ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕਿਸਾਨਾਂ ਲਈ ਦਿੱਤੀ
ਸੰਗਰੂਰ, (ਗੁਰਪ੍ਰੀਤ ਸਿੰਘ) ਜਦੋਂ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ ਤਾਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਰਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦਿੱਤੀ ਹੈ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿਚ ਪੰਜਾਬ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਕੋਈ ਆਮ ਸਮਾਂ ਨਹੀਂ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਡੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਦ੍ਰਿੜ੍ਹਤਾ ਨਾਲ ਖੜ੍ਹੇ ਹੋਣ ਲਈ ਅੱਗੇ ਆਉਣ ਦੀ ਲੋੜ ਹੈ।
ਇਸ ਦੇ ਮੱਦੇਨਜ਼ਰ ਉਨ੍ਹਾਂ ਆਪਣੀ ਇੱਕ ਮਹੀਨੇ ਦੀ ਤਨਖਾਹ ਦੇ ਕੇ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਾਰਿਆਂ ਨੂੰ ਬੇਨਤੀ ਕੀਤੀ ਹੈ ਕਿ ਹਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਮੱਦਦ ਦੇ ਕੇ ਸਾਡੇ ਕਿਸਾਨਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਚਾਹੀਦਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨ ਸਾਡੀ ਆਰਥਿਕਤਾ ਦੀ ਰੀੜ ਦੀ ਹੱਡੀ ਹਨ ਅਤੇ ਉਹ ਸਾਰੇ ਸਤਿਕਾਰ ਅਤੇ ਸਹਾਇਤਾ ਦੇ ਹੱਕਦਾਰ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਇਸ ਵਾਲੇ ਹਰ ਨਾਗਰਿਕ ਦੇ ਸਮਰਥਨ ਦਾ ਹੱਕਦਾਰ ਹੈ। ਭਾਰਤ ਦੀ ਖੇਤੀਬਾੜੀ ਨੂੰ ਦਰਪੇਸ਼ ਸੰਕਟ ਕਿਸੇ ਤੋਂ ਲੁਕਿਆ ਨਹੀਂ ਹੈ ਅਤੇ ਮੇਰੇ ਮੁਤਾਬਕ ਆਉਣ ਵਾਲੇ ਸਮੇਂ ਵਿਚ ਹਾਲਾਤ ਹੋਰ ਵਿਗੜ ਸਕਦੇ ਹਨ। ਕਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਭਾਜਪਾ ਦੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਣ ਮਨੋਰਥ ਪੱਤਰ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਦਾ ਵਾਅਦਾ ਮਹਿਜ਼ ਮਖੌਲ ਜਾਪ ਰਿਹਾ ਹੈ ਕਿਉਂਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਵਾਲੇ ਇਹਨਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਨਾਲ ਉਕਤ ਟੀਚਾ ਪੂਰਾ ਕਰਨਾ ਅਸੰਭਵ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.