ਕੈਪਟਨ ਸਰਕਾਰ ਨੇ ਯੋਜਨਾਬੱਧ ਤਰੀਕੇ ਨਾਲ ਪੰਜਾਬੀ ਯੂਨੀਵਰਸਿਟੀ ਤਬਾਹ ਕੀਤੀ : ਐਨ ਕੇ ਸ਼ਰਮਾ
ਪਟਿਆਲਾ, (ਸੱਚ ਕਹੂੰ ਨਿਊਜ) । ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਯੋਜਨਾਬੱਧ ਤਰੀਕੇ ਨਾਲ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਬਣਾਈ ਪੰਜਾਬੀ ਯੂਨੀਵਰਸਿਟੀ ਤਬਾਹ ਕੀਤੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਜੀ ਤੇ ਹਲਕਾ ਡੇਰਾਬਸੀ ਦੇ ਵਿਧਾਇਕ ਐਨ ਕੇ ਸ਼ਰਮਾ ਨੇ ਕੀਤਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਬਣਾਈ ਗਈ ਸੀ ਪਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਫੰਡ ਨਾ ਦਿੱਤੇ ਜਾਣ ਕਾਰਨ ਯੂਨੀਵਰਸਿਟੀ ਤਬਾਹ ਹੋਣ ਕਿਨਾਰੇ ਪੁੱਜ ਗਈ ਹੈ।
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਬਜਟ 260 ਕਰੋੜ ਰੁਪਏ ਹੈ ਤੇ ਸਰਕਾਰ ਇਸਨੂੰ ਸਿਰਫ 90 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਦੀ ਹੈ। ਉਨ੍ਹਾਂ ਦੱਸਿਆ ਕਿ ਹਾਲਾਤ ਇਹ ਹਨ ਕਿ ਮੁਲਾਜ਼ਮਾਂ ਨੂੰ ਤਿੰਨ-ਤਿੰਨ ਮਹੀਨੇ ਮਗਰੋਂ ਤਨਖਾਹਾਂ ਮਿਲ ਰਹੀਆਂ ਹਨ ਤੇ ਮੁਲਾਜ਼ਮਾਂ ਦਾ ਹਰ ਵਰਗ ਅੱਜ ਹੜਤਾਲ ’ਤੇ ਬੈਠਾ ਹੈ।
ਉਨ੍ਹਾਂ ਕਿਹਾ ਕਿ ਅੱਜ ਯੂਨੀਵਰਸਿਟੀ ਵਿਚ ਪੜ੍ਹਾਈ ਲਿਖਾਈ ਦਾ ਕੰਮ ਤਾਂ ਠੱਪ ਹੋਇਆ ਹੀ ਹੈ ਬਲਕਿ ਸਮੁੱਚੇ ਢਾਂਚੇ ਨੂੰ ਖੋਰਾ ਲੱਗ ਰਿਹਾ ਹੈ। ਨਾ ਤਾਂ ਲੋੜੀਂਦੀਆਂ ਲੈਬਾਰਟਰੀਆਂ ਸਹੀ ਤਰੀਕੇ ਨਾਲ ਕੰਮ ਕਰ ਰਹੀਆਂ ਹਨ ਤੇ ਨਾ ਹੀ ਲੋੜੀਂਦਾ ਸਮਾਨ ਕੰਮਾਂ ਵਾਸਤੇ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ ਸੂਬੇ ਵਿੱਚ ਸਿਰਫ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਪ੍ਰਫੁੱਲਤਾ ਚਾਹੁੰਦੀ ਹੈ, ਇਸੇ ਲਈ ਧੜਾਧੜ ਪ੍ਰਾਈਵੇਟ ਯੂਨੀਵਰਸਿਟੀਆਂ ਖੋਲ੍ਹਣ ਵਾਸਤੇ ਮਾਨਤਾ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪ ਵੀ ਕੁਝ ਸਰਕਾਰੀ ਯੂਨੀਵਰਸਿਟੀਆਂ ਸਥਾਪਿਤ ਕਰਨ ਵੱਲ ਕਦਮ ਚੁੱਕੇ ਹਨ ਜਦਕਿ ਪਹਿਲਾਂ ਵਾਲੀਆਂ ਯੂਨੀਵਰਸਿਟੀਆਂ ਪੈਸੇ ਪੈਸੇ ਨੂੰ ਤਰਸ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਲਈ ਤੁਰੰਤ ਗਰਾਂਟ ਜਾਰੀ ਕੀਤੀ ਜਾਵੇ ਤੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਿਆ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ