ਅਜੇ ਤੱਕ ਅਧਿਆਪਕਾਂ ਨਾਲ ਗੱਲਬਾਤ ਲਈ ਨਹੀਂ ਕੀਤੀ ਪਹਿਲ
ਅਧਿਆਪਕ ਮੋਰਚਾ ਵੱਲੋਂ 12 ਨਵੰਬਰ ਤੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਦਾ ਐਲਾਨ
18 ਨਵੰਬਰ ਨੂੰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਰ ਅੱਗੇ ਕੀਤੀਆਂ ਜਾਣਗੀਆਂ ਰੈਲੀਆਂ
ਖੁਸ਼ਵੀਰ ਸਿੰਘ ਤੂਰ, ਪਟਿਆਲਾ
ਤਨਖਾਹ ਕਟੌਤੀ ਮਾਮਲੇ ‘ਚ ਮੁੱਖ ਮੰਤਰੀ ਦੇ ਸ਼ਹਿਰ ‘ਚ ਡਟੇ ਸਾਂਝਾ ਅਧਿਆਪਕ ਮੋਰਚਾ ਦੇ ਸੰਘਰਸ਼ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ 35 ਦਿਨਾਂ ਤੋਂ ਟਿੱਚ ਜਾਣਿਆ ਜਾ ਰਿਹਾ ਹੈ। ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਚਰਚਾ ਕਰਨ ਲਈ ਅਜੇ ਤੱਕ ਸਿੱਧੇ ਤੌਰ ‘ਤੇ ਕੋਈ ਰਾਬਤਾ ਨਹੀਂ ਆਰੰਭਿਆ ਗਿਆ। ਇੱਧਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਭਾਵੇਂ ਸਿੱਧੇ ਮੱਥੇ ਆਢਾ ਵਿੱਢਿਆ ਹੋਇਆ ਹੈ ਪਰ ਫੇਰ ਵੀ ਕੈਪਟਨ ਸਰਕਾਰ ਆਪਣੇ ਫੈਸਲੇ ‘ਤੇ ਟੱਸ ਤੋਂ ਮੱਸ ਨਹੀਂ ਹੋ ਰਹੀ। ਹੁਣ ਅਧਿਆਪਕਾਂ ਵੱਲੋਂ 12 ਨਵੰਬਰ ਤੋਂ ਕਾਂਗਰਸ ਦੇ ਸਮੂਹ ਵਿਧਾਇਕਾਂ ਦੇ ਘਰ ਅੱਗੇ ਧਰਨੇ ਦੇਣ ਦਾ ਫੈਸਲਾ ਲਿਆ ਗਿਆ ਹੈ ਜਦਕਿ 18 ਨਵੰਬਰ ਨੂੰ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਰ ਅੱਗੇ ਇੱਕੋ ਦਿਨ ਰੈਲੀਆਂ ਕੀਤੀਆਂ ਜਾਣਗੀਆਂ।
ਜਾਣਕਾਰੀ ਅਨੁਸਾਰ ਅਧਿਆਪਕਾਂ ਵੱਲੋਂ ਆਪਣੀ ਤਨਖਾਹ ਕਟੌਤੀ ਦੇ ਮਾਮਲੇ ‘ਚ ਪਟਿਆਲਾ ਅੰਦਰ ਦੋ ਵੱਡੀਆਂ ਰੈਲੀਆਂ, ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ, ਦੁਸਹਿਰੇ ਮੌਕੇ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੇ ਰਾਵਣ ਰੂਪੀ ਪੁਤਲੇ ਫੂਕਣੇ, ਪਟਿਆਲਾ ਵਿਖੇ ਮਰਨ ਵਰਤ ਸਮੇਤ ਭੁੱਖ ਹੜਤਾਲ, ਰੋਸ ਮਾਰਚ ਆਦਿ ਕਈ ਤਰ੍ਹਾਂ ਦੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ, ਪਰ ਉਸ ਤੋਂ ਬਾਅਦ ਵੀ ਕੈਪਟਨ ਸਰਕਾਰ ਅਧਿਆਪਕਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੋ ਰਹੀ ਹੈ।
ਉਂਜ ਪ੍ਰਿੰਸਪੀਲ ਸੈਕਟਰੀ ਨਾਲ ਅਧਿਆਪਕਾਂ ਦੀ ਮੀਟਿੰਗ ਹੋ ਚੁੱਕੀ ਹੈ ਅਤੇ ਇਸ ਮੀਟਿੰਗ ਦੌਰਾਨ 5 ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਐਨ ਮੌਕੇ ਆਕੇ ਰੱਦ ਕਰ ਦਿੱਤੀ ਗਈ। ਇਸ ਤੋਂ ਬਾਅਦ ਅਜੇ ਤੱਕ ਅਧਿਆਪਕਾਂ ਨਾਲ ਸਰਕਾਰ ਵੱਲੋਂ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ, ਜਿਸ ਤੋਂ ਸਾਬਤ ਹੋ ਰਿਹਾ ਹੈ ਕਿ ਸਰਕਾਰ ਸਾਂਝਾ ਅਧਿਆਪਕ ਮੋਰਚਾ ਦੇ ਮੁੱਦੇ ਸੁਲਝਾਉਣ ਦੇ ਪੱਖ ਵਿੱਚ ਨਹੀਂ ਹੈ। ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਸੰਘਰਸ਼ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਲਟਕਾਉਣ ਦੇ ਰੋਅ ਵਿੱਚ ਹੈ। ਕਿਉਂਕਿ ਅਗਲੇ ਦਿਨਾਂ ਵਿੱਚ ਪੰਚਾਇਤੀ ਚੋਣਾਂ ਆ ਰਹੀਆਂ ਹਨ ਤੇ ਚੋਣ ਜਾਬਤਾ ਲੱਗਣ ਕਰਕੇ ਅਧਿਆਪਕਾਂ ਦਾ ਮੁੱਦਾ ਹੋਰ ਅੱਗੇ ਲਟਕ ਜਾਵੇਗਾ। ਇੱਧਰ ਅਧਿਆਪਕਾਂ ਵੱਲੋਂ ਸਰਕਾਰ ‘ਤੇ ਦਬਾਅ ਪਾਉਣ ਲਈ ਅੱਜ ਦੁਪਹਿਰ ਨੂੰ ਮੀਟਿੰਗ ਕੀਤੀ ਗਈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ 11 ਨਵੰਬਰ ਨੂੰ ਪੰਜਾਬ ਅੰਦਰ ਸਾਂਝੇ ਮੋਰਚੇ ਦੀਆਂ ਜ਼ਿਲ੍ਹਾ ਇਕਾਈਆਂ ਤੇ ਭਰਾਤਰੀ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।
12, 13 ਤੇ 14 ਨਵੰਬਰ ਨੂੰ ਪੰਜਾਬ ਕਾਂਗਰਸ ਦੇ ਸਮੂਹ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ। ਜਦਕਿ 18 ਨਵੰਬਰ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਮੰਤਰੀ ਓ ਪੀ ਸੋਨੀ ਦੀਆਂ ਰਿਹਾਇਸ਼ਾਂ ਦੇ ਬਾਹਰ ਇੱਕੋ ਦਿਨ ਦੋ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ। ਅਧਿਆਪਕ ਆਗੂਆਂ ਦਵਿੰਦਰ ਸਿੰਘ ਪੂਨੀਆ, ਵਿਕਰਮ ਦੇਵ ਸਿੰਘ, ਹਰਦੀਪ ਟੋਡਰਪੁਰ ਆਦਿ ਨੇ ਕਿਹਾ ਕਿ ਉਹ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਾਮਲਾ ਲਟਕਾਇਆ ਤਾਂ ਉਹ ਪੰਚਾਇਤੀ ਚੋਣਾਂ ਅੰਦਰ ਪਿੰਡ-ਪਿੰਡ ਜਾ ਕੇ ਸਰਕਾਰ ਦਾ ਵਿਰੋਧ ਕਰਨਗੇ ਤੇ ਇਨ੍ਹਾਂ ਦੀ ਪੋਲ ਖੋਲ੍ਹਣਗੇ।
ਕ੍ਰਿਸ਼ਨ ਕੁਮਾਰ ਦੇ ਸਰਕਾਰੀ ਘਰ ਅੱਗੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ
ਅੱਜ ਸਾਂਝਾ ਅਧਿਆਪਕ ਮੋਰਚਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪਟਿਆਲਾ ਵਿਖੇ ਸਰਕਾਰੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਸਿੱÎਖਿਆ ਸਕੱਤਰ ਤੇ ਸਿੱਖਿਆ ਮੰਤਰੀ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਅਧਿਆਪਕਾਂ ਦੇ ਰੋਸ ਮਾਰਚ ਨੂੰ ਦੇਖਦਿਆਂ ਪੁਲਿਸ ਵੱਲੋਂ ਸਰੁੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ। ਅਧਿਆਪਕਾਂ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਵੱਲੋਂ ਜਾਣਬੁੱਝ ਕੇ ਅਧਿਆਪਕਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕਾਂ ਨੂੰ ਹਾਸਲ ਕਰਕੇ ਹੀ ਦਮ ਲੈਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।