ਵੱਖ-ਵੱਖ ਭਾਈਚਾਰੇ ਦੇ ਲੋਕਾਂ ਵੱਲੋਂ ਮੰਤਰੀ ਖਿਲਾਫ ਕਾਰਵਾਈ ਲਈ ਡੀਸੀ ਨੂੰ ਦਿੱਤਾ ਗਿਆ ਮੰਗ ਪੱਤਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪਿਛਲੇ ਦਿਨੀਂ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੱਖ-ਵੱਖ ਭਾਈਚਾਰੇ ਦੇ ਲੋਕਾਂ ਖਿਲਾਫ਼ ਕੀਤੀ ਗਈ ਟਿੱਪਣੀ ਦਾ ਮਾਮਲਾ ਸ਼ਾਂਤ ਹੋਣ ਦਾ ਨਾਂਅ ਨਹੀਂ ਲੈ ਰਿਹਾ। ਜਿਸ ਦੇ ਤਹਿਤ ਹੀ ਮੰਤਰੀ ਭੁੱਲਰ ਖਿਲਾਫ਼ ਕਾਰਵਾਈ ਲਈ ਵੱਖ-ਵੱਖ ਭਾਈਚਾਰੇ ਦੇ ਲੋਕਾਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਦਿੱਤਾ ਗਿਆ। (Cabinet Minister Bhullar)
ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਗੱਲਬਾਤ ਕਰਦਿਆਂ ਸਾਬਕਾ ਰਾਸ਼ਟਰਪਤੀ ਗਿਆਨੀ ਜਰਨੈਲ ਸਿੰਘ ਦੇ ਪੋਤਰੇ ਇੰਦਰਜੀਤ ਸਿੰਘ ਬੱਬੂ ਤੇ ਹਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੇਸ਼ ਵਿਦੇਸ਼ ’ਚ ਵੱਸਦੇ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਦਾ ਮਜ਼ਾਕ ਉਡਾਇਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਹਨਾਂ ਕਿਹਾ ਕਿ ਭੁੱਲਰ ਵੱਲੋਂ ਕੀਤੀ ਗਈ ਟਿੱਪਣੀ ਚ ਉਸ ਦਾ ਹੰਕਾਰ ਸਾਫ ਝਲਕ ਰਿਹਾ ਹੈ।
Also Read : ਖੇਤੀ ਲਈ ਚੰਗੀ ਸੰਭਾਵਨਾ
ਜਿਸ ਵਿੱਚ ਉਸ ਨੇ ਕਈ ਭਾਈਚਾਰੇ ਦੇ ਲੋਕਾਂ ਨੂੰ ਵੱਖ-ਵੱਖ ਨਾਮ ਨਾਲ ਸੰਬੋਧਨ ਕਰਦਿਆਂ ਖੁਦ ਨੂੰ ਲਾਹੌਰੀ ਜੱਟ ਆਖਿਆ ਹੈ। ਉਨ੍ਹਾਂ ਕਿਹਾ ਕਿ ਇੱਕ ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਭਾਈਚਾਰੇ ਦੇ ਲੋਕਾਂ ਨੂੰ ਇਸ ਤਰ੍ਹਾਂ ਸੰਬੋਧਨ ਕਰਨਾ ਸ਼ੋਭਾ ਨਹੀਂ ਦਿੰਦਾ ਕਿਉਂਕਿ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀਆਂ ਨੂੰ ਸਮਾਜ ਅੰਦਰ ਜਾਤ ਪਾਤ ਦੇ ਆਧਾਰ ’ਤੇ ਵਿਤਕਰੇਬਾਜ਼ੀ ਨਾ ਕਰਨ ਦਾ ਪ੍ਰਣ ਕਰਵਾਇਆ ਜਾਂਦਾ ਹੈ।
ਜਿਸ ਵਿੱਚ ਉਹਨਾਂ ਦੁਆਰਾ ਹਰ ਜਾਤ ਧਰਮ ਦਾ ਸਤਿਕਾਰ ਕਰਨ ਦਾ ਵਾਅਦਾ ਵੀ ਕੀਤਾ ਜਾਂਦਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਭੁੱਲਰ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਤੁਰੰਤ ਹਟਾ ਕੇ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਸਮੂਹ ਪੀੜਤ ਭਾਈਚਾਰੇ ਦੇ ਲੋਕਾਂ ਵੱਲੋਂ ਪੂਰਾ ਤਾਣ ਲਗਾਇਆ ਜਾਵੇਗਾ।