ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਦਿੱਤੇ ਦੋ ਤੋਹਫ਼ੇ, ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਸਕੀਮਾਂ ਸ਼ੁਰੂ

Chief Minister Mann

ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਸਾਡੀ ਸਰਕਾਰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉਤੇ ਚੱਲ ਰਹੀ ਹੈ: ਅਰਵਿੰਦ ਕੇਜਰੀਵਾਲ

ਸੰਗਰੂਰ/ਧੂਰੀ (ਗੁਰਪ੍ਰੀਤ ਸਿੰਘ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤੇ ਘਰ ਘਰ ਆਟਾ ਪਹੁੰਚਾਉਣ ਦੀ ਸ਼ੁਰੂਆਤ ਕੀਤੀ। (Chief Minister Mann)

ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਲੋਕਾਂ ਨੇ ਕਿਸੇ ਨਾ ਕਿਸੇ ਕਾਰਨ ਅਜੇ ਤੱਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਭਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ। (Chief Minister Mann)

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅੰਮਿ੍ਰਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਇਹ ਸਹੂਲਤ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 13 ਹਜ਼ਾਰ ਸ਼ਰਧਾਲੂ ਰੇਲ ਗੱਡੀਆਂ ਰਾਹੀਂ ਜਾਣਗੇ ਅਤੇ ਹਰੇਕ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ਵਿੱਚੋਂ ਹਰੇਕ ਗੱਡੀ ਵਿੱਚ ਇਕ ਹਜ਼ਾਰ ਯਾਤਰੀ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ ਅਤੇ ਰੋਜ਼ਾਨਾ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ਵਿੱਚੋਂ ਹਰੇਕ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ।

Also Read : ਫੇਸਬੁੱਕ ਅਤੇ ਯੂਟਿਊਬ ’ਤੇ ਕੀਤੀ ਇਹ ਗਲਤੀ ਤਾਂ ਹੋਵੇਗੀ ਕਾਰਵਾਈ, ਸਰਕਾਰ ਹੋਈ ਸਖ਼ਤ

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਵੀ ਸਫ਼ਰ ਕਰੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਪਹੁੰਚਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਇਕ ਟੀਮ ਅਗਾਊਂ ਭੇਜੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣੇ ਨਾਲ ਇਕ ਨੌਜਵਾਨ ਨੂੰ ਦੇਖਭਾਲ ਲਈ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ।

ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇੱਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਲੋਕਾਂ ਨੂੰ ਅਨਾਜ ਦੀ ਘਰ-ਘਰ ਸਪਲਾਈ ਦੀ ਵੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਦੇ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਉਹ ਵੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਪ੍ਰਾਈਵੇਟ ਸੈਕਟਰ ਵਿੱਚ 2.98 ਲੱਖ ਤੋਂ ਜ਼ਿਆਦਾ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਬਿਲਕੁੱਲ ਪਾਰਦਰਸ਼ੀ ਤਰੀਕੇ ਨਾਲ ਅਤੇ ਨੌਜਵਾਨਾਂ ਦੀ ਕਾਬਲੀਅਤ ਦੇ ਆਧਾਰ ਉਤੇ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ 100 ਹੋਰ ਕਲੀਨਿਕ ਤਿਆਰ ਹਨ, ਜੋ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਬਹੁ-ਗਿਣਤੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰ ਰਹੀ ਹੈ। ਇਸ ਦੇ ਨਾਲ-ਨਾਲ ਆਮ ਲੋਕਾਂ ਦੀ ਭਲਾਈ ਲਈ ਆਮ ਲੋਕਾਂ ਭਾਵੇਂ ਉਹ ਕਾਰੋਬਾਰੀ ਹਨ, ਵਪਾਰੀ ਹਨ ਜਾਂ ਖੇਤ ਮਜ਼ਦੂਰ ਜਾਂ ਕੋਈ ਹੋਰ, ਉਨ੍ਹਾਂ ਦੀ ਭਲਾਈ ਲਈ ਕਈ ਫੈਸਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਗਈ ਹੈ ਅਤੇ ਪੰਜਾਬ ਦੇ ਸਕੂਲਾਂ ਵਿੱਚ ‘ਬਿਜ਼ਨਸ ਬਲਾਸਟਰਜ਼’ ਨਾਂ ਦੀ ਸਕੀਮ ਸਫ਼ਲਤਾ ਪੂਰਵਕ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸਾਸਨ ਦੇ ਸਫ਼ਲ ਮਾਡਲ ਨੂੰ ਪੰਜਾਬ ਵਿੱਚ ਦੁਹਰਾਇਆ ਜਾ ਰਿਹਾ ਹੈ ਅਤੇ ਇਹ ਲੋਕਾਂ ਦੇ ਹਿੱਤ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਕਿਸੇ ਵਿਸ਼ੇਸ਼ ਪਰਿਵਾਰ ਦੀ ਥਾਂ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। (Chief Minister Mann)

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਇਸ ਯੋਜਨਾ ਨਾਲ ਜੁੜੇ 80 ਫੀਸਦ ਸਰਧਾਲੂ ਔਰਤਾਂ ਅਤੇ ਬਜੁਰਗ ਨਾਗਰਿਕ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਸਕੀਮ ਪੰਜਾਬ ਦੇ ਬਜੁਰਗ ਨਾਗਰਿਕਾਂ ਤੇ ਔਰਤਾਂ ਨੂੰ ਤੀਰਥ ਸਥਾਨਾਂ ਦੇ ਦਰਸਨਾਂ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਖਜਾਨੇ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here