ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਗਭਗ 70,000 ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਤੇ ਸਿਹਤ ਦੀ ਸਥਿਤੀ ’ਚ ਸੁਧਾਰ ਲਈ ਉਪਰਾਲੇ ਕਰ ਰਹੀ ਹੈ। ਮਾਤਰੂ ਵੰਦਨਾ ਯੋਜਨਾ ਤਹਿਤ ਮੌਜੂਦਾ ਵਿੱਤੀ ਸਾਲ ਦੇ ਅਕਤੂਬਰ 2024 ਦੇ ਮਹੀਨੇ ’ਚ ਪਹਿਲੇ ਬੱਚੇ ਦੇ ਜਨਮ ਤੇ ਦੂਜੇ ਬੱਚੇ ਦੇ ਜਨਮ ’ਤੇ ਕੁੱਲ 65,478 ਔਰਤਾਂ ਦੇ ਖਾਤਿਆਂ ’ਚ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਭੇਜੀ ਗਈ ਹੈ।
ਇਹ ਖਬਰ ਵੀ ਪੜ੍ਹੋ : Madhya Pradesh School Violence: ਸਕੂਲਾਂ ’ਚ ਵਧਦੀ ਹਿੰਸਾ ਇੱਕ ਗੰਭੀਰ ਚੁਣੌਤੀ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ 19 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ’ਤੇ 5,000 ਰੁਪਏ (3,000+2,000 ਰੁਪਏ ਦੀਆਂ 2 ਕਿਸ਼ਤਾਂ ’ਚ) ਤੇ ਦੂਜੇ ਬੱਚੇ ਦੇ ਜਨਮ ’ਤੇ 6,000 ਰੁਪਏ (ਜੇ ਲੜਕੀ ਹੈ) ਪ੍ਰਦਾਨ ਕਰਦੀ ਹੈ ਤੇ ਇਸ ਤੋਂ ਉੱਪਰ ਇਹ ਰਕਮ ਖਾਸ ਸ਼ਰਤਾਂ ਦੀ ਪੂਰਤੀ ਦੇ ਅਧੀਨ ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਤੇ ਸਿਹਤ ਦੀ ਸਥਿਤੀ ’ਚ ਸੁਧਾਰ ਕਰਨ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਦਿੱਤੀ ਜਾਂਦੀ ਹੈ।
ਇਸ ਸਕੀਮ ਦਾ ਮੁੱਖ ਉਦੇਸ਼ ਜਣੇਪੇ ਤੋਂ ਪਹਿਲਾਂ ਤੇ ਬਾਅਦ ’ਚ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਸਿਹਤ ’ਚ ਸੁਧਾਰ ਕਰਨਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਸੂਬੇ ’ਚ ਜਨਮ ਸਮੇਂ ਲੜਕੀਆਂ ਦੇ ਘੱਟ ਲਿੰਗ ਅਨੁਪਾਤ ’ਚ ਸੁਧਾਰ ਲਿਆਉਣਾ ਹੈ। ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ’ਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਜਾਂ ਡਾਕਖਾਨੇ ਦੇ ਖਾਤਿਆਂ ’ਚ ਕੀਤਾ ਜਾਂਦਾ ਹੈ। ਇਸ ਲਾਭ ਦਾ ਲਾਭ ਲੈਣ ਲਈ, ਹਰੇਕ ਲਾਭਪਾਤਰੀ ਲਈ ਆਧਾਰ ਕਾਰਡ ਹੋਣਾ ਲਾਜ਼ਮੀ ਹੈ, ਜਿਸ ਨੂੰ ਬੈਂਕ ਖਾਤੇ ਨਾਲ ਲਿੰਕ ਕੀਤਾ ਜਾਣਾ ਚਾਹੀਦਾ ਹੈ। Punjab News