ਬਿਕਰਮ ਮਜੀਠੀਆ (Bikram Majithia) ਨੂੰ ਵੱਡੀ ਰਾਹਤ: ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਡਰੱਗ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮਜੀਠੀਆ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਹੈ। ਉਦੋਂ ਤੱਕ ਪੰਜਾਬ ਸਰਕਾਰ ਇਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਸਕਦੀ। ਹੁਣ ਮਜੀਠੀਆ ਪੰਜਾਬ ‘ਚ ਖੁੱਲ੍ਹ ਕੇ ਚੋਣ ਪ੍ਰਚਾਰ ਕਰ ਸਕਦੇ ਹਨ। ਇਹ ਰਾਹਤ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਦਿੱਤੀ ਗਈ ਹੈ।
ਮਾਮਲੇ ਦੀ ਅਗਲੀ ਸੁਣਵਾਈ 23 ਫਰਵਰੀ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਨ ਅਤੇ ਨਿਯਮਤ ਜ਼ਮਾਨਤ ਲਈ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ। ਇਸ ਦੌਰਾਨ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣਾਂ ਨੇੜੇ ਅਜਿਹਾ ਮਾਮਲਾ ਦਰਜ ਹੋਣ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਪੰਜਾਬ ਦੀ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ।
ਬਿਕਰਮ ਮਜੀਠੀਆ ‘ਤੇ ਲੱਗੇ ਹਨ ਗੰਭੀਰ ਦੋਸ਼
ਪੰਜਾਬ ਸਰਕਾਰ ਵੱਲੋਂ ਦਾਇਰ ਡਰੱਗਜ਼ ਕੇਸ ਵਿੱਚ ਬਿਕਰਮ ਮਜੀਠੀਆ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਕੋਠੀ ਵਿੱਚ ਰਹਿੰਦਾ ਸੀ। ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਹੈ। ਉਸ ‘ਤੇ ਤਸਕਰਾਂ ਵਿਚਕਾਰ ਸਮਝੌਤਾ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਨੇ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ ਤੇ ਇਨਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ