ਨਵੇਂ ਬਲਾਕ ਸਥਾਪਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕੋਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸਖਸ਼ੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਦੀ ਯਾਦ ’ਚ ਸਥਾਪਤ ਕੀਤੀ ਚੇਅਰ ਸਮੇਤ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਭਲਕੇ ਆਜ਼ਾਦੀ ਦਿਹਾੜੇ ਮੌਕੇ ਇੱਥੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਅਗਵਾਈ ਕਰਨਗੇ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ’ਚ ਪਹੁੰਚਣ ਮੌਕੇ ਮੁੱਖ ਮੰਤਰੀ ਨੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਨੂੰ ਸਮਰਪਿਤ ਚੇਅਰ ਦਾ ਉਦਘਾਟਨ ਕੀਤਾ। ਇਹ ਚੇਅਰ ਮਹਾਨ ਧਾਰਮਿਕ ਸ਼ਖਸੀਅਤ ਅਤੇ ਉੱਘੇ ਸਿੱਖਿਆ ਸ਼ਾਸਤਰੀ ਦੀ ਯਾਦ ’ਚ ਸਥਾਪਤ ਕੀਤੀ ਗਈ ਹੈ ਅਤੇ ਮੌਜ਼ੂਦਾ ਵਿੱਤੀ ਸਾਲ ’ਚ ਸੂਬਾ ਸਰਕਾਰ ਨੇ ਇੱਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਇਸ ਚੇਅਰ ਦੀ ਮੁਖੀ ਇਕ ਪ੍ਰੋਫੈਸਰ ਅਤੇ ਉਨ੍ਹਾਂ ਨਾਲ ਤਿੰਨ ਖੋਜ਼ ਸਹਾਇਕ ਵੀ ਹੋਣਗੇ।
ਕੈਪਟਨ ਅਮਰਿੰਦਰ ਸਿੰਘ ਨੇ 6.10 ਕਰੋੜ ਰੁਪਏ ਦੀ ਲਾਗਤ ਵਾਲੇ ਸਕੂਲ ਆਫ਼ ਐਜ਼ੂਕੇਸ਼ਨ, 2.45 ਕਰੋੜ ਰੁਪਏ ਦੀ ਲਾਗਤ ਵਾਲੇ ਜਨ ਸੰਚਾਰ ਵਿਭਾਗ, 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪ੍ਰੀਨਿਊਰਸ਼ਿਪ ਐਂਡ ਇਨੋਵੇਸ਼ਨ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਵੀ ਰੱਖਿਆ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਇਹ ਪ੍ਰਾਜੈਕਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮੁਲਕ ਦੀਆਂ ਉਚ ਦਰਜੇ ਦੀਆਂ ਯੂਨੀਵਰਸਿਟੀਆਂ ਵਿਚ ਆਪਣਾ ਸਥਾਨ ਹੋਰ ਮਜ਼ਬੂਤ ਕਰਨ ਵਿਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਨੂੰ ਸਮਰਪਿਤ ਚੇਅਰ ਮਹਾਨ ਸੰਤ ਸਖਸ਼ੀਅਤ ਦੇ ਜੀਵਨ ਅਤੇ ਫਿਲਾਸਫੀ ਉਤੇ ਡੂੰਘੀ ਖੋਜ ਕਰਨ ਲਈ ਵਿਦਵਾਨਾਂ ਅਤੇ ਖੋਜਾਰਥੀਆਂ ਦੀ ਮਦਦ ਕਰੇਗੀ। ਸੰਤ ਜੀ ਨੇ ਰਸਮੀ ਤੌਰ ਉਤੇ ਸਿੱਖਿਆ ਦੇ ਪਾਸਾਰ ਨੂੰ ਅਮਲ ਵਿਚ ਲਿਆਉਣ ਦੀ ਅਗਵਾਈ ਉਸ ਸਮੇਂ ਕੀਤੀ, ਜਿਸ ਵੇਲੇ ਸਿੱਖਿਆ ਨੂੰ ਮਹੱਤਵਪੂਰਨ ਨਹੀਂ ਸੀ ਮੰਨਿਆ ਜਾਂਦਾ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਚੇਅਰ ਵੱਲੋਂ ਕੀਤੀ ਖੋਜ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੱਕ ਹੀ ਮਹਿਦੂਦ ਨਹੀਂ ਰਹੇਗੀ ਸਗੋਂ ਇਨ੍ਹਾਂ ਨੂੰ ਕਿਤਾਬਾਂ ਵਜੋਂ ਪ੍ਰਕਾਸ਼ਿਤ ਕੀਤਾ ਜਾਵੇਗਾ ਤਾਂ ਕਿ ਦੁਨੀਆਂ ਨੂੰ ਸੰਤ ਜੀ ਦੇ ਯੋਗਦਾਨ ਅਤੇ ਕੁਰਬਾਨੀਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ।
ਇਸ ਮੌਕੇ ਵਿਧਾਇਕ ਅੰਮ੍ਰਿਤਸਰ (ਪੱਛਮੀ) ਡਾ. ਰਾਜ ਕੁਮਾਰ ਵੇਰਕਾ ਨੇ ਧੰਨਵਾਦ ਦਾ ਮਤਾ ਪੇਸ ਕੀਤਾ। ਇਸ ਮੌਕੇ ਉਚੇਰੀ ਸਿੱਖਿਆ ਅਤੇ ਭਾਸਾਵਾਂ ਬਾਰੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਟਾਂਡਾ ਤੋਂ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ ਦੇ ਪ੍ਰੋ. ਸਰਬਜਿੰਦਰ ਸਿਘ ਮੌਜੂਦ ਸਨ।
ਮੁੱਖ ਮੰਤਰੀ ਨੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਬੇਸਿਕ ਸਾਇੰਸ ਬਲਾਕ ਅਤੇ ਲੜਕਿਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ।ਇਸ ਤੋਂ ਬਾਅਦ ਉਨ੍ਹਾਂ ਨੇ ਚਾਹ ਪੀਣ ਮੌਕੇ ਕੋਰੋਨਾ ਯੋਧਿਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ