ਵੱਡੀ ਕੰਪਨੀਆਂ ਦਾ ਮੁਨਾਫ਼ਾ ਆਰਥਿਕ ਖੁਸ਼ਹਾਲੀ ਨਹੀਂ : ਸੋਨੀਆ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਹੈ ਕਿ ਸਰਕਾਰ ਦੇ ਬੁਲਾਰੇ ਲਗਾਤਾਰ ਅਰਥਚਾਰੇ ਨੂੰ ਸੁਧਾਰਨ ਦੀ ਗੱਲ ਕਰ ਰਹੇ ਹਨ, ਪਰ ਇਸ ਦਾ ਅਸਰ ਜ਼ਮੀਨੀ ਪੱਧਰ ‘ਤੇ ਕਿਤੇ ਵੀ ਦਿਖਾਈ ਨਹੀਂ ਦੇ ਰਿਹਾ ਹੈ ਅਤੇ ਕੁਝ ਚੋਣਵੇਂ ਪੂੰਜੀਪਤੀਆਂ ਨੂੰ ਹੀ ਇਸ ਦਾ ਲਾਭ ਮਿਲ ਰਿਹਾ ਹੈ। ਬੁੱਧਵਾਰ ਨੂੰ ਇੱਥੇ ਸੰਸਦ ਦੇ ਸੈਂਟਰਲ ਹਾਲ ਵਿੱਚ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਗਾਂਧੀ ਨੇ ਕਿਹਾ ਕਿ ਕੁਝ ਸ਼ੇਅਰਾਂ ਦੀ ਕੀਮਤ ਵਧਾਉਣਾ ਅਤੇ ਕੁਝ ਕੰਪਨੀਆਂ ਨੂੰ ਫਾਇਦਾ ਪਹੁੰਚਾਉਣਾ ਨਾ ਤਾਂ ਆਰਥਿਕਤਾ ਵਿੱਚ ਸੁਧਾਰ ਹੈ ਅਤੇ ਨਾ ਹੀ ਇਹ ਕੋਈ ਆਰਥਿਕ ਤਰੱਕੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਵਿਕਾਸ ਦਾ ਲਾਭ ਨਹੀਂ ਮਿਲ ਰਿਹਾ, ਬੇWਜ਼ਗਾਰੀ ਸਿਖਰਾਂ ‘ਤੇ ਹੈ ਅਤੇ ਲੋਕਾਂ ਦਾ ਕਾਰੋਬਾਰ ਠੱਪ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਰਥਿਕਤਾ ਵਿੱਚ ਸੁਧਾਰ ਨਹੀਂ ਕਰ ਰਹੀ ਸਗੋਂ ਬੈਂਕਾਂ, ਬੀਮਾ ਕੰਪਨੀਆਂ, ਜਨਤਕ ਖੇਤਰ ਦੀਆਂ ਕੰਪਨੀਆਂ, ਰੇਲਵੇ, ਹਵਾਈ ਅੱਡਿਆਂ ਆਦਿ ਨੂੰ ਵੇਚ ਕੇ ਪੈਸਾ ਇਕੱਠਾ ਕਰ ਰਹੀ ਹੈ।
ਪਿਛਲੇ ਸੱਤ ਦਹਾਕਿਆਂ ਦੌਰਾਨ ਜਨਤਕ ਖੇਤਰ ਦੀਆਂ ਕੰਪਨੀਆਂ ਸਖ਼ਤ ਮਿਹਨਤ ਨਾਲ ਬਣਾਈਆਂ ਗਈਆਂ ਹਨ ਪਰ ਮੋਦੀ ਸਰਕਾਰ ਉਨ੍ਹਾਂ ਨੂੰ ਤਬਾਹ ਕਰਨ ਵਿੱਚ ਲੱਗੀ ਹੋਈ ਹੈ ਅਤੇ ਸਰਕਾਰੀ ਕੰਪਨੀਆਂ ਨੂੰ ਕਾਹਲੀ ਵਿੱਚ ਵੇਚਿਆ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਵੰਬਰ 2016 ‘ਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਲਾਗੂ ਕੀਤੀ ਸੀ, ਉਦੋਂ ਤੋਂ ਹੀ ਦੇਸ਼ ਦੀ ਅਰਥਵਿਵਸਥਾ ਢਹਿ ਢੇਰੀ ਹੋਣੀ ਸ਼ੁਰੂ ਹੋ ਗਈ ਸੀ ਅਤੇ ਉਨ੍ਹਾਂ ਨੂੰ ਅਜੇ ਤੱਕ ਇਸ ਦੀ ਸਮਝ ਨਹੀਂ ਆਈ।
ਆਰਥਿਕਤਾ ਵਿੱਚ ਤੇਜ਼ੀ ਨਾਲ ਸੁਧਾਰ ਦੇ ਸਰਕਾਰ ਦੇ ਦਾਅਵੇ ਬੇਕਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ ਜਾਣਨਾ ਜ਼ਰੂਰੀ ਹੈ ਕਿ ਇਹ ਸੁਧਾਰ ਕਿਸ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਮਹਿੰਗਾਈ ਨੂੰ ਆਮ ਲੋਕਾਂ ਦੀ ਕਮਰ ਤੋੜਨ ਵਾਲੀ ਦੱਸਦਿਆਂ ਕਿਹਾ ਕਿ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਤੇਲ ਦੇ ਦਬਾਅ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਕੀਮਤਾਂ ਆਮ ਆਦਮੀ ਦੀ ਪਹੁੰਚ ਵਿੱਚ ਹੋਣੀਆਂ ਚਾਹੀਦੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ