ਚੰਨੀ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਪਲੇਠੀ ਫੇਰੀ ਕੱਲ੍ਹ, ਵਿੱਤੀ ਐਲਾਨ ਨੂੰ ਲੈ ਕੇ ਵੱਡੀਆ ਆਸਾਂ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਹੋਣਗੇ ਨਾਲ, ਦੋਂ ਵਿਸ਼ੇਸ ਕੇਂਦਰਾਂ ਦੇ ਕਰਨਗੇ ਉਦਘਾਟਨ

  • ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਕਾਫ਼ੀ ਖਸਤਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਮੁੱਖ ਮੰਤਰੀ ਬਣਨ ਤੋਂ ਬਾਅਦ ਪਟਿਆਲਾ ਵਿਖੇ ਪਲੇਠੀ ਫੇਰੀ ਤੇ ਪੁੱਜ ਰਹੇ ਹਨ। ਉਹ 24 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੁੱਜ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਹੋਣਗੇ। ਇੱਧਰ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੀ ਫੇਰੀ ਦੌਰਾਨ ਵੱਡੇ ਐਲਾਨ ਦੀਆਂ ਉਮੀਦਾ ਹਨ ਕਿਉਂਕਿ ਪੰਜਾਬੀ ਯੂਨੀਵਰਸਿਟੀ ਭਾਰੀ ਵਿੱਤੀ ਘਾਟੇ ਨਾਲ ਜੂਝ ਰਹੀ ਹੈ।

ਦੱਸਣਯੋਗ ਹੈ ਕਿ ਇਸ ਦੌਰੇ ਬਾਰੇ ਪਿਛਲੇ ਕਈ ਦਿਨਾਂ ਤੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਮੀਡੀਆ ਇੰਟਰਵਿਊ ਵਿਚ ਕਿਹਾ ਸੀ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਦਾ ਪੱਕਾ ਹੱਲ ਕਰਨ ਜਾ ਰਹੇ ਹਨ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਇਹ ਦੌਰਾ ਪੰਜਾਬੀ ਯੂਨੀਵਰਸਿਟੀ ਨੂੰ ਇਸ ਦੇ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਦੇ ਲਿਹਾਜ ਨਾਲ ਸਾਰਥਿਕ ਹੋਵੇਗਾ ਅਤੇ ਪੰਜਾਬੀ ਭਾਸਾ ਨੂੰ ਪ੍ਰਣਾਈ ਇਹ ਯੂਨੀਵਰਸਿਟੀ ਆਪਣੇ ਵੱਕਾਰੀ ਅਕਾਦਮਿਕ ਕਾਰਜਾਂ ਨੂੰ ਹੋਰ ਬਿਹਤਰੀ ਨਾਲ ਕਰ ਸਕੇਗੀ।

ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਯੂਨੀਵਰਸਿਟੀ ਅੰਦਰ ਸਾਫ਼ ਸਫ਼ਾਈ ਸਮੇਤ ਤਿਆਰੀਆਂ ਕੀਤੀਆਂ ਗਈਆਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬੀ ਯੂਨੀਵਰਸਿਟੀ ਵੱਲੋਂ ਸਥਾਪਿਤ ਕੀਤੇ ਜਾ ਰਹੇ ਦੋ ਵਿਸੇਸ ਕੇਂਦਰਾਂ ‘ਪੰਜਾਬ ਦਾ ਵਣ-ਤਿ੍ਰਣ-ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ’ ਅਤੇ ‘ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਵੀ ਕਰਨਗੇ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਦੇ ਸੁਧਾਰ ਬਾਰੇ ਗੱਲ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਮੁੱਖ ਮੰਤਰੀ ਐਲਾਨ ਕਰਨਗੇ ਅਤੇ ਪੰਜਾਬੀ ਯੂਨੀਵਰਸਿਟੀ ਇਸ ਵਿੱਤੀ ਸੰਕਟ ਵਿਚੋਂ ਨਿੱਕਲੇਗੀ ਅਤੇ ਹੋਰ ਤਨਦੇਹੀ ਨਾਲ ਆਪਣੇ ਬਣਦੇ ਕਾਰਜ ਕਰੇਗੀ। ਇੱਧਰ ਅੱਜ ਯੂਨੀਵਰਸਿਟੀ ਕੈਪਸ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪਟਿਆਲਾ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਅਤੇ ਡਿਪਟੀ ਕਮਿਸਨਰ ਸੰਦੀਪ ਹਾਂਸ ਵੱਲੋਂ ਦੌਰਾ ਕੀਤਾ ਗਿਆ ਅਤੇ ਉੱਥੇ ਸੁਰੱਖਿਆ ਪ੍ਰਬੰਧਾਂ ਨੂੰ ਜਾਚਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ