ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਵਨ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਜਾਂਦੇ ਅਜਿਹੇ ਸਮਾਗਮਾਂ ਦਾ ਗਵਾਹ ਹੈ ਜਿਨ੍ਹਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ 26478 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਭਗਵੰਤ ਮਾਨ ਨੇ ਕਿਹਾ ਕਿ ਮਹਿਜ਼ 11 ਮਹੀਨਿਆਂ ਵਿੱਚ ਏਨੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਪੰਜਾਬੀਆਂ ਨੂੰ ਵਧਾਈ ਦਿੱਤੀ
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ’ਤੇ ਫਖ਼ਰ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਅਧਾਰ ’ਤੇ ਚੁਣਿਆ ਜਾਣ ਲਗਿਆ ਹੈ। ਕੌਮਂਤਰੀ ਮਾਂ-ਬੋਲੀ ਦਿਵਸ ’ਤੇ ਪੰਜਾਬੀਆਂ ਨੂੰ ਸੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਮਾਂ-ਬੋਲੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਭਰ ਦੇ ਸਾਰੇ ਸਾਈਨ ਬੋਰਡਾਂ (ਦਿਸ਼ਾ ਸੂਚਕ) ’ਤੇ ਪੰਜਾਬੀ ਨੂੰ ਪਹਿਲ ਦੇਣ ਦੀ ਵਿਸ਼ੇਸ਼ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਵੇਂ ਬਹੁਤੇ ਦੁਕਾਨਦਾਰ ਪਹਿਲਾਂ ਹੀ ਸਾਈਨ ਬੋਰਡਾਂ ਵਿਚ ਪੰਜਾਬੀ ਨੂੰ ਤਰਜੀਹ ਦੇ ਚੁੱਕੇ ਹਨ ਪਰ ਬਾਕੀ ਰਹਿੰਦੇ ਦੁਕਾਨਦਾਰਾਂ ਨੂੰ ਵੀ ਰਾਜ਼ੀ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਛੋਟੇ ਦੁਕਾਨਦਾਰ ਸਾਈਨ ਬੋਰਡਾਂ ਨੂੰ ਬਦਲਣ ਦੀ ਸਮਰੱਥਾ ਨਹੀਂ ਰੱਖਦੇ, ਉਨ੍ਹਾਂ ਦੇ ਸਾਈਨ ਬੋਰਡਾਂ ਬਦਲਣ ਨੂੰ ਸੂਬਾ ਸਰਕਾਰ ਯਕੀਨੀ ਬਣਾਏਗੀ।