ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇਗਾ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ

ਚੰਡੀਗੜ੍ਹ। ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇਗਾ। ਇਹ ਮੰਗ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਤਕਰਾਰ ਹੋ ਗਈ ਹੈ।

ਹਰਿਆਣਾ ਮੰਗਲਸੇਨ ਦਾ ਨਾਂਅ ਲੈਣਾ ਚਾਹੁੰਦਾ ਸੀ

ਹਰਿਆਣਾ ਸਰਕਾਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਮੰਗਲਸੇਨ ਦੇ ਨਾਂਅ ’ਤੇ ਰੱਖਣਾ ਚਾਹੁੰਦੀ ਸੀ। ਸਾਲ 2007 ਵਿੱਚ ਭਗਤ ਸਿੰਘ ਦੇ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਦਾ ਐਲਾਨ ਕੀਤਾ ਗਿਆ ਸੀ।

ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ

ਏਅਰਪੋਰਟ ਦੇ ਨਾਂਅ ’ਤੇ ਪੰਜਾਬ-ਹਰਿਆਣਾ ਵਿਚਾਲੇ ਵਿਵਾਦ ਵਧਣ ਤੋਂ ਬਾਅਦ ਮਾਮਲਾ ਹਾਈਕੋਰਟ ਪਹੁੰਚ ਗਿਆ। ਹਾਈਕੋਰਟ ਨੇ ਦੋਵਾਂ ਸੂਬਿਆਂ ਨੂੰ ਇਕੱਠੇ ਬੈਠ ਕੇ ਮਾਮਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਅਗਸਤ ਵਿੱਚ ਪੰਜਾਬ ਹਰਿਆਣਾ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਲਈ ਸਹਿਮਤੀ ਦਿੱਤੀ। ਇਸ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਕਾਰ ਸਮਝੌਤਾ ਹੋਇਆ ਹੈ।

‘ਆਪ’ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ

ਪੰਜਾਬ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਪੰਜਾਬ ਦਾ ਮਾਣ ਹਨ। ਸੂਬਾ ਸਰਕਾਰ ਵੀ ਸ਼ਹੀਦ ਨੂੰ ਪ੍ਰੇਰਨਾ ਸਰੋਤ ਬਣਾ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ