ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਅਮਰਿੰਦਰ ਸਿੰਘ ਨਾਲ ਫੋਨ ‘ਤੇ ਗੱਲਬਾਤ
ਚੰਡੀਗੜ੍ਹ, ਅਸ਼ਵਨੀ ਚਾਵਲਾ
ਪੰਜਾਬ ਦੇ ਮਾਝੇ ਇਲਾਕੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਪੰਜਾਬ ਸਰਕਾਰ ਨੂੰ ਦੇਣ ਲਈ ਭਰੋਸਾ ਦੇ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਫੋਨ ‘ਤੇ ਗੱਲਬਾਤ ਕਰਦੇ ਹੋਏ ਇਹ ਭਰੋਸਾ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਅੱਜ ਸ਼ਾਮ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ ‘ਤੇ ਗੱਲਬਾਤ ਕਰਕੇ ਸੂਬਾ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਅਤੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦੇਣ ਦਾ ਵਿਸ਼ਵਾਸ ਦਿਵਾਇਆ। ਪ੍ਰਧਾਨ ਮੰਤਰੀ ਨੂੰ ਸਥਿਤੀ ਬਾਰੇ ਜਾਣੂੰ ਕਰਵਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਜਿੱਥੇ ਬਿਆਸ ਦਰਿਆ ਨਾਲ ਲਗਦੇ ਇਲਾਕਿਆਂ ਵਿੱਚ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਰਦੌਰੀ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ ਅਤੇ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਸ੍ਰੀ ਮੋਦੀ ਵੱਲੋਂ ਦਿੱਤੇ ਭਰੋਸੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਨੇ ਕਿਹਾ ਕਿ ਗਰਦੌਰੀ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਹ ਸਥਿਤੀ ਬਾਰੇ ਜਾਣੂੰ ਕਰਵਾਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।