ਤਰ੍ਹਾਂ ਨਾਕਾਮ ਰਹਿ ਰਹੀ ਪੰਜਾਬ ਸਰਕਾਰ ਕੋਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ ਦੀ ਭਾਰੀ ਥੁੜ੍ਹੋਂ ਦੀ ਪੂਰਤੀ ਲਈ ਨਵੀਂ ਭਰਤੀ ਤੁਰੰਤ ਕੀਤੀ ਜਾਵੇ। ਬਚਾਓ ਵਾਲੀ ਵੈਕਸੀਨ ਸਾਰੇ ਲੋਕਾਂ ਨੂੰ ਮੁਫਤ ਮੁਹੱਈਆ ਕਰਵਾਈ ਜਾਵੇ।
ਮੁਫਤ ਟੈਸਟਾਂ ਦਾ ਹਰੇਕ ਸ਼ਹਿਰ, ਕਸਬੇ, ਪਿੰਡ ਵਿੱਚ ਪ੍ਰਬੰਧ ਕੀਤਾ ਜਾਵੇ। ਸਾਰੇ ਪ੍ਰਬੰਧਾਂ ਲਈ ਲੋੜੀਂਦਾ ਬਜਟ ਤੁਰੰਤ ਜੁਟਾਇਆ ਜਾਵੇ ਅਤੇ ਇਹਦੀ ਖਾਤਰ ਕਾਰਪੋਰੇਟ ਘਰਾਣਿਆਂ ਸਮੇਤ ਜਗੀਰਦਾਰਾਂ ਤੇ ਵੱਡੇ ਪੂੰਜੀਪਤੀਆਂ ਤੋਂ ਭਾਰੀ ਟੈਕਸ ਵਸੂਲੇ ਜਾਣ। ਕੇਂਦਰ ਵਿਰੋਧੀ ਸੰਘਰਸ਼ ਦੌਰਾਨ 500 ਦੇ ਕਰੀਬ ਸ਼ਹੀਦ ਹੋ ਚੁੱਕੇ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮੁਆਵਜਾ ਅਤੇ 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਦੀ ਮੰਗ ਮੰਨ ਕੇ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਅੱਜ ਦੇ ਧਰਨੇ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਉਨ੍ਹਾਂ ਤੋਂ ਇਲਾਵਾ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਨਿਆਲ, ਜਸਵਿੰਦਰ ਸਿੰਘ ਬਰਾਸ, ਮਨਜੀਤ ਸਿੰਘ ਘਰਾਚੋਂ, ਹਰਪਾਲ ਸਿੰਘ ਪੇਧਨੀ, ਰਣਦੀਪ ਸਿੰਘ ਭੂਰੇ, ਗੁਰਪ੍ਰੀਤ ਸਿੰਘ ਬਡਬਰ, ਗੁਰਪ੍ਰੀਤ ਕੌਰ ਬਰਾਸ, ਮਨਦੀਪ ਕੌਰ ਬਾਰਨ,ਭੁਪਿੰਦਰ ਕੌਰ ਖੇੜੀ ਸ਼ਾਮਲ ਸਨ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪੱਕੇ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ’ਤੇ ਕੋਰੋਨਾ ਫੈਲਾਉਣ ਦੇ ਦੋਸ਼ਾਂ ਨੂੰ ਸਰਾਸਰ ਬੇਬੁਨਿਆਦ ਕਿਹਾ ਅਤੇ ਖੁਦ ਦੋਨਾਂ ਸਰਕਾਰਾਂ ਵੱਲੋਂ ਮਹਾਂਮਾਰੀ ਦੇ ਟਾਕਰੇ ਲਈ ਕੀਤੇ ਗਏ ਨਿਗੂਣੇ ਪ੍ਰਬੰਧਾਂ ਨੂੰ ਜਿੰਮੇਵਾਰ ਠਹਿਰਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।