ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੀਤੀ ਮੰਗ
ਚੰਡੀਗੜ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ ਪਾਕਿਸਤਾਨ ਅਤੇ ਇਸ ਦੀਆਂ ਖੁਫੀਆ ਏਜੰਸੀਆਂ ਨੂੰ ਕਲੀਨ ਚਿਟ ਦੇਣ ਲਈ ਅੱਜ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕਰਨ ਅਤੇ ਉਸ ਨੂੰ ਸੂਬੇ ਦੀ ਕੈਬਨਿਟ ਵਿੱਚੋਂ ਕੱਢੇ ਜਾਣ ਦੀ ਮੰਗ ਕੀਤੀ ਹੈ।
ਇੱਥੇ ਵਿਧਾਨ ਸਭਾ ਦੇ ਗਲਿਆਰੇ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਇਹ ਬਿਆਨ ਦੇ ਕੇ ਕਿ ਅੱਤਵਾਦੀ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਇੱਕ ਰਾਸ਼ਟਰ-ਵਿਰੋਧੀ ਹਰਕਤ ਕੀਤੀ ਹੈ, ਜਦਕਿ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਅੱਤਵਾਦੀ ਗਰੁੱਪ ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨ ਸਰਕਾਰ ਦੀ ਸਿੱਧੀ ਹਮਾਇਤ ਹਾਸਿਲ ਹੈ।
ਉਨਾਂ ਕਿਹਾ ਕਿ ਸਿੱਧੂ ਖ਼ਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕਰਨਾ ਚਾਹੀਦਾ ਹੈ ਅਤੇ ਇਹ ਕਾਰਵਾਈ ਤੁਰੰਤ ਕਰਨੀ ਚਾਹੀਦੀ ਹੈ। ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਕਿਹਾ ਕਿ ਉਹ ਨਵਜੋਤ ਸਿੱਧੂ ਦੀ ਪੰਜਾਬ ਦੀ ਕੈਬਨਿਟ ਵਿੱਚੋਂ ਤੁਰੰਤ ਛੁੱਟੀ ਕਰਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।