ਕੈਬਿਨਟ ‘ਚ ਵਾਧਾ 18 ਤੋਂ ਬਾਅਦ : ਕੈਪਟਨ

amarinder singh

ਕਿਸਾਨ ਕਰਜ਼ਾ ਮੁਆਫੀ ਤੇ ਸਮਾਰਟ ਫੋਨ ਦੇਣ ਦਾ ਕੰਮ ਚੋਣਾਂ ਤੋਂ ਬਾਅਦ ਸ਼ੁਰੂ ਹੋਵੇਗਾ

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਜ਼ਾਰਤ ‘ਚ ਵਾਧਾ ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੀਤਾ ਜਾਵੇਗਾ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ ਹੈ। ਅੰਮ੍ਰਿਤਸਰ ਵਿਖੇ ਰਾਜ ਦੇ ਸ਼ਹਿਰੀ ਵਿਕਾਸ ਲਈ ਪਾਰਟੀ ਦੀ ਯੋਜਨਾਬੰਦੀ ਸਬੰਧੀ ਦਸਤਾਵੇਜ ਜਾਰੀ ਕਰਨ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਨੂੰ ਰੱਦ ਕੀਤਾ ਕਿ ਕਾਂਗਰਸ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਵਿੱਚ ਅਸਫਲ ਹੋਈ ਹੈ।

ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਿਨਟ ਮੰਤਰੀ ਸ੍ਰ ਨਵਜੋਤ ਸਿੰਘ ਸਿੱਧੂ,  ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਦੀ ਹਾਜ਼ਰੀ ‘ਚ ਸ਼ਹਿਰੀ ਵਿਕਾਸ ਸਬੰਧੀ ਪਾਰਟੀ ਦੇ ਵਿਜਨ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 8 ਮਹੀਨਿਆਂ ਵਿੱਚ ਸਾਰੇ ਵਾਅਦੇ ਪੂਰੇ ਕਰਨੇ ਸੰਭਵ ਨਹੀਂ ਜਦੋਂਕਿ ਰਾਜ ਅਕਾਲੀ-ਭਾਜਪਾ ਸਰਕਾਰ ਦੀਆਂ ਬੇਨਿਯਮੀਆਂ ਕਾਰਨ ਪੂਰੀ ਤਰ੍ਹਾਂ ਵਿੱਤੀ ਸੰਕਟ ਵਿੱਚ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਦੇਣ ਦਾ ਕੰਮ ਮਿਊਂਸਪਲ ਚੋਣਾਂ ਤੋਂ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਰਾਜ ਦੀ ਸਨਅਤ ਮਾਲੀ ਸਾਧਨ ਜੁਟਾਉਣ ਵਿੱਚ ਸਹਾਇਤਾ ਦੇ ਰਹੀ ਹੈ ਅਤੇ ਮਾਰਚ ਮਹੀਨੇ ਰਾਜ ਸਰਕਾਰ ਨੇ 5000 ਕਰੋੜ ਤੋਂ ਵੱਧ ਤੇ ਸਨਅਤੀ ਸਮਝੌਤੇ ਕੀਤੇ ਹਨ, ਜੀ.ਐਸ.ਟੀ. ਦੇ ਮੁੱਦੇ ‘ਤੇ ਬੋਲਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਵੱਡੀ ਸਮੱਸਿਆ ਲਾਗੂ ਕਰਨ ਦੀ ਆ ਰਹੀ ਹੈ ਜੋ ਕਿ ਕਾਹਲੀ ਵਿੱਚ ਕੀਤੀ ਗਈ ਹੈ।

ਸਥਾਨਕ ਸਰਕਾਰਾਂ ਦੀਆਂ ਚੋਣਾਂ ‘ਚ ਭਾਈ-ਭਤੀਜਵਾਦ ਦੇ ਭਾਰੂ ਹੋਣ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜਿੱਤ ਸਕਣ ਦੀ ਸਮਰਥਾ ਵਾਲੇ ਉਮੀਦਵਾਰਾਂ ਨੂੰ ਕਮੇਟੀ ਦੀ ਫੀਡ ਬੈਕ ਦੇ ਅਧਾਰ ‘ਤੇ ਟਿਕਟਾਂ ਦਿੱਤੀਆਂ ਗਈਆਂ ਹਨ ਗੁਜਰਾਤ ਚੋਣਾਂ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਆਗੂਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਥੇ ਕਾਂਗਰਸ ਪਾਰਟੀ ਬਰਾਬਰੀ ਦੀ ਟੱਕਰ ‘ਤੇ ਹੈ ਅਤੇ ਸੰਭਾਵਨਾ ਹੈ ਕਿ ਵੋਟਰ ਸੱਤਾ ਬਦਲਾਅ ਲੈ ਆਉਣਗੇ।