ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

(ਕੁਲਵੰਤ ਕੋਟਲੀ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ ’ਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ’ਤੇ ਪੁਲਿਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।

ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ , ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਮੁਲਾਜ਼ਮ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ।ਉਨ੍ਹਾਂ ਦੱਸਿਆ ਕਿ ਤਰਸ ਦੇ ਆਧਾਰ ਉਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮਿ੍ਰਤਕ ਮੁਲਾਜਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ।ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੱਤੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ