ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾਵਾਇਰਸ ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

Corona India

ਰੋਜ਼ਾਨਾ ਆਧਾਰ ‘ਤੇ ਸਥਿਤੀ ਦੀ ਨਿਗਰਾਨੀ ਕਰਨਗੇ ਮੁੱਖ ਮੰਤਰੀ

ਸਿਹਤ ਵਿਭਾਗ ਨੂੰ ਹਾਲਾਤ ‘ਤੇ ਨੇੜਿਓਂ ਨਜ਼ਰ ਰੱਖਣ ਲਈ ਆਖਿਆ

ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ

24 ਘੰਟੇ ਨਿਗਰਾਨੀ ਰੱਖਣ ਲਈ ਰਿਸਪਾਂਸ ਟੀਮ ਅਤੇ ਸੂਬਾ ਤੇ ਜ਼ਿਲਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖਤਰਨਾਕ ਰੋਗ ਕਰੋਨਾਵਾਇਰਸ (corona virus) (ਕੋਵਿਡ-19) ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨਾਂ ਨੇ ਸਿਹਤ ਵਿਭਾਗ ਨੂੰ ਆਲਮੀ ਪੱਧਰ ‘ਤੇ ਫੈਲੇ ਇਸ ਵਾਇਰਸ ਨਾਲ ਪੈਦਾ ਹੋਈ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਦਾ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਹਤਿਆਤ ਵਜੋਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਉਨਾਂ ਨੇ ਰੋਜ਼ਾਨਾ ਆਧਾਰ ‘ਤੇ ਸਥਿਤੀ ਦੀ ਨਿਗਰਾਨੀ ਕਰਨ ਦਾ ਵੀ ਫੈਸਲਾ ਲਿਆ।

ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਇਸ ਵਾਇਰਸ ਨਾਲ ਨਜਿੱਠਣ ਲਈ ਜੀਅ-ਜਾਨ ਨਾਲ ਜੁਟ ਦੇ ਹੁਕਮ ਦਿੱਤੇ। ਇਸ ਮੰਤਵ ਲਈ ਚਾਰ ਸੀਨੀਅਰ ਡਾਕਟਰਾਂ ‘ਤੇ ਅਧਾਰਿਤ ਸਟੇਟ ਰੈਪਿਡ ਰਿਸਪਾਂਸ ਟੀਮ ਦਾ ਗਠਨ ਕੀਤਾ ਗਿਆ ਹੈ। ਹਰੇਕ ਜ਼ਿਲੇ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਜ਼ਿਲਾ ਪੱਧਰੀ ਰਿਸਪਾਂਸ ਟੀਮਾਂ 24 ਘੰਟੇ ਚੌਕਸ ਰਹਿਣਗੀਆਂ। ਇਸ ਤੋਂ ਇਲਾਵਾ ਹੈੱਡਕੁਆਰਟਰ ਵਿਖੇ ਸੂਬਾ ਪੱਧਰੀ ਕੰਟਰੋਲ ਰੂਮ (ਫੋਨ ਨੰਬਰ 88720-90029/0172-2920074) ਵੀ ਸਥਾਪਤ ਕੀਤਾ ਗਿਆ ਹੈ ਤਾਂ ਕਿ ਕਿਸੇ ਤਰਾਂ ਦੀ ਸ਼ਿਕਾਇਤ/ਸੰਕਟ ਆਉਣ ‘ਤੇ ਫੌਰੀ ਕਾਰਵਾਈ ਕੀਤੀ ਜਾ ਸਕੇ।

ਕੋਵਿਡ-19 ਨਾਲ ਪੈਦਾ ਹੋਣ ਵਾਲੇ ਕਿਸੇ ਤਰਾਂ ਦੇ ਹਾਲਾਤ ਦੇ ਟਾਕਰੇ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਇਸ ਦੇ ਲੱਛਣਾਂ ਅਤੇ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਤੁਰੰਤ ਐਡਵਾਈਜ਼ਰੀ (ਸਲਾਹਕਾਰੀ) ਜਾਰੀ ਕਰਨ ਦੇ ਆਦੇਸ਼ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਦੀ ਸਹਾਇਤਾ ਕਰਨ ਵਾਸਤੇ ਸਬੰਧਤ ਫੀਲਡ ਸਟਾਫ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਣ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਤੋਂ ਰੋਕਣ ਅਤੇ ਭਰੋਸਾ ਪੈਦਾ ਕਰਨ ਲਈ ਸਰਗਰਮੀ ਨਾਲ ਕਦਮ ਚੁੱਕਣੇ ਚਾਹੀਦੇ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ ਕੁੱਲ 5795 ਅਜਿਹੇ ਵਿਅਕਤੀ ਹਨ ਜਿਨਾਂ ਨੇ ਪ੍ਰਭਾਵਿਤ ਮੁਲਕਾਂ ਦਾ ਸਫ਼ਰ ਕਰਨ ਵੇਰਵੇ ਹਨ। ਵੀਰਵਾਰ ਤੱਕ 13 ਵਿਅਕਤੀਆਂ ਵਿੱਚ ਕੋਵਿਡ-19 ਦੇ ਲੱਛਣ ਹੋਣ ਦਾ ਪਤਾ ਲੱਗਾ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਥਿਤੀ ਪੂਰੀ ਤਰਾਂ ਕਾਬੂ ਹੇਠ ਹਨ ਅਤੇ ਕਿਸੇ ਤਰਾਂ ਦੀ ਸਥਿਤੀ ਨਾਲ ਨਿਪਟਣ ਲਈ ਵਿਭਾਗ ਪੂਰੀ ਤਰਾਂ ਤਿਆਰ ਹੈ। ਉਨਾਂ ਨੇ ਲੋਕਾਂ ਨੂੰ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।