ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਪ੍ਰਦਾਨ

Vijay Inder Singla Sachkahoon

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਪ੍ਰਦਾਨ

ਵਿਕਾਸ ਕਾਰਜਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ- ਵਿਜੈ ਇੰਦਰ ਸਿੰਗਲਾ

(ਗੁਰਪ੍ਰੀਤ ਸਿੰਘ) ਸੰਗਰੂਰ। ਕੈਬਨਿਟ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਥਾਨਕ ਰੈਸਟ ਹਾਊਸ ਵਿੱਚ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਦੀਆਂ 22 ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਤਕਸੀਮ ਕੀਤੇ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਹ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨਾਂ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਵਿਕਾਸ ਕਾਰਜ਼ ਤੇਜ਼ੀ ਨਾਲ ਜਾਰੀ ਹਨ ਅਤੇ ਇਹ ਜਲਦੀ ਹੀ ਨੇਪਰੇ ਚੜ੍ਹਾਏ ਜਾਣਗੇ। ਉਨ੍ਹਾਂ ਕਿਹਾ ਕਿ ਸੰਗਰੂਰ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਕਾਇਆ ਕਲਪ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ।

ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਇਸ ਮੌਕੇ ਪਿੰਡ ਚੰਗਾਲ, ਖਿੱਲਰੀਆਂ, ਅੰਧੇੜੀ, ਬੰਗਾਂਵਾਲੀ, ਅਕਸਈ ਸਾਹਿਬ, ਥਲੇਸ, ਦੇਹ ਕਲਾਂ, ਫ਼ਤਿਹਗੜ ਛੰਨਾਂ, ਸਾਰੋਂ, ਰੂਪਾਹੇੜੀ, ਬਾਲੀਆਂ, ਮੰਗਵਾਲ, ਭਿੰਡਰਾਂ, ਕਲੋਦੀ, ਘਾਬਦਾਂ, ਲੱਡੀ, ਭਗਵਾਨਪੁਰਾ, ਗੰਗਾ ਸਿੰਘ ਵਾਲਾ, ਨਾਨਕਪੁਰਾ, ਰਸਾਲਦਾਰ ਛੰਨਾਂ, ਰਾਮਪੁਰਾ ਅਤੇ ਗੁਰਦਾਸਪੁਰਾ ਬਸਤੀ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਾਤਾਰ ਲੋੜ ਅਨੁਸਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਵਿੱਚ ਪਾਰਕ, ਸਟੇਡੀਅਮ, ਜਿੰਮ, ਧਰਮਸਾਲਾ, ਵਿਦਿਅਕ ਅਦਾਰਿਆਂ ਦੀ ਚਾਰਦੀਵਾਰੀ, ਔਰਤਾਂ ਲਈ ਵੱਖਰੇ ਪਾਰਕਾਂ ਆਦਿ ਦਾ ਨਿਰਮਾਣ ਹੋ ਸਕੇ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕਣ ਦੀ ਹਦਾਇਤ ਕੀਤੀ। ਇਸ ਮੌਕੇ ਐਸ ਡੀ ਐਮ ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ