
ਕਿਹਾ, ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ ਅਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਮਿਊਂਸੀਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ, ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 50,892 ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭਿ੍ਰਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੌਕਰੀਆਂ ਬਾਰੇ ਸਿਰਫ ਇਸ ਲਈ ਰੌਲਾ ਪਾਉਂਦੀਆਂ ਹਨ ਕਿਉਂਕਿ ਉਹ ਕਾਣੀ ਵੰਡ ਦੀਆਂ ਆਦੀ ਸਨ ਅਤੇ ਉਨ੍ਹਾਂ ਦੀ ਨਜ਼ਰ ਇਨ੍ਹਾਂ ਯੋਗ ਨੌਜਵਾਨਾਂ ’ਤੇ ਕਦੇ ਨਹੀਂ ਪਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਯੋਗ ਨੌਜਵਾਨਾਂ ਨੂੰ ਇੱਕ ਵੀ ਨੌਕਰੀ ਨਹੀਂ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜਿਹੜੀਆਂ ਟਾਵੀਆਂ-ਟਾਵੀਆਂ ਨੌਕਰੀਆਂ ਦਿੱਤੀਆਂ ਗਈਆਂ, ਉਹ ਸਿਰਫ ਨਜਦੀਕੀਆਂ ਜਾਂ ਨਜਦੀਕੀ ਰਿਸ਼ਤੇਦਾਰਾਂ ਲਈ ਰਾਖਵੀਆਂ ਸਨ, ਜਦੋਂ ਕਿ ਆਮ ਆਦਮੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਵਿਭਾਗ ਵਿੱਚ ਖਾਲੀ ਹੁੰਦੇ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ।
ਇਹ ਵੀ ਪੜ੍ਹੋ: Action Against Corruption: ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖ਼ਾਸਤ
ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਵੱਡਾ ਸਬਕ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਸਖਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਵੀ ਇੱਕ ਜੋੜਾ ਕੈਨੇਡਾ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਵਾਪਸ ਆਇਆ ਹੈ ਅਤੇ ਇਸੇ ਤਰ੍ਹਾਂ ਇੱਕ ਨੌਜਵਾਨ ਨੇ ਵਿਦੇਸ ਜਾਣ ਦਾ ਵਿਚਾਰ ਛੱਡ ਦਿੱਤਾ ਕਿਉਂਕਿ ਉਸ ਨੂੰ ਇੱਥੇ ਨੌਕਰੀ ਮਿਲ ਗਈ ਹੈ। ਇਸ ਨੂੰ ਇੱਕ ਇਤਿਹਾਸਕ ਮੋੜ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਕਿਸਮਤ ਬਦਲ ਦੇਣਗੀਆਂ। Punjab News
ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਅਤੇ ਪਤਵੰਤਿਆਂ ਦਾ ਸੁਆਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਨਪ੍ਰੀਤ ਸਿੰਘ ਸੌਂਦ, ਸਕੱਤਰ ਸਿੱਖਿਆ ਵਿਭਾਗ ਕੇਕੇ ਯਾਦਵ, ਸਕੱਤਰ ਵਾਤਾਵਰਨ ਵਿਭਾਗ ਪਿ੍ਰਯਾਂਕ ਭਾਰਤੀ ਅਤੇ ਹੋਰ ਵੀ ਮੌਜ਼ੂਦ ਸਨ।