MGNREGA Scheme Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਸਕੀਮ ਦੇ ਨਾਂਅ ਵਿੱਚ ਬਦਲਾਅ ਕਰਨ ਦੇ ਫੈਸਲੇ ਦੀ ਤਿੱਖੀ ਨਿੰਦਾ ਕਰਦਿਆਂ ਕਾਂਗਰਸੀ ਆਗੂਆਂ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਕਿਸਾਨ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨੰਬਰਦਾਰ, ਜ਼ਿਲ੍ਹਾ ਕਾਂਗਰਸ ਦੇ ਪ੍ਰੈੱਸ ਮੀਡਿਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਨੇ ਕਿਹਾ ਕਿ ਭਾਜਪਾ ਸਿਰਫ਼ ਨਾਂਅ ਬਦਲਣ ਦੀ ਰਾਜਨੀਤੀ ਕਰ ਰਹੀ ਹੈ, ਜਦਕਿ ਹਕੀਕਤ ਵਿੱਚ ਗਰੀਬਾਂ ਦੇ ਰੋਜ਼ਗਾਰ ਮਾਰਿਆ ਜਾ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਮਨਰੇਗਾ ਸਕੀਮ ਕਾਂਗਰਸ ਸਰਕਾਰ ਦੀ ਇਤਿਹਾਸਕ ਦੇਣ ਹੈ, ਜਿਸ ਨੇ ਪਿੰਡਾਂ ਦੇ ਗਰੀਬ ਮਜ਼ਦੂਰਾਂ ਨੂੰ ਰੋਜ਼ਗਾਰ ਦੀ ਗਾਰੰਟੀ ਦਿੱਤੀ। ਅੱਜ ਕੇਂਦਰ ਸਰਕਾਰ ਨਾਂਅ ਬਦਲ ਕੇ ਇਸ ਸਕੀਮ ਦੀ ਆਤਮਾ ਨੂੰ ਹੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਨਰੇਗਾ ਲਈ ਫੰਡ ਘਟਾਏ ਜਾ ਰਹੇ ਹਨ, ਕੰਮ ਦੇ ਦਿਨ ਘੱਟ ਰਹੇ ਹਨ ਅਤੇ ਮਜ਼ਦੂਰਾਂ ਨੂੰ ਸਮੇਂ ‘ਤੇ ਮਜ਼ਦੂਰੀ ਨਹੀਂ ਮਿਲ ਰਹੀ।
ਇਹ ਵੀ ਪੜ੍ਹੋ: Indian Railways News: ਟ੍ਰੇਨ ’ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਵਿਭਾਗ ਨੇ ਸਮੇਂ ’ਚ ਕੀਤਾ ਬਦਲਾਅ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਵਾਰ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਅੱਗੇ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਮਨਰੇਗਾ ਵਰਗੀ ਅਹਿਮ ਸਕੀਮ ਸਬੰਧੀ ਨਾ ਤਾਂ ਕੇਂਦਰ ਤੋਂ ਪੂਰਾ ਫੰਡ ਲਿਆ ਜਾ ਰਿਹਾ ਹੈ ਅਤੇ ਨਾ ਹੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਜੁਮਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਜ਼ਮੀਨੀ ਪੱਧਰ ‘ਤੇ ਨਾ ਤਾਂ ਰੋਜ਼ਗਾਰ ਦੇ ਮੌਕੇ ਬਣ ਰਹੇ ਹਨ ਅਤੇ ਨਾ ਹੀ ਮਜ਼ਦੂਰਾਂ ਨੂੰ ਉਹਨਾਂ ਦਾ ਹੱਕ ਮਿਲ ਰਿਹਾ ਹੈ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗਰੀਬ, ਮਜ਼ਦੂਰ ਅਤੇ ਕਿਸਾਨ ਦੇ ਹੱਕਾਂ ਲਈ ਡੱਟ ਕੇ ਲੜਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਭਾਜਪਾ ਦੀ ਲੋਕ-ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਦੀ ਰਹੇਗੀ। ਇਸ ਮੌਕੇ ਸਾਬਕਾ ਸਰਪੰਚ ਤੀਰਥ ਸਿੰਘ ਸੌਂਢਾ, ਰਣਬੀਰ ਸਿੰਘ ਹੈਪੀ, ਗੁਰਜੰਟ ਸਿੰਘ ਜੱਲਾ, ਲਖਵਿੰਦਰ ਸਿੰਘ ਲੱਖੀ ਆਦਿ ਹਾਜ਼ਰ ਸਨ।














