ਕਿਹਾ, ਭ੍ਰਿਸ਼ਟਾਚਾਰੀਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : CM Bhagwant Mann
(ਸੱਚ ਕਹੂੰ ਨਿਊਜ਼) ਲੁਧਿਆਣਾ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪਿੰਡ ਚਾਂਦਪੁਰ ਰੁੜਕੀ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਸਮਾਗਮ ਦੌਰਾਨ ਬਠਿੰਡਾ ਰਿਸ਼ਵਤ ਮਾਮਲੇ ’ਤੇ ਖੁੱਲ੍ਹ ਕੇ ਬੋਲੇ। ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੀਏ ਦੇ ਰਿਸ਼ਵਤ ਕਾਂਡ ਤੇ ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਜੋ ਹੋਇਆ ਉਹ ਸਭ ਨੇ ਦੇਖਿਆ। ਉਨਾਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਸੀਂ ਇਹ ਨਹੀਂ ਵੇਖਦੇ ਬਰੈਕਟ ਵਿੱਚ ਕਿਸ ਦਾ ਨਾਂਅ ਲਿਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 3 ਕਰੋੜ ਲੋਕਾਂ ਨੇ ਉਨ੍ਹਾਂ ਅਤੇ ਇਮਾਨਦਾਰ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ ਜਤਾਇਆ ਹੈ, ਜੋ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਉਭਰੀ ਹੈ। ਉਨਾਂ ਕਿਹਾ ਇਸ ਤਰ੍ਹਾਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਜਿਕਰਯੋਗ ਹੀ ਕਿ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਪੀਏ ਨੂੰ ਕਥਿਤ ਤੌਰ ‘ਤੇ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਸੀ। ਵੇਰਵਿਆਂ ਅਨੁਸਾਰ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਨਿੱਜੀ ਸਹਾਇਕ (ਪੀਏ) ਵੱਲੋਂ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਤੋਂ ਕਥਿਤ ਰਿਸ਼ਵਤ ਦੇ ਰੂਪ ’ਚ 4 ਲੱਖ ਰੁਪਏ ਨਗਦੀ ਲਈ ਗਈ ਸੀ। ਪਤਾ ਲੱਗਿਆ ਹੈ ਕਿ ਵਿਜੀਲੈਂਸ ਦੀ ਟੀਮ ਨੇ ਪੀ.ਏ. ਨੂੰ ਰਕਮ ਅਤੇ ਉਸ ਦੀ ਗੱਡੀ ਸਮੇਤ ਹਿਰਾਸਤ ’ਚ ਲੈ ਕੇ ਬਠਿੰਡਾ ਸਥਿਤ ਸਰਕਟ ਹਾਊਸ ’ਚ ਰੱਖਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੇ ਅਧਿਕਾਰੀ ਪੀ.ਏ. ਤੋਂ ਪੁੱਛਗਿੱਛ ਕਰ ਰਹੇ ਹਨ। ਇਸ ਸਬੰਧੀ ਅਧਿਕਾਰਕ ਤੌਰ ਤੇ ਕਿਸੇ ਵੀ ਅਧਿਕਾਰੀ ਨੇ ਹਾਲੇ ਕੋਈ ਪੁਸ਼ਟੀ ਨਹੀਂ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।