ਸੂਬੇ ’ਚ ਇੱਕੋ ਦਿਨ ਹੋਏ 200 ਉਦਘਾਟਨ, ਅਗਲੇ ਦਿਨਾਂ ਵਿੱਚ ਹੋਣਗੇ 12 ਹਜ਼ਾਰ ਉਦਘਾਟਨ | Punjab News
- ਕਿਹਾ, ਸੂਬੇ ਵਿੱਚ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਇਤਿਹਾਸਕ ਕਦਮ
Punjab News: (ਅਸ਼ਵਨੀ ਚਾਵਲਾ) ਨਵਾਂ ਸਹਿਰ/ਚੰਡੀਗੜ। ਸੋਮਵਾਰ ਤੋਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਹੇਠ ਉਦਘਾਟਨਾਂ ਦਾ ਹੜ੍ਹ ਆ ਗਿਆ ਹੈ ਅਤੇ ਪਹਿਲੇ ਹੀ ਦਿਨ 200 ਤੋਂ ਜਿਆਦਾ ਉਦਘਾਟਨ ਤੱਕ ਹੋ ਗਏ ਹਨ। ਅਗਲੇ 53 ਦਿਨਾਂ ਵਿੱਚ ਪੰਜਾਬ ਵਿੱਚ 12 ਹਜ਼ਾਰ ਦੇ ਲਗਭਗ ਉਦਘਾਟਨ ਹੋਣਗੇ। ਇਨਾਂ ਉਦਘਾਟਨਾਂ ਦੀ ਲੜੀ ਦੀ ਸ਼ੁਰੂਆਤ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂ ਸਹਿਰ ਵਿਖੇ ਕੀਤੀ ਗਈ ਹੈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਾਲੀ ਵਿਖੇ ਅਤੇ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਸੰਗਰੂਰ ਦੇ ਸਕੂਲਾਂ ਵਿੱਚ ਜਾ ਕੇ ਉਦਘਾਟਨ ਕੀਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਅੱਜ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨਾਲ ਜੁੜੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਨਵਾਂ ਸ਼ਹਿਰ ਵਿਖੇ ਅਤਿ-ਆਧੁਨਿਕ ‘ਸਕੂਲ ਆਫ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ, ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜ਼ਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ।
ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਯਕੀਨੀ ਬਣਾਉਣ ’ਤੇ ਹੈ।
ਇਹ ਵੀ ਪੜ੍ਹੋ: LPG Gas Cylinder Price: ਪੈਟਰੋਲ ਡੀਜਲ ਤੋਂ ਬਾਅਦ ਰਸੋਈ ਗੈਸ ਸਿਲੰਡਰ ਵੀ ਹੋਇਆ ਮਹਿੰਗਾ, ਕੇਂਦਰੀ ਮੰਤਰੀ ਨੇ ਦਿੱਤੀ ਜ…
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਪੁੱਤਰ ਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦੀ ਬਜਾਏ ਸਰਕਾਰੀ ਸਕੂਲ ਸਿਰਫ ‘ਮਿਡ-ਡੇਅ-ਮੀਲ ਸੈਂਟਰ’ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸਾਂ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਭੇਜ ਰਹੀ ਹੈ ਤਾਂ ਜੋ ਉਨਾਂ ਦੇ ਅਧਿਆਪਨ ਹੁਨਰ ਨੂੰ ਹੋਰ ਤਰਾਸ਼ਿਆ ਜਾ ਸਕੇ। ਉਨਾਂ ਕਿਹਾ ਕਿ ਚੰਗੀ ਤਰਾਂ ਸਿਖਲਾਈ ਪ੍ਰਾਪਤ ਸਟਾਫ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮੱਦਦ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ’ਤੇ ਵੱਡਾ ਜ਼ੋਰ ਦਿੱਤਾ ਹੈ।
ਸੂਬਾ ਸਰਕਾਰ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰ ਰਹੀ ਹੈ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰ ਰਹੀ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀ ਸੂਬੇ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਮਾਰਗ ਦਰਸ਼ਨ ਕਰਨ। ਉਨਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਸੂਬੇ ਦੇ 80 ‘ਸਕੂਲ ਆਫ਼ ਐਮੀਨੈਂਸ’ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਹਰੇਕ ਅਧਿਕਾਰੀ ਨੂੰ ਸਕੂਲ ਪੰਜ ਸਾਲਾਂ ਲਈ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਦੌਰਾਨ ਸਬੰਧਤ ਅਧਿਕਾਰੀ ਦੀ ਤਾਇਨਾਤੀ ਕਿਸੇ ਵੀ ਜਗਾ ਹੋਈ ਹੋਵੇ। Punjab News
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਤਸੱਲੀਬਖ਼ਸ਼ ਹੈ ਕਿ ਇਨਾਂ ਸਕੂਲਾਂ ਵਿੱਚ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਪੜ੍ਹ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੱਲ ਬਜਟ ਦਾ 11 ਫੀਸਦੀ, ਜੋ ਕਿ 18,047 ਕਰੋੜ ਰੁਪਏ ਬਣਦਾ ਹੈ, ਸਿੱਖਿਆ ਖ਼ੇਤਰ ਲਈ ਅਲਾਟ ਕਰ ਕੇ ਵੱਡਾ ਹੁਲਾਰਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾ ਰਹੀ ਹੈ। ਉਨਾਂ ਕਿਹਾ ਕਿ ਸੂਬਾ ਭਰ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਪਾਠਕ੍ਰਮ ਅਤੇ ਹੋਰ ਚੀਜ਼ਾਂ ਬਾਰੇ ਪੁੱਛਗਿੱਛ ਕਰ ਰਹੇ ਹਨ।
ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਐ ਆਪ ਸਰਕਾਰ : ਸਿਸੋਦੀਆ | Punjab News
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਖੇਤਰ ਦੀ ਸੰਪੂਰਨ ਤੌਰ ਉਤੇ ਕਾਇਆਕਲਪ ਕੀਤੀ ਜਾ ਰਹੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਇਸ ਗੱਲ ਦਾ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਫਿਰਕੂ ਲੀਹਾਂ ਉਤੇ ਵੰਡਣ ਵਾਲੀ ਸਿਆਸਤ ਦਾ ਅਸੀਂ ਹਿੱਸਾ ਨਹੀਂ ਬਣਾਂਗੇ ਸਗੋਂ ਮਿਆਰੀ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਕਾਬਲ ਤੇ ਸਮਰੱਥ ਬਣਾ ਰਹੇ ਹਾਂ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਸੂਬੇ ਦੇ 12000 ਤੋਂ ਵੱਧ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਪੂਰੀ ਤਰਾਂ ਬਦਲ ਚੁੱਕੀ ਹੈ। ਉਨਾਂ ਕਿਹਾ ਕਿ ਤਿੰਨ ਸਾਲਾਂ ਪਹਿਲਾਂ ਸਰਕਾਰੀ ਸਕੂਲਾਂ ਦੀ ਤਸਵੀਰ ਬਦਹਾਲ ਹੁੰਦੀ ਸੀ ਪਰ ਇਸ ਵੇਲੇ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ ਵਿਦਿਆਰਥੀਆਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨਾਂ ਸਕੂਲਾਂ ਕੋਲ ਬਹੁਤ ਕਾਬਲ ਤੇ ਹੋਣਹਾਰ ਅਧਿਆਪਕ ਹਨ। Punjab News