ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਲਾਮਿਸਾਲ : ਧਰਮਸੋਤ
ਫ਼ਤਹਿਗੜ੍ਹ ਸਾਹਿਬ, (ਅਨਿਲ ਲੁਟਾਵਾ)। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਪੰਜਾਬ ਸਰਕਾਰ ਦੀ ਤਰਫ਼ੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ।
ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਤਤਕਾਲੀ ਜ਼ਾਲਮ ਹਕੂਮਤ ਦੇ ਜਬਰ-ਜੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰ ਕੇ ਦੁਨੀਆਂ ਦੀ ਬਰਾਬਰੀ ਤੇ ਭਲਾਈ ਦਾ ਹੋਕਾ ਦਿੱਤਾ। ਜੰਗਲਾਤ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ ਤੇ ਧਰਮ ਦੇ ਨਾਮ ’ਤੇ ਗਰੀਬਾਂ ਅਤੇ ਮਜ਼ਲੂਮਾਂ ’ਤੇ ਹੁੰਦੇ ਜੁਲਮ ਦੇ ਟਾਕਰੇ ਹਿਤ ਕੁਰਬਾਨੀਆਂ ਕੀਤੀਆਂ, ਇਸ ਲਈ ਸਾਨੂੰ ਵੀ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ’ਤੇ ਚੱਲਣਾ ਚਾਹੀਦਾ ਹੈ।
ਪੱਤਰਕਾਰਾਂ ਵੱਲੋਂ ਕਿਸਾਨੀ ਸੰਘਰਸ਼ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਪਰੰਤੂ ਕਿਸਾਨ ਆਪਣਾ ਸੰਘਰਸ਼ ਆਪਣੇ ਪੱਧਰ ’ਤੇ ਨਿਰੰਤਰ ਚਲਾਉਣ ਲਈ ਸੁਤੰਤਰ ਹਨ। ਇੱਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀ ਅਤੇ ਨੀਅਤ ’ਚ ਖੋਟ ਹੈ, ਜਿਸ ਕਰਕੇ ਕੇਂਦਰ ਸਰਕਾਰ ਅੱਜ ਦੇਸ਼ ਦੇ ਕਿਸਾਨਾਂ ਦੀ ਬਜਾਇ ਵੱਡੇ ਘਰਾਣਿਆਂ ਦਾ ਪੱਖ ਪੂਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.