ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਦੂਜੀ ਸੂਚੀ, ਮੋਗਾ ਤੋਂ ਹਰਜੋਤ ਕਮਲ ਨੂੰ ਉਮੀਦਵਾਰ ਬਣਾਇਆ

Punjab Assembly Elections Sachkahoon

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਦੂਜੀ ਸੂਚੀ, ਮੋਗਾ ਤੋਂ ਹਰਜੋਤ ਕਮਲ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ (ਸੱਚ ਕਹੂੰ ਨਿਊਜ) ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਲਈ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਫਗਵਾੜਾ ਤੋਂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਰੂਪਨਗਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਵੀਰਵਾਰ ਨੂੰ ਇੱਥੇ ਜਾਰੀ ਪ੍ਰੈਸ ਬਿਆਨ ਅਨੁਸਾਰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ’ਤੇ ਸਹਿਮਤੀ ਜਤਾਈ ਹੈ। ਇਸ ਸੂਚੀ ਵਿੱਚ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਦੋਵੇਂ ਵਿਧਾਇਕਾਂ ਨੂੰ ਟਿਕਟਾਂ ਮਿਲੀਆਂ ਹਨ। ਬਟਾਲਾ ਤੋਂ ਫਤਿਹਜੰਗ ਬਾਜਵਾ ਅਤੇ ਮੋਗਾ ਤੋਂ ਹਰਜੋਤ ਕਮਲ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਚੋਣ ਲੜ ਰਹੀ ਹੈ

ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ ਚਮਕੌਰ ਸਾਹਿਬ ਤੋਂ ਦਰਸ਼ਨ ਸਿੰਘ ਸ਼ਿਵਜੋਤ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦੱਸ ਦੇਈਏ ਕਿ ਭਾਜਪਾ 117 ਮੈਂਬਰੀ ਪੰਜਾਬ ਵਿਧਾਨ ਸਭਾ (Punjab Assembly Elections) ਵਿੱਚ 65 ਸੀਟਾਂ ’ਤੇ ਚੋਣ ਲੜੇਗੀ, ਜਦੋਂਕਿ ਇਸ ਦੀਆਂ ਦੋ ਸਹਿਯੋਗੀ ਪਾਰਟੀਆਂ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ’ਤੇ ਚੋਣ ਲੜਨਗੀਆਂ। ਵਰਣਨਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਦੇ ਲੰਮੇ ਸਮੇਂ ਤੋਂ ਸਹਿਯੋਗੀ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਮਤਭੇਦ ਹੋਣ ਮਗਰੋਂ ਵੱਖਰਾ ਰਾਹ ਚੁਣਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਐਨਡੀਏ ਨਾਲੋਂ ਟੁੱਟਣ ਤੋਂ ਬਾਅਦ ਭਾਜਪਾ ਪਹਿਲੀ ਵਾਰ ਵੱਡੇ ਭਰਾ ਦੀ ਭੂਮਿਕਾ ਵਿੱਚ ਨਵੇਂ ਸਹਿਯੋਗੀਆਂ ਨਾਲ ਮੈਦਾਨ ਵਿੱਚ ਹੈ। ਕਾਂਗਰਸ ਦੇ ਇੱਕ ਫੈਸਲੇ ਕਾਰਨ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਸੀ, ਇਸ ਲਈ ਉਨ੍ਹਾਂ ਲਈ ਇਹ ਚੋਣ ਵੀ ਵੱਕਾਰ ਦਾ ਸਵਾਲ ਹੈ। ਦੂਜੇ ਪਾਸੇ ਢੀਂਡਸਾ, ਜੋ ਪਾਰਟੀ ਨਾਲ ਮਤਭੇਦਾਂ ਕਾਰਨ ਅਕਾਲੀ ਦਲ ਦੇ ਸੀਨੀਅਰ ਆਗੂ ਸਨ, ਵੱਖਰੀ ਪਾਰਟੀ ਬਣਾ ਕੇ ਅਤੇ ਐਨਡੀਏ ਨਾਲ ਗੱਠਜੋੜ ਕਰਕੇ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸੂਬੇ ਵਿੱਚ 20 ਫਰਵਰੀ ਨੂੰ ਵੋਟਾ ਪੈਣੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ