ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਅਧਿਕਾਰੀਆਂ ਨੇ ਚੰਨੀ ਤੋਂ ਕਈ ਘੰਟੇ ਪੁੱਛਗਿੱਛ ਕੀਤੀ। ਚੰਨੀ ਨੇ ਇਸ ਮਾਮਲੇ ਵਿੱਚ ਆਪਣੇ ਖ਼ਿਲਾਫ਼ ਚੱਲ ਰਹੀ ਜਾਂਚ ਨੂੰ ਪੂਰੀ ਤਰ੍ਹਾਂ ਸਿਆਸੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ‘ਤੇ ‘ਬਦਲੇ ਦੀ ਰਾਜਨੀਤੀ’ ਕਰਨ ਦਾ ਦੋਸ਼ ਵੀ ਲਾਇਆ।
ਕਾਂਗਰਸੀ ਆਗੂ ਚੰਨੀ ਸਵੇਰੇ 11.10 ਵਜੇ ਬਿਊਰੋ ਦੇ ਮੁਹਾਲੀ ਦਫ਼ਤਰ ਵਿੱਚ ਦਾਖ਼ਲ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨਿਰਧਾਰਤ ਮਿਤੀ ਤੋਂ ਪਹਿਲਾਂ ਪੇਸ਼ ਹੋਣ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਬਦਲੇ ਦੀ ਰਾਜਨੀਤੀ’ ਕਰ ਰਹੀ ਹੈ। ਵਿਜੀਲੈਂਸ ਬਿਊਰੋ ਨੇ ਪਹਿਲਾਂ ਚੰਨੀ ਨੂੰ 12 ਅਪਰੈਲ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਵੱਲੋਂ ਕਿਸੇ ਹੋਰ ਤਰੀਕ ’ਤੇ ਬੁਲਾਏ ਜਾਣ ਦੀ ਬੇਨਤੀ ਕੀਤੀ ਗਈ ਸੀ, ਜਿਸ ਨੂੰ ਬਿਊਰੋ ਨੇ ਪ੍ਰਵਾਨ ਕਰਦਿਆਂ 20 ਅਪਰੈਲ ਨੂੰ ਆਪਣੇ ਮੁਹਾਲੀ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਸੀ। ਬਾਅਦ ਵਿਚ ਬਿਊਰੋ ਨੇ ਉਸ ਨੂੰ 14 ਅਪ੍ਰੈਲ ਨੂੰ ਬੁਲਾਉਣ ਦਾ ਫੈਸਲਾ ਕੀਤਾ।
ਗ੍ਰਿਫਤਾਰੀ ਤੋਂ ਨਹੀਂ ਡਰਦਾ
ਵਿਜੀਲੈਂਸ ਬਿਊਰੋ ਚੰਨੀ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਦੇ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਬਿਊਰੋ ਦੇ ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾ ਸਕਦਾ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਜਾਂ ਇੱਥੋਂ ਤੱਕ ਕਿ ਮਾਰਿਆ ਵੀ ਜਾ ਸਕਦਾ ਹੈ, ਪਰ ਉਹ ਇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਨੂੰ ਖਾਰਜ ਕੀਤਾ ਅਤੇ ਕਿਹਾ, “ਜਾਂਚ ਪੂਰੀ ਤਰ੍ਹਾਂ ਸਿਆਸੀ ਹੈ। ਉਨ੍ਹਾਂ ਕਿਹਾ ਕਿ ਉਹ ਇਕੱਲੇ ਹੀ ਵਿਜੀਲੈਂਸ ਬਿਊਰੋ ਦੇ ਦਫਤਰ ਜਾਣਗੇ ਅਤੇ ਗ੍ਰਿਫਤਾਰੀ ਤੋਂ ਡਰਨ ਵਾਲੇ ਨਹੀਂ ਹਨ।
ਚੰਨੀ ਨੇ ਆਪਣੇ ਸੰਮਨ ਦੀ ਮਿਤੀ ਨੂੰ ਮੁਲਤਵੀ ਕਰਨ ਲਈ ‘ਆਪ’ ਸਰਕਾਰ ਦੀ ਵੀ ਆਲੋਚਨਾ ਕੀਤੀ ਅਤੇ ਇਸ ‘ਤੇ “ਬਦਲੇ ਦੀ ਰਾਜਨੀਤੀ” ਕਰਨ ਦਾ ਦੋਸ਼ ਲਗਾਇਆ। ਚੰਨੀ ਨੇ ਕਿਹਾ, “ਉਨ੍ਹਾਂ ਨੇ ਮੈਨੂੰ ਸਰਕਾਰੀ ਛੁੱਟੀ ਵਾਲੇ ਦਿਨ ਬੁਲਾਇਆ, ਜਿਸ ਦਿਨ ਦਫਤਰ ਬੰਦ ਹੁੰਦੇ ਹਨ ਅਤੇ ਮੈਨੂੰ ਤੰਗ ਕਰਨ ਲਈ, ਦਫਤਰ ਵਿਸ਼ੇਸ਼ ਤੌਰ ‘ਤੇ ਖੋਲ੍ਹੇ ਗਏ ਸਨ ਅਤੇ ਉਨ੍ਹਾਂ ਨੇ ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਦਾ ਦਿਨ ਚੁਣਿਆ ਹੈ। ਫਿਲਹਾਲ ਚੰਨੀ ਦੇ ਖਿਲਾਫ ਆਮਦਨ ਤੋਂ ਬਾਅਦ ਸਰੋਤਾਂ ਦੇ ਮਾਮਲੇ ਦੀ ਜਾਂਚ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ