ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ‘ਤੇ ਰੋਕਾਂ ਹਟਾਉਣ ਦੀ ਅਪੀਲ
ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ ‘ਤੇ ਹਟਾਉਣ ਦੀ ਅਪੀਲ ਕੀਤੀ ਹੈ।
ਸੋਮਵਾਰ ਦੀ ਸ਼ਾਮ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵੱਲੋਂ ਉਨ੍ਹਾਂ ਨੂੰ ਦਿੱਤੇ ਗੱਲਬਾਤ ਦੇ ਸੱਦੇ ਨੂੰ ਧਿਆਨ ਵਿੱਚ ਰੱਖਣ ਦੇ ਨਾਲ-ਨਾਲ ਸੈਨਿਕਾਂ ਸਮੇਤ ਲੱਖਾਂ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ ਵੀ ਗੌਰ ਕਰਨ ਕਿਉਂ ਜੋ ਸਾਡੇ ਫੌਜੀਆਂ ਸਮੇਤ ਵੱਡੀ ਗਿਣਤੀ ਵਿੱਚ ਪੰਜਾਬੀ ਸੂਬੇ ਵਿੱਚ ਰੇਲ ਆਵਾਜਾਈ ਬੰਦ ਹੋਣ ਕਾਰਨ ਦੀਵਾਲੀ ਦੇ ਤਿਉਹਾਰ ‘ਤੇ ਆਪਣੇ ਘਰ ਪਰਤਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਹਟਾਉਣ ਨਾਲ ਇਨ੍ਹਾਂ ਸੈਨਿਕਾਂ ਅਤੇ ਹੋਰਾਂ ਨੂੰ ਆਪਣੇ ਪਰਿਵਾਰਾਂ ਨਾਲ ਤਿਉਹਾਰ ਮਨਾਉਣ ਵਿੱਚ ਸਹਾਇਤਾ ਮਿਲੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਗੱਲਬਾਤ ਦੇ ਸੱਦੇ ਜੋ ਮੀਡੀਆ ਰਿਪੋਰਟਾਂ ਮੁਤਾਬਕ 13 ਨਵੰਬਰ ਦਾ ਦਿਨ ਨਿਰਧਾਰਤ ਹੈ, ਨਾਲ ਖੇਤੀ ਬਾਰੇ ਕੇਂਦਰੀ ਕਾਨੂੰਨਾਂ ਉਤੇ ਪੈਦਾ ਹੋਏ ਸੰਕਟ ਦੇ ਛੇਤੀ ਸੁਲਝ ਜਾਣ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਤੋਂ ਸੰਕੇਤ ਮਿਲਦਾ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਦੇ ਮੱਦੇਨਜ਼ਰ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਲਈ ਰਾਹ ਤਲਾਸ਼ਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਗੁੱਸਾ ਸਪੱਸ਼ਟ ਤੌਰ ‘ਤੇ ਕੇਂਦਰ ਸਰਕਾਰ ਤੱਕ ਪਹੁੰਚਿਆ ਹੈ ਜਿਸ ਕਰਕੇ ਕੇਂਦਰ ਆਖਰ ਵਿੱਚ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੋਇਆ ਜਾਪਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਰੋਕਾਂ ਰਾਹੀਂ ਕੇਂਦਰ ਤੱਕ ਆਪਣਾ ਗੱਲ ਪਹੁੰਚਾਣ ਦਾ ਸੰਦੇਸ਼ ਹੁਣ ਪਹੁੰਚ ਗਿਆ ਅਤੇ ਇਹੋ ਉਹ ਚਾਹੁੰਦੇ ਸਨ ਜਿਸ ਕਰਕੇ ਕਿਸਾਨ ਜਥੇਬੰਦੀਆਂ ਨੂੰ ਆਪਣੇ ਅੰਦੋਲਨ ਤੋਂ ਪਿੱਛੇ ਹਟ ਕੇ ਇਸ ਮਸਲੇ ਦੇ ਹੱਲ ਹੋਣ ਦੀ ਭਾਵਨਾ ਨਾਲ ਗੱਲਬਾਤ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਪੈਦਾ ਹੋਈਆਂ ਸਮੱਸਿਆਵਾਂ ਅਤੇ ਵੱਡੇ ਆਰਥਿਕ ਘਾਟੇ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਿਸਾਨ ਯੂਨੀਅਨਾਂ ਸਾਰੇ ਭਾਈਵਾਲਾਂ ਦੇ ਵਡੇਰੇ ਹਿੱਤ ਵਿੱਚ ਸਥਿਤੀ ਨੂੰ ਸੁਖਾਵਾਂ ਬਣਾਉਣ ਲਈ ਬਦਲੇ ਵਿੱਚ ਆਪਣਾ ਸਹਿਯੋਗ ਦੇਣਗੀਆਂ। ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਸਕਰਾਤਾਮਕ ਪਹੁੰਚ ਨਾਲ ਪ੍ਰਤੀਕਰਮ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ ਕਿਉਂ ਜੋ ਉਹ ਸਿੱਧੇ ਤੌਰ ‘ਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਜਿਸ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੋਈ, ਉਹ ਜਾਰੀ ਰੱਖੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.