ਪੰਚਾਇਤ ਘਰ ਤੇ ਸੇਵਾ ਕੇਂਦਰ ਸਹੂਲਤਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ : ਮੁੱਖ ਮੰਤਰੀ
Punjab Government News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇੱਕ ਪੰਚਾਇਤ ਘਰ ਅਤੇ ਇੱਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇੱਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।
500 ਆਧੁਨਿਕ ਪੰਚਾਇਤ ਘਰਾਂ ਤੇ ਕਾਮਨ ਸਰਵਿਸ ਸੈਂਟਰਾਂ ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪੰਚਾਇਤ ਘਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫ਼ਤਰ ਨਹੀਂ ਹੋਵੇਗਾ, ਸਗੋਂ ਪਿੰਡ ਦੇ ਵਿਕਾਸ ਲਈ ਵਿਚਾਰ- ਵਟਾਂਦਰੇ ਅਤੇ ਵਿਉਂਤਬੰਦੀ ਦਾ ਕੇਂਦਰੀ ਧੁਰਾ ਹੋਵੇਗਾ। ਉਹਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦੇ ਗਵਾਹ ਬਣਨਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਵੱਖ-ਵੱਖ ਆਨਲਾਈਨ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਮੱਦਦ ਮਿਲੇਗੀ।
ਇਹ ਵੀ ਪੜ੍ਹੋ: Bikram Majithia Case: ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਯੋਜਨਾਵਾਂ ਲਈ ਅਰਜ਼ੀ ਦੇਣ, ਵਿੱਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਾਉਣ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਇਹ ਕਾਮਨ ਸਰਵਿਸ ਸੈਂਟਰ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਬੈਠਣ ਅਤੇ ਸਮੂਹਿਕ ਫੈਸਲੇ ਲੈਣ ਲਈ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ।
ਰਵਾਇਤੀ ਪਾਰਟੀਆਂ ਦੇ ਆਗੂਆਂ ’ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਪਾਰਟੀਆਂ ਪਾਟੋਧਾੜ ਦਾ ਸ਼ਿਕਾਰ ਹਨ ਜਿੱਥੇ ਹਰ ਆਗੂ ਸੱਤਾ ਹਥਿਆਉਣ ਲਈ ਹੱਥ-ਪੈਰ ਮਾਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਦੇ ਭਲੇ ਲਈ ਕੋਈ ਏਜੰਡਾ ਨਹੀਂ ਕਿਉਂਕਿ ਉਹ ਸਿਰਫ਼ ਸੱਤਾ ਦੇ ਲਾਲਚ ਵਿੱਚ ਸਿਆਸਤ ਕਰ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। Punjab Government News