ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ : ਡਿਪਟੀ ਕਮਿਸ਼ਨਰ
ਬੱਲੂਆਣਾ/ ਫਾਜ਼ਿਲਕਾ (ਰਜਨੀਸ਼ ਰਵੀ)। ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੇ ਮੌਕੇ ਤੇ ਸੂਬੇ 75 ਨਵੇਂ ਆਮ ਆਦਮੀ ਕਲੀਨਿਕ ਕੋਲ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਕੀਤਾ। ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਵਿੱਚ ਆਜ਼ਾਦੀ ਦਿਹਾੜੇ ਮੌਕੇ ਦੋ ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਆਖੀ। ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਅੱਜ ਪਿੰਡ ਦੁਤਾਰਾਂਵਾਲੀ ਅਤੇ ਖੁੱਬਣ ਵਿਚ ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਨਾਲ ਨਾਲ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਦੇਣ ਲਈ ਵੀ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਵੱਡੀਆਂ ਤਰਜੀਹਾਂ ਹਨ ਅਤੇ ਇਨ੍ਹਾਂ ਦੋ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਕੰਮ ਦੇ ਦੂਰਗਾਮੀ ਚੰਗੇ ਨਤੀਜੇ ਆਉਣਗੇ।
ਇਸ ਮੌਕੇ ਬੋਲਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੇ ਲੋਕਾਂ ਨੂੰ ਮਾਹਿਰ ਡਾਕਟਰ ਦੀਆਂ ਸੇਵਾਵਾਂ ਉਨ੍ਹਾਂ ਦੇ ਪਿੰਡ ਵਿੱਚ ਹੀ ਮਿਲ ਸਕਣਗੀਆਂ। ਇਸ ਮੌਕੇ ਫਾਜ਼ਿਲਕਾ ਦੇ ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਸਿਵਲ ਸਰਜਨ ਡਾ. ਰਜਿੰਦਰਪਾਲ ਬੈਂਸ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੇ ਓਪੀਡੀ ਸੇਵਾਵਾਂ ਤੋਂ ਇਲਾਵਾ ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ ਦੀ ਸੁਵਿਧਾ ਹੋਵੇਗੀ ਅਤੇ ਇੱਥੇ ਸਾਰੇ ਟੈਸਟ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਹਰ ਪ੍ਰਕਾਰ ਦੀ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਲੇਗੀ। ਇਸ ਮੌਕੇ ਗੁਰਚਰਨ ਸਿੰਘ ਮੁਸਾਫ਼ਿਰ ਤੋਂ ਇਲਾਵਾ ਇਲਾਕੇ ਦੇ ਪੰਚ ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ