ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

Old Pension Scheme in Punjab

ਕਿਹਾ, ਲੋਕਾਂ ਨੇ ਅਕਾਲੀਆਂ ਤੇ ਕਾਂਗਰਸੀਆਂ ਦੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਦਾ ਸਾਥ ਛੱਡਿਆ

  • ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਕਰਵਾਈ ਸਿਆਸੀ ਕਾਨਫਰੰਸ

(ਰਾਜਨ ਮਾਨ) ਬਾਬਾ ਬਕਾਲਾ (ਅੰਮ੍ਰਿਤਸਰ)। ਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ (Anganwadi Workers) ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾਣਗੀਆਂ। ਇੱਥੇ ਰੱਖੜ ਪੁੰਨਿਆ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ 45 ਦਿਨਾਂ ਵਿੱਚ ਮੁਕੰਮਲ ਕਰਨ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ, ਜਿਸ ਲਈ ਕਾਰਜਪ੍ਰਣਾਲੀ ਘੜੀ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਵਿੱਚ ਹਾਲ ਹੀ ਵਿੱਚ 4300 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਗਲੇ ਦਿਨਾਂ ਵਿੱਚ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਆਖਿਆ ਕਿ ਸੂਬਾ ਸਰਕਾਰ  ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। (Anganwadi Workers)

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ’ਤੇ ਵਿੰਨ੍ਹਿਆਂ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕ ਉਨ੍ਹਾਂ ਤੋਂ ਖ਼ਫ਼ਾ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਰੱਦ ਕੀਤੇ ਇਨ੍ਹਾਂ ਆਗੂਆਂ ਨੂੰ ਹੁਣ ਲੋਕਾਂ ਵਿੱਚ ਜਾਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਹੁਣ ਇੱਥੇ ਕਾਨਫਰੰਸਾਂ ਵੀ ਨਹੀਂ ਕਰਨੀਆਂ ਚਾਹੀਦੀਆਂ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਆਪਣੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਦੇ ਅੰਦਰ ਰਹੇ ਅਤੇ ਕਦੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਇਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵਿੱਚ ਧੱਕ ਦਿੱਤਾ ਹੈ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਜੇਲ੍ਹਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਦੇ ਮਾੜੇ ਕੰਮ ਇਨ੍ਹਾਂ ਨੂੰ ਕਿਸੇ ਵੇਲੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਸਕਦੇ ਹਨ, ਇਸ ਲਈ ਇਹ ਆਗੂ ਹੁਣ ਸਰਕਾਰ ਨੂੰ ਜੇਲ੍ਹਾਂ ਦੀ ਭਲਾਈ ਵੱਲ ਧਿਆਨ ਦੇਣ ਲਈ ਅਪੀਲਾਂ ਕਰ ਰਹੇ ਹਨ।

16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ

ਸੂਬੇ ਦੇ ਬਹੁਮੁੱਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਤੇ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਵਿਧਾਇਕ ਸਰਵਨ ਸਿੰਘ ਧੁੰਨ, ਸ਼ੈਰੀ ਕਲਸੀ, ਡਾ. ਅਜੈ ਗੁਪਤਾ, ਜਸਬੀਰ ਸਿੰਘ ਸੰਧੂ, ਜਸਵਿੰਦਰ ਸਿੰਘ ਰਾਮਦਾਸ, ਅਮਰਪਾਲ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ ਤੇ ਹੋਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ