ਮੰਗਾਂ ਦਾ ਹੱਲ ਨਾ ਹੋਣ ‘ਤੇ ਡਿਪਟੀ ਡਾਇਰੈਕਟਰ ਨਾਲ ਜੱਥੇਬੰਦੀ ਦੀ ਹੋਈ ਮੀਟਿੰਗ ਦਾ ਕੀਤਾ ਬਾਈਕਾਟ

ਕੰਟਰੈਕਟ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ‘ਤੇ 21 ਤੋਂ ਲਗਾਤਾਰ ਮੋਰਚਾ ਲਗਾਇਆ ਜਾਵੇਗਾ: ਵਰਿੰਦਰ ਸਿੰਘ ਮੋਮੀ

ਜਲਾਲਾਬਾਦ, (ਰਜਨੀਸ਼ ਰਵੀ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਅੱਜ ਹੈੱਡ ਆਫਿਸ ਪਟਿਆਲਾ ਵਿਖੇ ਜਲ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅੰਕੁਰ ਮਹਿੰਦਰੂ ਨਾਲ ਹੋਈ ਮੀਟਿੰਗ ਵਿੱਚ ਵਿਭਾਗ ਵਿੱਚ ਲੰਮੇ ਸਮੇਂ ਤੋਂ ਇਨਲਿਸਟਮੈਂਟ, ਵੱਖ-ਵੱਖ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਰਾਹੀਂ ਕੰਮ ਕਰਦੇ ਕੰਟਰੈਕਟ ਵਰਕਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦਾ ਹੱਲ ਨਾ ਹੋਣ ‘ਤੇ ਜੱਥੇਬੰਦੀ ਦੇ ਆਗੂਆਂ ਵਲੋਂ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਇਸ ਦੇ ਨਾਲ ਹੀ ਮੀਟਿੰਗ ਦੇ ਬਾਹਰ ਆ ਕੇ ਦਫਤਰ ਵਿੱਚ ਜੋਰਦਾਰ ਨਾਅਰੇਬਾਜੀ ਕੀਤੀ ਗਈ।

ਇਸ ਤੋਂ ਬਾਅਦ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਅੱਜ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੱਥੇਬੰਦੀ ਵੱਲੋਂ ਪਹਿਲਾਂ ਤੋਂ ਉਲੀਕੇ ਗਏ ਪ੍ਰੋਗਰਾਮ ਤਹਿਤ 21 ਅਗਸਤ ਨੂੰ ਹੈੱਡ ਆਫਿਸ ਪਟਿਆਲਾ ਵਿਖੇ ਲਗਾਤਾਰ ਮੋਰਚਾ ਕੰਟਰੈਕਟ ਵਰਕਰਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਲਗਾਇਆ ਜਾਵੇਗਾ। ਜਿਸਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਪਟਿਆਲਾ ਵਿਖੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਨਾਲ ਮੀਟਿੰਗ ਜੋਕਿ ਜੱਥੇਬੰਦੀ ਨਾਲ ਹੋਈ ਹੈ, ਇਸ ਮੀਟਿੰਗ ਵਿੱਚ ਠੇਕਾ ਵਰਕਰਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰਨ ਲਈ ਸਮੇਤ ਹੋਰ ਜੱਥੇਬੰਦੀ ਦੇ ਮੰਗ ਪੱਤਰ ਵਿੱਚ ਦਰਜ ਮੰਗਾਂ ਸਬੰਧੀ ਮਹਿਕਮੇ ਵੱਲੋਂ ਕੋਈ ਹੱਲ ਨਾ ਕਰਨ ‘ਤੇ ਜੱਥੇਬੰਦੀ ਦੇ ਆਗੂਆਂ ਵੱਲੋਂ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜਲ ਸਪਲਾਈ ਮਹਿਕਮੇ ਦੀ ਮੈਨੇਜਮੈਂਟ ਵੱਲੋਂ ਵਰਕਰਾਂ ਦੀਆਂ ਮੰਗਾਂ ਸਬੰਧੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦਾ ਮੂੰਹ ਤੋੜਵਾਂ ਜਵਾਬ ਲਗਾਤਾਰ ਮੋਰਚਾ ਸ਼ੁਰੂ ਕਰਨ ਉਪਰੰਤ ਦਿੱਤਾ ਜਾਵੇਗਾ ਅਤੇ ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਹ ਸੰਘਰਸ਼ ਜਿੰਨੀ ਦੇਰ ਤੱਕ ਜਲ ਸਪਲਾਈ ਮਹਿਕਮੇ ਦੇ ਠੇਕਾ ਵਰਕਰਾਂ ਨੂੰ ਵਿਭਾਗ ਵਿੱਚ ਲਿਆ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਪੀਣ ਵਾਲੇ ਪਾਣੀ ਦਾ ਨਿੱਜੀਕਰਣ/ਪੰਚਾਇਤੀਕਰਨ ਨੂੰ ਬੰਦ ਕਰਵਾਉਣ ਸਮੇਤ ਹੋਰ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਰਵ ਕਿੰਗਰ, ਮਨਪ੍ਰੀਤ ਸਿੰਘ, ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ ਵੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.