ਕੈਬਨਿਟ-ਮੀਟਿੰਗ ‘ਚ ਮੰਗਾਂ ਦਾ ਹੱਲ ਨਾ ਨਿਕਲਣ ‘ਤੇ ਹੋਵੇਗਾ ਤਿੱਖਾ ਸੰਘਰਸ਼

ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਮੁੜ ਮੋਤੀ ਮਹਿਲ ਦੇ ਘਿਰਾਓ ਦੀ ਚਿਤਾਵਨੀ

ਸੰਗਰੂਰ, (ਗੁਰਪ੍ਰੀਤ ਸਿੰਘ) 16 ਮਾਰਚ ਨੂੰ ਕਾਂਗਰਸ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਹੋ ਰਹੀ ਕੈਬਨਿਟ-ਮੀਟਿੰਗ ਤੋਂ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ ਵੱਡੀ ਉਮੀਦ ਹੈ। ਪਿਛਲੇ 6 ਮਹੀਨਿਆਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਸਾਹਮਣੇ ਪੱਕਾ-ਧਰਨਾ ਲਾ ਕੇ ਬੈਠੇ ਬੇਰੁਜ਼ਗਾਰ ਬੀਐੱਡ ਅਧਿਆਪਕ 15 ਹਜ਼ਾਰ ਅਧਿਆਪਕ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਹਨ।

ਪੱਕੇ-ਮੋਰਚੇ ‘ਤੇ ਸੂਬਾ-ਕਮੇਟੀ ਮੈਂਬਰ ਸੰਦੀਪ ਗਿੱਲ, ਜਿਲ੍ਹਾ ਆਗੂ ਰਾਮ ਪ੍ਰਕਾਸ਼ ਅਤੇ ਪਰਮਿੰਦਰ ਬਦੇਸ਼ਾ ਨੇ ਦੱਸਿਆ ਕਿ ਭਾਵੇਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਦੀ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ-ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਸੁਖਾਵੀਂ ਗੱਲਬਾਤ ਹੋਈ ਹੈ ਅਤੇ ਸੁਰੇਸ਼ ਕੁਮਾਰ ਨੇ ਭਰੋਸਾ ਦਿੱਤਾ ਹੈ ਕਿ 16 ਮਾਰਚ ਨੂੰ ਕਾਂਗਰਸ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਬੇਰੁਜ਼ਗਾਰ ਅਧਿਆਪਕਾਂ ਲਈ ਮੁੱਖ-ਮੰਤਰੀ ਵੱਲੋਂ ਵੱਡਾ-ਐਲਾਨ ਕੀਤਾ ਜਾਵੇਗਾ, ਪਰ ਮੰਗਾਂ ਦਾ ਹੱਲ ਨਿਕਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਜੇਕਰ ਮੰਗਾਂ ਦਾ ਹੱਲ ਨਹੀਂ ਨਿਕਲਦਾ ਤਾਂ ਮੁੜ ਪਟਿਆਲਾ ਵਿਖੇ ਮੋਤੀ-ਮਹਿਲ ਦਾ ਘਿਰਾਓ ਕੀਤਾ ਜਾਵੇਗਾ।

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਪੱਕਾ-ਧਰਨਾ ਲਾਇਆਂ 6 ਮਹੀਨਿਆਂ ਦਾ ਸਮਾਂ ਹੋ ਗਿਆ ਹੈ। 2 ਸਾਲ ਤੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀਐੱਡ ਅਧਿਆਪਕ 6 ਵਾਰ ਸੰਗਰੂਰ ਵਿਖੇ ਹਕੂਮਤੀ ਜ਼ਬਰ ਲਾਠੀਚਾਰਜ ਦਾ ਸ਼ਿਕਾਰ ਹੋ ਚੁੱਕੇ ਹਨ। 12 ਲੱਖ ਨੌਕਰੀਆਂ ਵੰਡਣ ਦੇ ਬਿਆਨ ਦਾਗ਼ਣ ਵਾਲੇ ਮੁੱਖ-ਮੰਤਰੀ ਕੋਲ ਯੂਨੀਅਨ ਨਾਲ ਮੀਟਿੰਗ ਕਰਨ ਦਾ ਵੀ ਸਮਾਂ ਨਹੀ ਹੈ।

ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ ਪੰਜਾਬੀ ਦੀਆਂ 60, ਹਿੰਦੀ ਦੀਆਂ 40 ਅਤੇ ਸਮਾਜਿਕ ਸਿੱਖਿਆ ਵਿਸ਼ੇ ਦੀਆਂ 52 ਅਸਾਮੀਆਂ ਦਾ ਬਾਰਡਰ-ਕੇਡਰ ਆਧਾਰਿਤ ਇਸ਼ਤਿਹਾਰ ਜਾਰੀ ਕਰਕੇ ਸਬੰਧਤ ਵਿਸ਼ਿਆਂ ਦੇ ਕਰੀਬ 35 ਹਜ਼ਾਰ ਟੈਸਟ ਉਮੀਦਵਾਰਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਟੈਸਟ ਪਾਸ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਭਰਤੀ ਲਈ ਨਿਰਧਾਰਤ ਉਮਰ-ਸੀਮਾ ਲੰਘਾ ਚੁੱਕੇ ਹਨ

ਇਹ ਹਨ ਮੰਗਾਂ :-

ਬੀਐੱਡ ਟੈੱਟ ਪਾਸ ਉਮੀਦਵਾਰਾਂ ਦੀ ਭਰਤੀ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਨੌਕਰੀ ਲਈ ਉਮਰ-ਹੱਦ 37 ਤੋਂ 42 ਸਾਲ ਕੀਤਾ ਜਾਵੇ, ਬਾਰਡਰ-ਕੇਡਰ ਬਣਾਉਣ ਦਾ ਫੈਸਲਾ ਤੁਰੰਤ ਵਾਪਸ ਲੈਂਦਿਆਂ ਭਰਤੀ ਪੂਰੇ ਪੰਜਾਬ ਦੇ ਸਕੂਲਾਂ ਲਈ ਕੀਤੀ ਜਾਵੇ, ਗ੍ਰੈਜੂਏਸ਼ਨ ‘ਚੋਂ 55 ਫੀਸਦੀ ਅੰਕਾਂ ਦੀ ਸ਼ਰਤ ਪੱਕੇ ਤੌਰ ‘ਤੇ ਖ਼ਤਮ ਕੀਤੀ ਜਾਵੇ, ਸਮਾਜਿਕ ਸਿੱਖਿਆ ਦੇ ਵਿਸ਼ਾ ਟੈਸਟ ਲਈ ਗ੍ਰੈਜੂਏਸ਼ਨ ਦੇ ਵਿਸ਼ੇ ਪਹਿਲਾਂ ਹੋਈਆਂ ਭਰਤੀ ਮੁਤਾਬਿਕ ਵਿਚਾਰੇ ਜਾਣ, ਜਦੋਂ ਤੱਕ ਟੈੱਸਟ ਪਾਸ ਉਮੀਦਵਾਰਾਂ ਨੂੰ ਰੁਜ਼ਗਾਰ ਨਹੀਂ ਮਿਲਦਾ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।