ਆਜ਼ਾਦੀ ਦਿਹਾੜੇ ਸਬੰਧੀ ਫੂਲ ਡਰੈਸ ਰਿਹਰਸਲ ਹੋਈ
- ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ- ਸਾਕਸ਼ੀ ਸਾਹਨੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭੁਪਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ (Tricolor) ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਦੀਪਕ ਪਾਰੀਕ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਚੀਮਾ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਇਸ ਪਰੇਡ ਵਿੱਚ ਆਈ.ਟੀ.ਬੀ.ਪੀ. ਦੀ ਇੱਕ ਟੁਕੜੀ, ਜ਼ਿਲ੍ਹਾ ਪੁਲਿਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ, ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. (ਹੈਡਕੁਆਟਰ) ਦਲਜੀਤ ਸਿੰਘ ਵਿਰਕ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਵੱਖ ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਕਰਨਗੇ ਸੱਭਿਆਚਾਰਕ ਪ੍ਰੋਗਰਾਮ
ਇਸ ਮੌਕੇ ਟੈਂਟ ਪੈਗਿੰਗ ਤੇ ਮੋਟਰਸਾਈਕਲ ਦੇ ਕਰਤੱਬ ਵੀ ਦਿਖਾਏ ਜਾਣਗੇ। ਇਸ ਦੌਰਾਨ ਵੱਖ ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਸਰਕਾਰੀ ਕਾਲਜ ਲੜਕੀਆਂ ਦੇ ਪਿ੍ਰੰਸੀਪਲ ਦੀ ਅਗਵਾਈ ’ਚ ਪਟਿਆਲਾ ਦੇ ਵੱਖ ਵੱਖ ਸਕੂਲਾਂ ਤੇ ਕਾਲਜਾਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ ਅਤੇ ਸਮਾਗਮ ਦੇ ਅਖੀਰ ਵਿਚ ਰਾਸ਼ਟਰੀ ਗਾਣ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਸ. ਚੀਮਾ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨਗੇ ਅਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ, ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ