ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਠੋਕਿਆ ਧਰਨਾ

ਪਟਿਆਲਾ : ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਲਗਾਏ ਧਰਨੇ ਦਾ ਦ੍ਰਿਸ਼।

ਕਿਸਾਨੀ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਮੰਗ ਪੱਤਰ

  • ਸ਼ਰਾਬ ਫੈਕਟਰੀ ਨੂੰ ਬੰਦ ਕਰਾਉਣ ਸਣੇ 23 ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਕੀਤੀ ਮੰਗ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) (Bharatiya Kisan Union Krantikari) ਪਟਿਆਲਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ਼ ਮੁਜ਼ਾਹਰਾ ਕੀਤਾ ਗਿਆ। ਆਗੂਆਂ ਵੱਲੋਂ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਗਿਆ। ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਕਿਹਾ ਕਿ ਜ਼ੀਰਾ ਵਿਖੇ ਚੱਲ ਰਹੀ ਮਾਲਬਰੋਜ ਸ਼ਰਾਬ ਫੈਕਟਰੀ ਦਾ ਪਿਛਲੇ ਕਈ ਸਾਲਾਂ ਤੋਂ ਗੰਦਾ ਪਾਣੀ ਧਰਤੀ ਹੇਠ ਰੀਚਾਰਜ ਕਰਕੇ ਇਲਾਕੇ ਦਾ ਧਰਤੀ ਹੇਠਲਾ ਪਾਣੀ ਗੰਧਲਾ ਕਰ ਦਿੱਤਾ ਗਿਆ ਹੈ ਜਿਸ ਦੇ ਖਿਲਾਫ਼ ਇਲਾਕੇ ਦੇ ਲੋਕਾਂ ਵੱਲੋਂ ਪਿਛਲੇ ਪਚਵੰਜਾ ਦਿਨਾਂ ਤੋਂ ਧਰਨਾ ਮਾਰਿਆ ਜਾ ਰਿਹਾ ਹੈ।

ਸ਼ਰਾਬ ਫੈਕਟਰੀ ਤੁਰੰਤ ਬੰਦ ਕੀਤੀ ਜਾਵੇ

ਯੂਨੀਅਨ ਵੱਲੋਂ ਮੰਗ ਕੀਤੀ ਗਈ ਹੈ ਕਿ ਇਹ ਫੈਕਟਰੀ ਤੁਰੰਤ ਬੰਦ ਕੀਤੀ ਜਾਵੇ ਅਤੇ ਅਜਿਹੀਆਂ ਹੋਰ ਫੈਕਟਰੀਆਂ ਦੀ ਜਾਂਚ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਤਬਾਹੀ ਵੱਲ ਧੱਕੀ ਜਾ ਰਹੀ ਹੈ, ਲੰਪੀ ਸਕਿਨ ਬਿਮਾਰੀ ਕਾਰਨ ਪਸ਼ੂ ਪਾਲਣ ਦਾ ਧੰਦਾ ਤਬਾਹ ਹੋ ਰਿਹਾ ਹੈ । ਯੂਨੀਅਨ ਨੇ ਮੰਗ ਕੀਤੀ ਜਿਨ੍ਹਾਂ ਕਿਸਾਨਾਂ ਦੀਆਂ ਗਾਵਾਂ ਲੰਪੀ ਸਕਿਨ ਨਾਲ ਮਰੀਆਂ ਹਨ ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ 23 ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਲਾਗੂ ਕੀਤਾ ਜਾਵੇ, ਸੂਬੇ ਭਰ ਚ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਪਟਿਆਲਾ : ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਲਗਾਏ ਧਰਨੇ ਦਾ ਦ੍ਰਿਸ਼।

ਦੂਜੇ ਰਾਜਾਂ ਨਾਲ ਪਾਣੀ ਦੀ ਵੰਡ ਦਾ ਨਿਬੇੜਾ ਰਿਪੇਰੀਅਨ ਕਾਨੂੰਨ ਮੁਤਾਬਿਕ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਪੰਜਾਬ ਸਰਕਾਰ ਸਰਕਾਰੀ ਅਸਾਮੀਆਂ ਤੇ ਭਰਤੀ ਵਿਚ ਪੰਜਾਬ ਵਾਸੀਆਂ ਨੂੰ ਪਹਿਲ ਦੇਵੇ, ਕਿਸਾਨਾਂ ਦੇ ਹੋਏ ਫਸਲੀ ਖਰਾਬੇ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੇ ਭਰੇ ਸੈਂਪਲ

ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮਤਾ ਪਾਕੇ ਕੇਂਦਰ ਸਰਕਾਰ ਨੂੰ ਭੇਜੇ ਕਿ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਲਈ ਮੁੱਖ ਜ਼ਿੰਮੇਵਾਰ ਅਜੇ ਮਿਸ਼ਰਾ ਨੂੰ ਸਰਕਾਰ ਤੋਂ ਬਾਹਰ ਕੀਤਾ ਜਾਵੇ । ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸੂਬਾ ਪ੍ਰੈੱਸ ਸਕੱਤਰ,ਸਤਵੰਤ ਵਜੀਦਪੁਰ ਸੂਬਾ ਕਮੇਟੀ ਮੈਂਬਰ, ਗੁਰਨਾਮ ਸਿੰਘ ਢੈਂਠਲ ਬਲਾਕ ਪ੍ਰਧਾਨ,ਸੁਰਿੰਦਰ ਕਕਰਾਲਾ, ਕਿਰਨਜੀਤ ਕੌਰ,ਪਵਨ ਕੁਮਾਰ, ਦਰਸਨ ਸਿੰਘ ਲਾਡੀ,ਵਿਕਰਮ ਸਿੰਘ ,ਜਸਵੰਤ ਸਿੰਘ ਦੌਣ,ਮਨਸਾ ਸਿੰਘ ਬਿਜਲਪੁਰ ਆਦਿ ਨੇ ਸੰਬੋਧਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ