ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪਰਾਲੀ ਨਾ ਸਾੜਣ ਦੇ ਇਵਜ਼ ਵਿੱਚ ਝੋਨੇ ‘ਤੇ ਮੁਆਵਜ਼ਾ ਮੰਗਿਆ

Capt Amarinder Singh

ਸੱਚ ਕਹੂੰ ਨਿਊਜ਼/ਚੰਡੀਗੜ੍ਹ। ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ ‘ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਇਸ ਰਾਸ਼ੀ ਨਾਲ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਢੁਕਵਾਂ ਪ੍ਰਬੰਧ ਕਰ ਸਕਣ।

ਮੁੱਖ ਮੰਤਰੀ ਲਿਖਿਆ ਹੈ ਕਿ ਸੂਬੇ ਵਿੱਚ ਝੋਨੇ ਦੀ ਵਢਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਗਲੇ 10 ਦਿਨਾਂ ਵਿੱਚ ਇਹ ਕੰਮ ਪੂਰੇ ਸਿਖਰ ‘ਤੇ ਪਹੁੰਚ ਜਾਵੇਗਾ। ਇਸ ਸੀਜ਼ਨ ਦੌਰਾਨ ਇੱਕ ਵਾਰ ਫੇਰ ਪੰਜਾਬ ਦੇ ਕਿਸਾਨਾਂ ਨੂੰ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਢੁਕਵਾਂ ਪ੍ਰਬੰਧਨ ਕਰਨ ਦੀ ਚੁਣੌਤੀ ਦਰਪੇਸ਼ ਹੈ।

ਉਨਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ‘ਤੇ ਉਹ ਸਭ ਕਰ ਰਹੀ ਹੈ, ਜੋ ਕੀਤਾ ਜਾ ਸਕਦਾ ਸੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ 50 ਤੋਂ 80 ਫੀਸਦੀ ਸਬਸਿਡੀ ਨਾਲ 28000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ ਜਦਕਿ ਇਸ ਸਾਲ 26000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਪਰਾਲੀ ਨਾ ਸਾੜਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਆਰੰਭੀ ਹੋਈ ਹੈ। ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਕਿਵੇਂ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਨੁਕਸਾਨ ਹੋ ਰਿਹਾ ਹੈ।

ਉਨਾਂ ਕਿਹਾ ਕਿ ਝੋਨੇ ਦੀ ਵਢਾਈ ਤੋਂ ਬਾਅਦ ਅਗਲੀ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਸਮਾਂ ਘੱਟ ਹੋਣ ਕਾਰਨ ਕਿਸਾਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਲਾਗਤ ਬਚਾਉਣ ਲਈ ਇਸ ਪਰਾਲੀ ਨੂੰ ਸਾੜਨ ਦਾ ਸਹਾਰਾ ਲੈਂਦੇ ਹਨ। ਕਿਸਾਨ ਨੂੰ ਮਸ਼ੀਨਾਂ ਰਾਹੀਂ ਪਰਾਲੀ ਦੇ ਸਮੇਟਣ ਲਈ ਪ੍ਰਤੀ ਏਕੜ 2500 ਤੋਂ 3000 ਰੁਪਏ ਤੱਕ ਦਾ ਵਾਧੂ ਖਰਚਾ ਕਰਨਾ ਪੈਂਦਾ ਹੈ, ਜੋ ਕਿ ਉਹ ਬਰਦਾਸ਼ਤ ਨਹੀਂ ਕਰ ਸਕਦੇ।
ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਸਾਲ ਸਤੰਬਰ ਵਿੱਚ ਵੀ ਪ੍ਰਧਾਨ ਮੰਤਰੀ ਨਾਲ ਕਿਸਾਨਾਂ ਨੂੰ ਮੁਆਵਜ਼ੇ ਦੀ ਅਜਿਹੀ ਹੀ ਮੰਗ ਉਠਾਈ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।