ਮੰਤਰੀ ਮੰਡਲ ਵੱਲੋਂ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ

ਫੈਸਲੇ ਦਾ ਉਦੇਸ਼ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਅਧਿਆਪਨ ਲਈ ਸਟਾਫ ਨੂੰ ਉਤਸ਼ਾਹਤ ਕਰਨਾ

(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲੇ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਅਨੁਸਾਰ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਖਾਲੀ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ਦੇ ਆਧਾਰ ਉਤੇ ਪੜਾਅਵਾਰ ਢੰਗ ਨਾਲ 15600+6000=21600 ਰੁਪਏ ਦੀ ਮੁੱਢਲੀ ਤਨਖਾਹ ਉਤੇ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸ ਤੋਂ ਬਾਅਦ ਮੁਲਾਂਕਣ ਕਮੇਟੀਆਂ ਵੱਲੋਂ ਇਨਾਂ ਦੇ ਕੰਮ ਦੇ ਮੁਲਾਂਕਣ ਦੇ ਆਧਾਰ ਉਤੇ ਉਨਾਂ ਦੇ ਮਾਮਲੇ ਰੈਗੂਲਰ ਕਰਨ ਲਈ ਵਿਚਾਰ ਕੀਤਾ ਗਿਆ ਸੀ। ਇਨਾਂ ਸਹਾਇਕ ਪ੍ਰੋਫੈਸਰਾਂ ਦੇ ਸੇਵਾਕਾਲ ਦੇ ਤਿੰਨ ਸਾਲ ਮੁਕੰਮਲ ਹੋਣ ਉਤੇ ਉਨਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਮਨੋਨੀਤ ਮੁਲਾਂਕਣ ਕਮੇਟੀਆਂ ਵੱਲੋਂ ਕੀਤਾ ਗਿਆ ਅਤੇ ਇਸ ਕਮੇਟੀ ਵੱਲੋਂ ਉਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਿਫਾਰਸ਼ ਕੀਤੀ ਗਈ।

ਦੋਆਬਾ ਖੇਤਰ ਵਿੱਚ ਦੋ ਸਰਕਾਰੀ ਡਿਗਰੀ ਕਾਲਜਾਂ ਨੂੰ ਪ੍ਰਵਾਨਗੀ

ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲੇ ਵਿੱਚ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ ਉਤੇ ਨਵਾਂ ਡਿਗਰੀ ਕਾਲਜ ਖੋਲਿਆ ਜਾਵੇਗਾ ਜਿਸ ਦਾ ਅਕਾਦਮਿਕ ਸੈਸ਼ਨ ਇੱਕ ਜੁਲਾਈ, 2022 ਤੋਂ ਸ਼ੁਰੂ ਹੋਵੇਗਾ ਜਦੋਂਕਿ ਦੂਜਾ ਸਰਕਾਰੀ ਡਿਗਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਬੰਗਾ ਦੇ ਪਿੰਡ ਸਰਹਾਲ ਰਣੂਆਂ ਵਿਖੇ ਖੋਲਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here