ਮੁੱਖ ਮੰਤਰੀ ਨੇ ਮੋਦੀ ਤੋਂ 31000 ਕਰੋੜ ਦੇ ਮਾਮਲੇ ‘ਚ ਦਖ਼ਲ ਮੰਗੀ

CM, Intervention, Matter, Rs. 31000, Crores, Modi

ਸੂਬੇ ਦੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੀ ਜਲਦ ਪ੍ਰਵਾਨਗੀ ਦੀ ਵੀ ਰੱਖੀ ਮੰਗ

ਚੰਡੀਗੜ੍ਹ/ਨਵੀ ਦਿੱਲੀ/ਸੱਚ ਕਹੂੰ ਬਿਊਰੋ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ-ਕੰਢੀ ਡੈਮ ਪ੍ਰੋਜੈਕਟ ਦੀ ਜਲਦੀ ਤੋਂ ਜਲਦੀ ਪ੍ਰਵਾਨਗੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ 90:10 ਦੇ ਅਨੁਪਾਤ ਨੂੰ ਕਾਇਮ ਰੱਖਣ ਅਤੇ ਪਹਿਲ ਦਿੱਤੇ ਜਾਣ ਦੀ ਅਪੀਲ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਅੱਜ  ਦੁਪਹਿਰ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮੀਟਿੰਗ ਦੌਰਾਨ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਨੀਵਾਂ ਚਲਾ ਗਿਆ ਹੈ ਅਤੇ ਕੇਂਦਰ ਸਰਕਾਰ ਨੂੰ ਦੇਸ਼ ਲਈ  ਅੰਨਦਾਤੇ ਵਜੋਂ ਭੂਮਿਕਾ ਨਿਭਾਅ ਰਹੇ ਸੂਬੇ ਦੀ ਸਿੰਚਾਈ ਸਮਰੱਥਾ ਨੂੰ ਬਰਕਰਾਰ ਰੱਖਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦੀ ਵਧਦੀ ਅਬਾਦੀ ਨਾਲ ਖੇਤੀਬਾੜੀ ਉਤਪਾਦਕਤਾ ਨੂੰ ਵੀ ਅੱਗੇ ਹੋਰ ਵਧਾਇਆ ਜਾ ਸਕੇ।

ਇਸ ਤੋਂ ਇਲਾਵਾ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਨਹਿਰ ਪ੍ਰੋਜੈਕਟਾਂ ਦੀ ਛੇਤੀ ਮਨਜ਼ੂਰੀ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਗਡਕਰੀ  ਨੂੰ ਦੱਸਿਆ  ਕਿ ਉਹ ਪਹਿਲਾਂ ਹੀ ਪ੍ਰਧਾਨ ਮੰਤਰੀ ਦਫਤਰ ਨੂੰ ਇਸ ਸਬੰਧੀ ਬੇਨਤੀ ਕਰ ਚੁੱਕੇ ਹਨ। ਉਨ੍ਹਾਂ ਨੇ ਪੀ ਐਮ ਕੇ ਐਸ ਵਾਈ ਦੇ ਹੇਠ ਇਨਾਂ ਦੋਵਾਂ ਪ੍ਰੋਜੈਕਟਾਂ ਵਾਸਤੇ ਕੇਂਦਰੀ ਫੰਡ ਮੁਹੱਈਆ ਕਰਵਾਉਣ ਲਈ ਆਖਿਆ ਹੈ।

ਸ਼ਾਹਪੁਰ ਕੰਡੀ ਡੈਮ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ  31 ਮਾਰਚ, 2017 ਦੇ ਸਮਝੌਤੇ ਨੂੰ ਅੱਗੇ ਲਿਜਾਣ ਲਈ ਜੰਮੂ-ਕਸ਼ਮੀਰ ਸਰਕਾਰ ਨੂੰ ਆਖੇ। ਇਹ ਸਮਝੌਤਾ 90:10 ਦੇ ਨਿਯਮਾਂ ਅਨੁਸਾਰ ਪ੍ਰਵਾਨ ਹੋਇਆ ਹੈ ਜਦਕਿ ਹੁਣ 60:40 ਦਾ ਪ੍ਰਸਤਾਵ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨਾ ਪੰਜਾਬ ਸਰਕਾਰ ਦੇ ਵਿਚਾਰ-ਵਟਾਂਦਰੇ ਅਧੀਨ ਹੈ ਅਤੇ ਉਨ੍ਹਾਂ ਨੇ ਇਸ ਪ੍ਰੋਜੈਕਟ ਦੀ ਸੋਧੀ ਅਨੁਮਾਨਿਤ ਲਾਗਤ 2738 ਕਰੋੜ ਰੁਪਏ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਜੋ ਕਿ ਪਿਛਲੀ ਸੂਬਾ ਸਰਕਾਰ ਨੇ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਨਿਪਟਾਉਣ ਦੀ ਥਾਂ ਗਲਤ ਰੂਪ ਵਿੱਚ ਆਪਣੇ ਸਿਰ ਲੈ ਲਿਆ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਵਿੱਤੀ ਸਹਾਇਤਾ ਲਈ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਲਿਆਂਵਾਲਾ ਬਾਗ਼ ਦੇ ਸਾਕੇ ਦੇ 100 ਵਰੇ ਪੂਰੇ ਹੋਣ ‘ਤੇ 13 ਅਪ੍ਰੈਲ, 2019 ਨੂੰ ਅਮ੍ਰਿੰਤਸਰ ਵਿਖੇ ਇਸ ਦਿਹਾੜੇ ਨੂੰ ਮਨਾਏ ਜਾਣ ਅਤੇ ਜਲਿਆਂਵਾਲਾ ਬਾਗ਼ ਟਰੱਸਟ ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸ੍ਰੀ ਮੋਦੀ ਨੂੰ ਇਸ ਯਾਦਗਾਰ ਦੇ ਆਲੇ -ਦੁਆਲੇ ਦੀਆਂ ਥਾਵਾਂ ਅਤੇ ਅਮ੍ਰਿੰਤਸਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਅਪੀਲ ਕੀਤੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।