ਸਦਨ ਦੀ ਸਮੁੱਚੀ ਕਾਰਵਾਈ ਦਾ ਲਾਈਵ ਟੈਲੀਕਾਸਟ ਕਰਨ ਦੀ ਵੀ ਕੀਤੀ ਮੰਗ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਪਾਸ ਕੀਤੇ ਖੇਤੀ ਸੰਬੰਧੀ ਬਿੱਲਾਂ ਉੱਤੇ ਵਿਚਾਰ-ਚਰਚਾ ਕਰਨ ਲਈ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਖੇਤੀ ਮਾਹਿਰਾਂ ਸਮੇਤ ਸਰਬ ਪਾਰਟੀ ਬੈਠਕ ਬੁਲਾਉਣ ਦੀ ਮੰਗ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਤਾਂ ਕਿ ਉਹ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਤੁਰੰਤ ਪੰਜਾਬ ਦੀ ਜਨਤਾ ਸਮੇਤ ‘ਆਪ’ ਦੀ ਮੰਗ ਪੂਰੀ ਕਰਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਤੌਰ ਮੁੱਖ ਵਿਰੋਧੀ ਧਿਰ ਅਸੀਂ ਤੁਹਾਡੇ (ਕੈਪਟਨ ਅਮਰਿੰਦਰ ਸਿੰਘ) ਧੰਨਵਾਦੀ ਹਾਂ ਕਿ ਸਾਡੀ ਮੰਗ ਦੇ ਅਨੁਸਾਰ ਤੁਸੀਂ ਇਨਾਂ ਖੇਤੀ ਬਾਰੇ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਲਿਆ ਹੈ,
ਪਰੰਤੂ ਆਮ ਆਦਮੀ ਪਾਰਟੀ ਆਪਣੀ ਇਸ ਮੰਗ ਨੂੰ ਇੱਕ ਵਾਰ ਫਿਰ ਜ਼ੋਰ ਨਾਲ ਦੁਹਰਾਉਂਦੀ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਤੋਂ ਪਹਿਲਾਂ ਖੇਤੀ ਬਿੱਲਾਂ ਨੂੰ ਵਾਪਸ ਕਰਾਉਣ ਲਈ ਜੱਦੋ ਜਹਿਦ ਕਰ ਰਹੀਆਂ ਕਿਸਾਨ ਜਥੇਬੰਦੀਆਂ, ਮਜ਼ਦੂਰ ਸੰਗਠਨਾਂ, ਆੜਤੀ, ਵਪਾਰੀਆਂ-ਕਾਰੋਬਾਰੀਆਂ ਅਤੇ ਟਰਾਂਸਪੋਰਟਰਾਂ ‘ਤੇ ਆਧਾਰਿਤ ਪ੍ਰਮੁੱਖ ਸੰਗਠਨਾਂ ਦੇ ਨੁਮਾਇੰਦਿਆਂ, ਪੰਜਾਬ ਦੀ ਕਿਸਾਨੀ ਅਤੇ ਆਰਥਿਕਤਾ ਨੂੰ ਸਮਝਣ ਵਾਲੇ ਨਾਮਵਰ ਖੇਤੀ ਮਾਹਿਰਾਂ ਅਤੇ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ‘ਤੇ ਆਧਾਰਿਤ ਸਰਬ ਪਾਰਟੀ ਬੈਠਕ ਬੁਲਾਈ ਜਾਵੇ, ਤਾਂਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਅਤੇ ਪੰਜਾਬ ਦੀ ਕਿਸਾਨੀ ਦੇ ਹਿਤਾਂ ‘ਚ ਲਏ ਜਾਣ ਵਾਲੇ ਫ਼ੈਸਲੇ ‘ਚ ਸਭ ਦੀ ਰਾਇ ਸ਼ਾਮਲ ਹੋਵੇ।
ਆਮ ਆਦਮੀ ਪਾਰਟੀ ਇਹ ਵੀ ਮੰਗ ਕਰਦੀ ਹੈ ਕਿ ਖੇਤੀ ਕਾਨੂੰਨਾਂ ‘ਤੇ ਵਿਸਥਾਰ ਨਾਲ ਚਰਚਾ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਘੱਟੋ-ਘੱਟ ਸੱਤ ਦਿਨ ਦਾ ਹੋਵੇ ਅਤੇ ਸਦਨ ਦੀ ਸਮੁੱਚੀ ਕਾਰਵਾਈ ਦਾ ਲਾਈਵ ਟੈਲੀਕਾਸਟ ਹੋਵੇ ਤਾਂ ਕਿ ਪੰਜਾਬ ਦੇ ਲੋਕ ਸਾਰੀਆਂ ਪਾਰਟੀ ਦਾ ਸਟੈਂਡ ਅੱਖੀਂ ਦੇਖ ਸਕਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.