ਹਫ਼ਤੇ ‘ਚ ਬਣ ਜਾਣਗੇ ਵਿਧਾਇਕ ਚੇਅਰਮੈਨ, ਜਾਤੀ ਅਧਾਰਿਤ ਹੋਵੇਗੀ ਵੰਡ

Chairman, Formed, Week, Based, Distributed

ਰਾਹੁਲ ਨਾਲ ਅਮਰਿੰਦਰ ਦੀ 40 ਮਿੰਟ ਲੰਬੀ ਚੱਲੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਈ ਗੱਲਬਾਤ

ਚੰਡੀਗੜ੍ਹ। ਮੰਤਰੀ ਬਣਨੋਂ ਰਹਿ ਗਏ ਪੰਜਾਬ ਦੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਝੰਡੀਆਂ ਅਗਲੇ ਇੱਕ ਹਫ਼ਤੇ ਦੌਰਾਨ ਹੀ ਲੱਗ ਜਾਣਗੀਆਂ, ਕਿਉਂਕਿ ਰਾਹੁਲ ਗਾਂਧੀ ਨੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹਾਮੀ ਭਰ ਦਿੱਤੀ ਹੈ ਅਤੇ ਇਸ ਸਬੰਧੀ ਵਿਧਾਇਕਾਂ ਦੀ ਸੂਚੀ ਵੀ ਮੰਗ ਲਈ ਹੈ ਕਿ ਉਹ ਕਿਹੜੇ-ਕਿਹੜੇ ਵਿਧਾਇਕ ਨੂੰ ਕਿੱਥੇ ਚੇਅਰਮੈਨ ਲਾਉਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਹਾਈ ਕਮਾਂਡ ਆਪਣਾ ਫੈਸਲਾ ਲਵੇਗੀ।
ਪੰਜਾਬ ਦੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਦੀ ਵੰਡ ਵੀ ਜਾਤੀ ਅਧਾਰਿਤ ਹੋਵੇਗੀ ਤਾਂ ਕਿ ਹਰ ਜਾਤੀ ਜਾਂ ਫਿਰ ਧਰਮ ਨਾਲ ਸਬੰਧਿਤ ਵਿਧਾਇਕ ਨੂੰ ਚੇਅਰਮੈਨੀ ਦੀ ਵੰਡ ਵਿੱਚ ਥਾਂ ਮਿਲ ਸਕੇ। ਰਾਹੁਲ ਗਾਂਧੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਵੀ ਜਾਤ ਜਾਂ ਫਿਰ ਧਰਮ ਦੇ ਨੁਮਾਇੰਦੇ ਨੂੰ ਨਰਾਜ਼ ਨਹੀਂ ਕਰਨਾ ਚਾਹੁੰਦੇ ਹਨ।
ਇਹ ਫੈਸਲਾ ਦਿੱਲੀ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।  ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਅਮਰਿੰਦਰ ਸਿੰਘ ਦੀ ਲਗਭਗ 40 ਮਿੰਟ ਮੁਲਾਕਾਤ ਹੋਈ ਹੈ, ਜਿਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲੇ ਦੀ ਇੰਚਾਰਜ ਆਸ਼ਾ ਕੁਮਾਰ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਅਮਰਿੰਦਰ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ  ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰਾਂ ਬੇਜਾਨ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਉਨਾਂ ਆਖਿਆ ਕਿ ਕੌਮੀ ਹਲਾਤਾਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟ  ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵੱਲੋਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।
ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ।
ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ।
ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿਚ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਉਹਨਾਂ ਨੇ ਆਗਿਆ ਦਿੱਤੀ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।