ਚੰਡੀਗੜ੍ਹ ਸਿਰਫ ਪੰਜਾਬ ਨਾਲ ਸਬੰਧਤ, ਹਰਿਆਣਾ ਨੂੰ ਨਵੀਂ ਰਾਜਧਾਨੀ ਮਿਲੇ

Chandigarh, Meets, Punjab, Haryana, Gets, Capital

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਰਿਆਣਾ ਦੇ ਆਪਣੇ ਹਮਰੁਤਬਾ ਵੱਲੋਂ ਚੰਡੀਗੜ੍ਹ ਅਤੇ ਨਾਲ ਲਗਦੇ ਸ਼ਹਿਰਾਂ ਪੰਚਕੂਲਾ ਤੇ ਮੋਹਾਲੀ ਲਈ ਟ੍ਰਾਈਸਿਟੀ ਯੋਜਨਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਚੰਡੀਗੜ੍ਹ ਯਕੀਨੀ ਤੌਰ ‘ਤੇ ਪੰਜਾਬ ਦਾ ਹਿੱਸਾ ਹੈ। ਇਸ ਮੁੱਦੇ ‘ਤੇ ਮੁੱਖ ਮੰਤਰੀ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਸ੍ਰੀ ਖੱਟਰ ਦੇ ਪ੍ਰਸਤਾਵ ਨਾਲ ਸਹਿਮਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। (Chandigarh)

ਇਸ ਮਾਮਲੇ ‘ਤੇ ਪੰਜਾਬ ਦੇ ਰਾਜਪਾਲ ਵੀ.ਪੀ.ਐਸ. ਬਦਨੌਰ ਨੇ ਵੀ ਇਹ ਕਹਿੰਦਿਆਂ ਹਮਾਇਤ ਕੀਤੀ ਕਿ ਤਿੰਨਾਂ ਸ਼ਹਿਰਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ‘ਤੇ ਪਹਿਲਾਂ ਹੀ ਤਾਲਮੇਲ ਹੁੰਦਾ ਰਹਿੰਦਾ ਹੈ। ਮੁੱਖ ਮੰਤਰੀ ਨੇ ਇੱਥੇ ਇਕ ਸਮਾਗਮ ਵਿੱਚ ਸਵਾਲਾਂ ਦੇ ਜਵਾਬ ਦਿੰਦਿਆਂ ਇਹ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਬਦਨੌਰ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟਰ, ਇੰਸਟੀਚਿਊਟ ਫਾਰ ਡਿਵੈਲਮੈਂਟ ਐਂਡ ਕਮਿਊਨੀਕੇਸ਼ਨ ਦੇ ਚੇਅਰਮੈਨ ਪ੍ਰਮੋਦ ਕੁਮਾਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੰਚ ਸਾਂਝਾ ਕੀਤਾ। ਰਾਜਪਾਲ ਨੇ ਇਹ ਨੁਕਤਾ ਉਭਾਰਿਆ ਕਿ ਇਹ ਖਿੱਤਾ ਚੁਫੇਰਿਓਂ ਜ਼ਮੀਨ ਨਾਲ ਘਿਰਿਆ ਹੋਣ ਕਰਕੇ ਚੰਡੀਗੜ ਦਾ ਵਿਸਤਾਰ ਹੋਣ ਦੀ ਕੋਈ ਗੁਜਾਇਸ਼ ਨਹੀਂ ਹੈ।

ਟ੍ਰਾਈਸਿਟੀ ਪਲਾਨਿੰਗ ਬੋਰਡ ਸਥਾਪਤ ਕਰਨ ਬਾਰੇ ਖੱਟਰ ਦਾ ਸੁਝਾਅ ਮੁੱਖ ਮੰਤਰੀ ਵੱਲੋਂ ਰੱਦ | Chandigarh

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ, ਰਾਜਧਾਨੀ ਤੋਂ ਬਿਨਾਂ ਇਕੱਲਾ ਸੂਬਾ ਹੋਣ ਕਰਕੇ ਇਸ ਦਾ ਚੰਡੀਗੜ ‘ਤੇ ਇਤਿਹਾਸਕ ਅਧਿਕਾਰ ਹੈ। ਉਨਾਂ ਕਿਹਾ ਕਿ ਪਿਛਲੇ ਸਮੇਂ ‘ਚ ਵੱਖ-ਵੱਖ ਸਮੇਂ ਹੋਏ ਇਕਰਾਰਨਾਮਿਆਂ ਵਿੱਚ ਚੰਡੀਗੜ, ਪੰਜਾਬ ਨੂੰ ਦਿੱਤਾ ਗਿਆ ਪਰ ਬਦਕਿਸਮਤੀ ਨਾਲ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਬਦਨੌਰ ਨੇ ਸਮੁੱਚੀ ਟ੍ਰਾਈਸਿਟੀ ਨੂੰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਵਜੋਂ ਨੈਸ਼ਨਲ ਕੈਪੀਟਲ ਰੀਜ਼ਨ (ਐਨ.ਸੀ.ਆਰ.) ਵਾਂਗ ਗਰੇਟਰ ਚੰਡੀਗੜ ਮੈਟਰੋਪੋਲੀਟਨ ਰੀਜ਼ਨ ਬਣਾਉਣ ਦੇ ਸੁਝਾਅ ਨੂੰ ਵੀ ਰੱਦ ਕਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮ ਵਿੱਚ ਇਕ ਦਰਸ਼ਕ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਰੱਖੇ ਸੁਝਾਅ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਨਾਂ ਨੇ ਯੂਨੀਵਰਸਿਟੀ ਨੂੰ ਚਲਾਉਣ ਲਈ ਸ੍ਰੀ ਖੱਟਰ ਵੱਲੋਂ ਯੋਗਦਾਨ ਪਾਉਣ ਦੀ ਕੀਤੀ ਪੇਸ਼ਕਸ਼ ਵੀ ਠੁਕਰਾ ਦਿੱਤੀ। ਉਨਾਂ ਤਾਹਨਾ ਮਾਰਦਿਆਂ ਕਿਹਾ,”ਪੰਜਾਬ ਦੇ ਹਿੱਸੇ ਕੀ ਰਹਿ ਜਾਵੇਗਾ।”