ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ : ਮੋਰਚਾ ਆਗੂ
(ਸੱਚ ਕਹੂੰ ਨਿਊਜ਼) ਮੋਰਿੰਡਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੋਰਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਪਵਿੱਤਰ ਮੌਕੇ ’ਤੇ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪਿੰਡ ਖੰਟਮਾਨਪੁਰ ਦੇ ਨਜਦੀਕ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜੋ ਦੇਰ ਸ਼ਾਮ 5 ਵਜੇ ਤੱਕ ਜਾਮ ਜਾਰੀ ਰਿਹਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮ ਆਪਣੇ ਪਰਿਵਾਰਾਂ ਸਮੇਤ ਹਜਾਰਾਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਸ੍ਰੀ ਗੁਰਦੁਆਰਾ ਸਾਹਿਬ ਮਾਨੂੰਪੁਰ ਕੋਲ ਪਹੁੰਚ ਕੇ ਨਤਮਸਤਕ ਹੋਏ ਅਤੇ ਇਸਦੇ ਬਾਅਦ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਜਬਰ ਜੁਲਮ ਦੇ ਖਿਲਾਫ ਸੰਘਰਸ਼ ਨੂੰ ਵੱਖ-ਵੱਖ ਵਿਭਾਗਾਂ ਦੇ ਹਰ ਕੈਟਾਗਰੀਆਂ ਤਹਿਤ ਕੰਮ ਕਰਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਦੀ ਜਿੱਤ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਚੱਕਾ ਜਾਮ ਪ੍ਰਦਰਸ਼ਨ ਦੀ ਸਟੇਜ ’ਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾਂ, ਸੇਰ ਸਿੰਘ ਖੰਨਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂ, ਮਹਿੰਦਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੇ ਕਿਸਾਨੀ ਅੰਦੋਲਨ ਦੀ ਇਤਿਹਾਸਿਕ ਜਿੱਤ ਹੋਣ ’ਤੇ ਪਿਛਲੇ ਇੱਕ ਸਾਲ ਤੋਂ ਵੱਧ ਸੰਘਰਸ਼ ਦੇ ਮੈਦਾਨ ਵਿੱਚ ਸਾਮਲ ਕਿਸਾਨਾਂ ਤੇ ਸਮੂਹ ਕਿਰਤੀ ਲੋਕਾਂ ਨੂੰ ਵਧਾਈ ਦਿੱਤੀ।
ਉਹਨਾਂ ਅੱਗੇ ਕਿਹਾ ਕਿ ਕਿਸਾਨੀ ਅੰਦੋਲਨ ਦੀ ਜਿੱਤ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਬੈਨਰ ਹੇਠ ਆਪਣੇ ਪੱਕੇ ਰੁਜਗਾਰ ਦੀ ਮੰਗ ਲਈ ਸੜਕਾਂ ’ਤੇ ਰੁਲ ਰਹੇ ਠੇਕਾ ਮੁਲਾਜਮਾਂ ਨੂੰ ਭਵਿੱਖ ਵਿੱਚ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਣ ਦਾ ਹੌਂਸਲਾ ਮਿਲਿਆ ਹੈ। ਉਹਨਾਂ ਦਾਅਵਾ ਕੀਤਾ ਕਿ ਠੇਕਾ ਮੁਲਾਜਮਾਂ ਦਾ ਸੰਘਰਸ਼ ਵੀ ਯਕੀਨੀ ਜਿੱਤ ਪ੍ਰਾਪਤ ਕਰੇਗਾ ਤੇ ਕਾਂਗਰਸ ਸਰਕਾਰ ਨੂੰ ਆਪਣੀ ਰੈਗੂਲਰ ਹੋਣ ਦੀ ਮੰਗ ਪੂਰੀ ਕਰਨ ਲਈ ਮਜਬੂਰ ਕੀਤਾ ਜਾਵੇਗਾ।
ਇਸ ਮੌਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੇ ਅਗਲੇ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ, ਮੁੱਖ ਮੰਤਰੀ, ਮੰਤਰੀ, ਐਮ ਪੀ, ਐਮ ਐਲ ਏ ਦੇ ਭਵਿੱਖ ਵਿੱਚ, ਜਿਸ ਵੀ ਸ਼ਹਿਰ ਜਾਂ ਪਿੰਡਾਂ ਵਿੱਚ ਆਉਣ ’ਤੇ ਕਾਲੇ ਝੰਡਿਆਂ ਦੇ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਇਸ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਜਨਤਾ ਦੀ ਕਚਹਿਰੀ ਵਿੱਚ ਪੰਜਾਬ ਸਰਕਾਰ ਨੂੰ ਸਵਾਲ ਕੀਤੇ ਜਾਣਗੇ। ਇਸਦੇ ਨਾਲ ਹੀ ਇਹ ਵੀ ਮੋਰਚੇ ਵਲੋਂ ਐਲਾਨ ਕੀਤਾ ਗਿਆ ਹੈ ਕਿ 23 ਨਵੰਬਰ ਨੂੰ ਪੰਜਾਬ ਅੰਦਰ ਤਿੰਨ ਥਾਵਾਂ ਤੇ ਨੈਸਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਸਮੂਹ ਵਿਭਾਗਾਂ ਵਿਚ ਕੰਮ ਕਰਦੇ ਹਰ ਕੈਟਾਗਰੀਆਂ ਤਹਿਤ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਵਾਨ ਨਹੀਂ ਕੀਤੀ ਤਾਂ 27 ਨਵੰਬਰ ਨੂੰ ਅਗਲੇ ਤਿੱਖੇ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।