ਮੁੱਖ ਮੰਤਰੀ ਮਾਨ ਨੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ

Asian Games

ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

  • ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਗਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ (Asian Games) ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਧਾਲੀਵਾਲ ਨੇ ਮੌਕੇ ’ਤੇ ਪਹੁੰਚ ਕੇ ਪਰਵਾਸੀ ਭਾਰਤੀ ਦੇ ਪਲਾਟ ’ਤੇ ਹੁੰਦਾ ਨਾਜਾਇਜ਼ ਕਬਜ਼ਾ ਰੋਕਿਆ

ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।