(ਖੁਸਵੀਰ ਸਿੰਘ ਤੂਰ) ਪਟਿਆਲਾ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 35000 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨਾ ਤੇ 23 ਮਾਰਚ ਵਾਲੇ ਦਿਨ ਭਿ੍ਰਸ਼ਟਾਚਾਰ ਖਿਲਾਫ ਨੰਬਰ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਕੀਤਾ ਹੈ ਜਿਸ ਤੋਂ ਪੰਜਾਬੀਆਂ ਨੂੰ ਇਹ ਆਸ ਬੱਝੀ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖਰੀ ਉਤਰੇਗੀ ਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਵਾਸੀ ਪੰਜਾਬੀ ਦਲਬੀਰ ਗਿੱਲ ਯੂਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੋਟਾਂ ਕਾਰਨ ਲੋਕਾਂ ਨੂੰ ਝੂਠ ਬੋਲਦਿਆਂ 36 ਹਜਾਰ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ ਜੋ ਸਿਰਫ ਐਲਾਨ ਹੀ ਸਾਬਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਚ ਹਰੇਕ ਵਰਗ ਦਾ ਧਿਆਨ ਰੱਖਦਿਆਂ ਜਿੱਥੇ ਪਹਿਲੀ ਅਪ੍ਰੈਲ ਤੋਂ 300 ਯੂਨਿਟ ਬਿਜਲੀ ਮੁਆਫ ਕੀਤੀ ਜਾ ਰਹੀ ਹੈ ਉਥੇ ਹੀ 25 ਸੌ ਰੁਪਏ ਪੈਨਸ਼ਨ ਤੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਲਾਵਾ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।
ਦਲਬੀਰ ਗਿੱਲ ਯੂਕੇ ਨੇ ਅੱਗੇ ਕਿਹਾ ਕਿ ਪੰਜਾਬ ’ਚ ਉਸਾਰੂ ਸੱਭਿਆਚਾਰ ਉਲੀਕਣ ਲਈ ਆਪ ਦੀ ਅਗਵਾਈ ਹੇਠ ਦਿੱਲੀ ਦੀ ਤਰਜ ’ਤੇ ਸਿਹਤ ਤੇ ਸਿਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਸਹਿਯੋਗ ਨਾਲ ਰੰਗਲੇ ਪੰਜਾਬ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਪਿਛਲੇ 75 ਸਾਲਾਂ ਤੋਂ ਚੱਲੇ ਆ ਰਹੇ ਰਿਵਾਇਤੀ ਲੋਟੂ ਪਾਰਟੀਆਂ ਦੇ ਕਬਜੇ ਤੋਂ ਨਿਜਾਤ ਪਾ ਲਈ ਹੈ ਜਿਸਨੂੰ ਪੰਜਾਬੀ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਵੀ ਦੁਹਰਾ ਦੇਣਗੇ ਤੇ 13 ਦੀਆਂ 13 ਸੀਟਾਂ ’ਤੇ ਹੂੰਝਾ ਫੇਰ ਜਿੱਤ ਦਰਜ ਹੋਵੇਗੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














