ਮੁੱਖ ਮੰਤਰੀ ਨੇ 138.82 ਕਰੋੜ ਰੁਪਏ ਦੇ ਸੀਵਰੇਜ਼ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
Punjab News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ਼ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚ ਨਵੇਂ ਸੀਵਰੇਜ਼ ਸਿਸਟਮ ਲਈ 90 ਕਰੋੜ 68 ਲੱਖ ਰੁਪਏ ਜਦੋਂਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। ਉਨਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ। ਉਨਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ: India Vs Australia: ਡੇਵਿਡ-ਸਟੋਇਨਿਸ ’ਤੇ ਭਾਰੀ ਪਈ ਵਾਸ਼ਿੰਗਟਨ ਦੀ ਪਾਰੀ, ਭਾਰਤ ਨੇ ਟੀ-20 ਸੀਰੀਜ਼ ਕੀਤੀ ਬਰਾਬਰ
ਮੁੱਖ ਮੰਤਰੀ ਨੇ ਕਿਹਾ, ਇਤਿਹਾਸਕ ਸ਼ਹਿਰ ਵਿੱਚ 30 ਸਾਲਾਂ ਬਾਅਦ ਨਵੇਂ ਸੀਵਰੇਜ਼ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿੱਚੋਂ ਬਣਦੇ ਰਹੇ ਹਨ ਪਰ ਇਸ ਸ਼ਹਿਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ ਗਿਆ। ਮੈਂ ਆਪਣੇ-ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਪਰਮਾਤਮਾ ਨੇ ਇਸ ਇਤਿਹਾਸਕ ਸ਼ਹਿਰ ਵਿੱਚ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦਾ ਸੁਭਾਗ ਬਖਸ਼ਿਆ ਹੈ। Punjab News
ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਪ੍ਰਿੰਸੀਪਲ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਨੀਲ ਕੰਠ ਐਸ ਅਵਧ, ਡੀ.ਆਈ.ਜੀ. ਫਰੀਦਕੋਟ ਰੇਂਜ ਨਿਲੰਬਰੀ ਜਗਦਲੇ, ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼, ਐਸ.ਐਸ.ਪੀ. ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਆਦਿ ਹਾਜ਼ਰ ਸਨ।














