ਮੁੱਖ ਮੰਤਰੀ ਚੰਨੀ ਵੱਲੋਂ ਬਿਆਸ ਵਿਖੇ ਸਬ-ਤਹਿਸੀਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ

CM Charanjit Channi Sachkahoon

ਪੰਜਾਬ ਦੇ ਸਰਵਪੱਖੀ ਵਿਕਾਸ ’ਚ ਧਾਰਮਿਕ ਸੰਸਥਾਵਾਂ ਦਾ ਯੋਗਦਾਨ ਸ਼ਲਾਘਾਯੋਗ : ਮੁੱਖ ਮੰਤਰੀ ਚੰਨੀ

ਡੀਜੀਪੀ ਦੀ ਨਿਯੁਕਤੀ ਪੈਨਲ ਅਨੁਸਾਰ ਹੋਵੇਗੀ

(ਰਾਜਨ ਮਾਨ) ਅੰਮਿ੍ਰਤਸਰ । ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ ਦੀ ਅਤਿ-ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਹਮੇਸਾ ਹੀ ਸਲਾਘਾਯੋਗ ਰਹੀ ਹੈ। ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਬਿਆਸ ਵਿਖੇ ਇਸ ਸਹੂਲਤ ਦਾ ਸਿੱਧਾ ਲਾਭ ਲਗਭਗ 30 ਪਿੰਡਾਂ ਦੇ 70,000 ਤੋਂ ਵੱਧ ਵਸਨੀਕਾਂ ਨੂੰ ਮਿਲੇਗਾ।

ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪ੍ਰਸਾਸ਼ਨਿਕ ਕੰਮਾਂ ਅਤੇ ਲੋੜੀਂਦੇ ਦਸਤਾਵੇਜਾਂ ਸਮੇਤ ਜ਼ਮੀਨ ਦੀ ਰਜਿਸਟਰੀ, ਫਰਦ ਲੈਣ ਆਦਿ ਤੋਂ ਇਲਾਵਾ ਸੁਵਿਧਾ ਕੇਂਦਰ ਤੇ ਫਰਦ ਕੇਂਦਰ ਵਰਗੀਆਂ ਜਰੂਰੀ ਸੇਵਾਵਾਂ ਦੇਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਲੋੜੀਂਦੇ ਦਸਤਾਵੇਜ ਸਮੇਂ ਸਿਰ ਅਤੇ ਤੁਰੰਤ ਜਾਰੀ ਹੋ ਸਕਣਗੇ। ਸਬ-ਤਹਿਸੀਲ ਕੰਪਲੈਕਸ ਵਿੱਚ 15,559 ਵਰਗ ਫੁੱਟ ਦੇ ਉਸਾਰੇ ਗਏ ਖੇਤਰ, 10492 ਵਰਗ ਫੁੱਟ ਦੇ ਖੁੱਲ੍ਹੇ ਸੈੱਡ, 22519 ਵਰਗ ਫੁੱਟ ਖੇਤਰ ਵਿੱਚ ਪਾਰਕਿੰਗ ਤੋਂ ਇਲਾਵਾ 128156 ਵਰਗ ਫੁੱਟ ਹਰੇ ਭਰੇ ਪਾਰਕ ਹਨ। ਪੂਰੀ ਤਰ੍ਹਾਂ ਸਜਾਏ ਇਸ ਕੰਪਲੈਕਸ ਵਿੱਚ ਉਪ ਤਹਿਸੀਲਦਾਰ ਦੇ ਦਫਤਰ ਅਤੇ ਅਦਾਲਤੀ ਕਮਰੇ ਸਮੇਤ ਕੁੱਲ 34 ਕਮਰੇ, ਸਮੁੱਚੇ ਸਟਾਫ ਲਈ ਕਮਰੇ ਅਤੇ ਇੱਕ ਕਾਨਫਰੰਸ ਰੂਮ ਹੈ ਜਦਕਿ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦੇ ਕੈਂਪ ਦਫਤਰ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਡੀਜੀਪੀ ਦੀ ਨਿਯੁਕਤੀ ਦਾ ਪੈਨਲ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ ਅਤੇ ਉਸ ਅਨੁਸਾਰ ਹੀ ਨਿਯੁਕਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਵੱਡੀਆਂ ਮੱਛੀਆਂ ਨੂੰ ਫੜਨ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ