ਐਸਐਸਪੀ ਨੇ ਕਿਹਾ : ਸਰਕਾਰੀ ਥਾਂ ’ਤੇ ਕਬਜ਼ੇ ਤੇ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਕੀਤੀ ਹੈ ਕਾਰਵਾਈ | Bathinda News
Bathinda News: (ਸੁਖਜੀਤ ਮਾਨ) ਬਠਿੰਡਾ। ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਅੱਜ ਬੀੜ ਤਲਾਬ ਬਸਤੀ ’ਚ ਇੱਕ ਅਜਿਹਾ ਘਰ ਜੇਸੀਬੀ ਨਾਲ ਢਹਾਇਆ ਗਿਆ, ਜਿਸ ਨੂੰ ਕਥਿਤ ਤੌਰ ’ਤੇ ਸਰਕਾਰੀ ਥਾਂ ’ਤੇ ਕਬਜ਼ਾ ਕਰਕੇ ਬਣਾਇਆ ਦੱਸਿਆ ਗਿਆ ਹੈ ਪੁਲਿਸ ਪ੍ਰਸ਼ਾਸ਼ਨ ਨੇ ਸਰਕਾਰੀ ਥਾਂ ਤੋਂ ਕਬਜ਼ਾ ਹਟਵਾਉਣ ਦੇ ਨਾਲ-ਨਾਲ ਨਸ਼ਿਆਂ ਦੀ ਕਮਾਈ ਨਾਲ ਘਰ ਬਣਾਇਆ ਹੋਣ ਕਰਕੇ ਢਾਹੁਣ ਦਾ ਵੀ ਦਾਅਵਾ ਕੀਤਾ ਹੈ ਐਸਐਸਪੀ ਬਠਿੰਡਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਕਤ ਇਮਾਰਤ ਮਾਲਕ ਨਸ਼ਾ ਸਮਗਲਰ ਹੈ, ਜਿਸ ਖਿਲਾਫ਼ 9 ਮੁਕੱਦਮੇ ਦਰਜ਼ ਹਨ, ਇਸ ਲਈ ਇਹ ਕਾਰਵਾਈ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁੱਧ’’ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸ਼ਖਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਅੱਜ ਪੁਲਿਸ ਵੱਲੋਂ ਪਿੰਡ ਬੀੜ ਤਲਾਬ ਵਿਖੇ ਇੱਕ ਨਸ਼ਾ ਤਸਕਰ ਦਾ ਮਕਾਨ ਢਹਿ-ਢੇਰੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ’ਚ ਨਸ਼ੇ ਦੀ ਤਸਕਰੀ ਕਰਨ ਵਾਲੇ ਏਰੀਏ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: Holi Special Trains: ਹੌਲੀ ਦੇ ਤਿਉਹਾਰ ਮੌਕੇ ਰੇਲਵੇ ਨੇ ਚਲਾਈਆਂ ਸਪੈਸ਼ਲ ਐਕਸਪ੍ਰੈੱਸ ਰੇਲਾਂ
ਇਕ ਸਵਾਲ ਦੇ ਜਵਾਬ ਵਿੱਚ ਐਸਐਸਪੀ ਨੇ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ’ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ। Bathinda News
ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ, ਏਐਸਪੀ ਅਨੁਭਵ ਜੈਨ, ਡੀਐਸਪੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਬਠਿੰਡਾ ਦਿਹਾਤੀ ਹਿਨਾ ਗੁਪਤਾ, ਐਸਡੀਐਮ ਬਲਕਰਨ ਸਿੰਘ ਮਾਹਲ ਅਤੇ ਐਸਐਚਓ ਸਦਰ ਬਠਿੰਡਾ ਇੰਸਪੈਕਟਰ ਜਗਦੀਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਹਾਜ਼ਰ ਸੀ। Bathinda News