ਖੇਤੀ ਕਾਨੂੰਨਾਂ ਸਬੰਧੀ ਅਮਰਿੰਦਰ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ

Amarinder Singh

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਛੇਤੀ ਸੱਦਿਆ ਜਾਵੇਗਾ : ਅਮਰਿੰਦਰ

ਕੇਂਦਰ ਵੱਲੋਂ ਜਦੋਂ ਤੱਕ ਐਕਟ ਵਾਪਸ ਨਹੀਂ ਲਿਆ ਜਾਂਦਾ ਅੰਦਲੋਨ ਰਹੇਗਾ ਜਾਰੀ :ਕਿਸਾਨ

7 ਅਕਤੂਬਰ ਨੂੰ ਹੋਵੇਗੀ ਅਗਲੀ ਮੀਟਿੰਗ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਪੁੱਜ ਕੇ ਕਿਸਾਨਾਂ ਨਾਲ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਸਬੰਧੀ ਚਰਚਾ ਕੀਤੀ। ਕਿਸਾਨਾਂ ਨੇ ਇਸ ਚਰਚਾ ‘ਚ ਮੁੱਖ ਮੰਤਰੀ ਨੂੰ ਕਿਹਾ ਕਿ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤੇ ਕਿਸਾਨ ਜਥੇਬੰਦੀਆਂ 1 ਅਕਤੂਬਰ ਤੋਂ ਹਰ ਹਾਲ ‘ਚ ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਰੇਲ ਮਾਰਗ ਪੂਰੀ ਤਰ੍ਹਾਂ ਜਾਮ ਕਰ ਦਿੱਤੇ ਜਾਣਗੇ।
ਕਿਸਾਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਛੇਤੀ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ। ਇਸ ਮੰਗ ਨੂੰ ਮੰਨਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ। ਪਰਾਲੀ ਸਾੜਨ ਦੇ ਮੁੱਦੇ ‘ਤੇ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਹੁਣ ਕਿਸਾਨਾਂ ਦੀ ਅਗਲੀ ਮੀਟਿੰਗ 7 ਅਕਤੂਬਰ ਨੂੰ ਹੋਵੇਗੀ, ਜਿਸ ‘ਚ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਦੀਆਂ ਅਗਲੀਆਂ ਤਿਆਰੀਆਂ ਘੜੀਆਂ ਜਾਣਗੀਆਂ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਕੱਲ੍ਹ ਹੀ ਐਲਾਨ ਕਰ ਦਿੱਤਾ ਸੀ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨਗੇ ਤੇ ਇਸ ਮਾਮਲੇ ‘ਚ ਪੰਜਾਬ ਸੁਪਰੀਮ ਕੋਰਟ ਜਾਵੇਗੀ। ਜਿਕਰਯੋਗ ਹੈ ਕਿ ਪੰਜਾਬ ‘ਚ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਰੇਲ ਪਟੜੀਆਂ ‘ਤੇ ਕਿਸਾਨਾਂ ਨੇ ਧਰਨੇ ਲਾਏ ਹੋਏ ਹਨ। 25 ਸਤੰਬਰ ਨੂੰ ਪੰਜਾਬ ਭਰ ‘ਚ ਮੁਕੰਮਲ ਬੰਦ ਰੱਖਿਆ ਗਿਆ ਸੀ। ਪੰਜਾਬ ਦੇ ਕਿਸਾਨਾਂ ਵੱਲੋਂ 1 ਅਕਤੂਬਰ ਤੋਂ ਰੇਲ ਰੋਕੋ ਅੰਦਲਨ ਸ਼ੁਰੂ ਕਰਨ ਦਾ ਐਲਾਨ ਕੀਤਾ  ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਉਹ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਖਾਰਜ ਨਹੀਂ ਕਰ ਦਿੰਦੀ।

ਇਹ ਹਨ ਤਿੰਨ ਖੇਤੀ ਕਾਨੂੰਨੀ ਬਿੱਲ ਜਿਨ੍ਹਾਂ ਦਾ ਹੋ ਰਿਹਾ ਹੈ ਵਿਰੋਧ

  • ਜ਼ਰੂਰੀ ਵਸਤਾਂ (ਸੋਧ) ਐਕਟ 2020
  • ਕਿਸਾਨੀ ਉਪਜ ਵਪਾਰ ਤੇ ਵਣਜ (ਹੱਲਾਸ਼ੇਰੀ ਤੇ ਸੌਖਾ ਬਣਾਉਣ) ਐਕਟ 2020
  • ਕੀਮਤ ਭਰੋਸਾ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸ਼ਕਤੀਕਰਨ ਤੇ ਸੁਰੱਖਿਆ) ਐਕਟ 2020

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.