ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਬਾਰੇ ਮੁੱਖ ਮੰਤਰੀ ਦੀ ਨੀਅਤ ਖੋਟੀ : ਚੀਮਾ

Harpal Singh Cheema
Harpal Cheema

ਅੱਖਾਂ ‘ਚ ਘੱਟਾ ਪਾਉਣ ਦੀ ਕਾਰਵਾਈ ਹੈ ਬੇਹੱਦ ਗੰਭੀਰ ਮਸਲੇ ‘ਤੇ ਇੱਕ ਰੋਜ਼ਾ ਇਜਲਾਸ : ‘ਆਪ’

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੋਗਲੀ ਨੀਤੀ ਅਪਣਾ ਰਹੇ ਹਨ ਅਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

ਸ਼ੁੱਕਰਵਾਰ ਨੂੰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਾਲੇ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਨੂੰ ਅੱਖਾਂ ‘ਚ ਘੱਟਾ (ਆਈਵਾਸ਼) ਕਰਾਰ ਦਿੰਦੇ ਹੋਏ ਕਿਹਾ ਕਿ ਐਨੇ ਵੱਡੇ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਘੱਟੋ-ਘੱਟ 7 ਦਿਨ ਦਾ ਸੈਸ਼ਨ ਹੋਣਾ ਚਾਹੀਦਾ ਸੀ। ਸੈਸ਼ਨ ਤੋਂ ਪਹਿਲਾਂ ਸਾਰੀਆਂ ਸਿਆਸੀ ਧਿਰਾਂ ਸਮੇਤ ਖੇਤੀ ਮਾਹਿਰਾਂ, ਕਿਸਾਨ ਜਥੇਬੰਦੀਆਂ ਅਤੇ ਸਾਰੇ ਪ੍ਰਭਾਵਿਤ ਵਰਗਾਂ ਦੇ ਨੁਮਾਇੰਦਿਆਂ ਨਾਲ ਸਾਂਝੀ ਬੈਠਕ ਬੁਲਾਉਣੀ ਚਾਹੀਦੀ ਸੀ, ਤਾਂ ਕਿ ਉਸ ਬੈਠਕ ਦੇ ਨਿਚੋੜ ਮੁਤਾਬਿਕ ਵਿਧਾਨ ਸਭਾ ‘ਚ ਫ਼ੈਸਲਾ ਲਿਆ ਜਾਂਦਾ,

ਪਰੰਤੂ ਮੁੱਖ ਮੰਤਰੀ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ, ਖੇਤੀਬਾੜੀ ਮਾਹਿਰਾਂ, ਵਿਰੋਧੀ ਸਿਆਸੀ ਧਿਰਾਂ ਇੱਥੋਂ ਤੱਕ ਕਿ ਮੀਡੀਆ ਦਾ ਵੀ ਸਾਹਮਣਾ ਕਰਨ ਤੋਂ ਭੱਜ ਰਹੇ ਹਨ, ਕਿਉਂਕਿ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਅਤੇ ਪੰਜਾਬ ਦੇ ਹੱਕਾਂ ‘ਚ ਮੋਦੀ ਸਰਕਾਰ ਨਾਲ ਸਿੱਧਾ ਮੱਥਾ ਨਹੀਂ ਲਗਾਉਣਾ ਚਾਹੁੰਦੀ ਜਿਸ ਦਾ ਕਾਰਨ ਭ੍ਰਿਸ਼ਟਾਚਾਰ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਬਣੀਆਂ ਨਿੱਜੀ ਕਮਜ਼ੋਰੀਆਂ ਹਨ।

ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਖ਼ੁਸ਼ ਕਰਨ ਲਈ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਅਤੇ ਸਪੱਸ਼ਟ ਹੁੰਦੀ ਤਾਂ ਹੁਣ ਤੱਕ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਸੰਗਠਨਾਂ ਨੂੰ ਪਤਾ ਹੁੰਦਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਕਿਹੜਾ ਕਦਮ ਉਠਾਉਣ ਜਾ ਰਹੀ ਹੈ, ਜਿਸ ਨਾਲ ਪੰਜਾਬ ਅਤੇ ਖੇਤੀਬਾੜੀ ਨੂੰ ਮੋਦੀ ਦੇ ਕਾਲੇ ਕਾਨੂੰਨਾਂ ਦੀ ਘਾਤਕ ਮਾਰ ਤੋਂ ਬਚਾਇਆ ਜਾ ਸਕਦਾ ਹੋਵੇ, ਪਰੰਤੂ ਅੱਜ ਤੱਕ ਸਰਕਾਰ ਦੀ ਤਰਫ਼ੋਂ ਕੋਈ ਏਜੰਡਾ ਮੁੱਖ ਵਿਰੋਧੀ ਧਿਰ ਹੋਏ ਦੇ ਨਾਤੇ ਸਾਡੇ (ਆਪ) ਕੋਲ ਵੀ ਨਹੀਂ ਭੇਜਿਆ ਗਿਆ। ਜਦਕਿ ਇਹ ਏਜੰਡਾ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਭੇਜਿਆ ਜਾਣਾ ਚਾਹੀਦਾ ਸੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ 28 ਅਗਸਤ ਵਾਲੇ ਵਿਸ਼ੇਸ਼ ਇਜਲਾਸ ਵਾਂਗ ਇਹ ਇਜਲਾਸ ਵੀ ਅੱਖਾਂ ‘ਚ ਘੱਟਾ ਪਾਉਣ ਦੀ ਕਾਰਵਾਈ ਤੋਂ ਵੱਧ ਕੁੱਝ ਵੀ ਨਹੀਂ, ਕਿਉਂਕਿ ਉਸ ਸੈਸ਼ਨ ‘ਚ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਜੋ ਮਤਾ ਪਾਸ ਕੀਤਾ ਸੀ, ਉਸ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਭੇਜਣ ਦੀ ਥਾਂ 18 ਦਿਨ ਇੱਥੇ (ਵਿਧਾਨ ਸਭਾ ਸਕੱਤਰੇਤ ਅਤੇ ਪੰਜਾਬ ਸਕੱਤਰੇਤ) ‘ਚ ਦੱਬੀ ਰੱਖਿਆ, ਜਿਸ ਦਿਨ ਇਹ ਬਿੱਲ ਸੰਸਦ ‘ਚ ਆਉਣੇ ਸਨ, ਉਸ ਤੋਂ ਇੱਕ ਦਿਨ ਪਹਿਲਾਂ ਭੇਜ ਕੇ ਖਾਨਾਪੂਰਤੀ ਕਰ ਦਿੱਤੀ।

Harpal Singh Cheema
Harpal Cheema

ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਇਆ ਕਿ ਪੰਜਾਬ ‘ਚ ਰਾਹੁਲ ਗਾਂਧੀ ਦੇ ਟਰੈਕਟਰ ਡਰਾਮੇ ਕਰਾਉਣ ਵਾਲੇ ਅਮਰਿੰਦਰ ਸਿੰਘ ਬਤੌਰ ਮੁੱਖ ਮੰਤਰੀ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਜਾਂ ਕੇਂਦਰੀ ਖੇਤੀ ਬਾੜੀ ਮੰਤਰੀ ਨੂੰ ਕਿਉਂ ਨਹੀਂ ਮਿਲੇ? ਜਦਕਿ ਸਰਬ ਪਾਰਟੀ ਬੈਠਕ ‘ਚ ਇੱਕ ਵਫ਼ਦ ਲੈ ਕੇ ਜਾਣ ਦਾ ਵਾਅਦਾ ਕੀਤਾ ਸੀ।

ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਵਰੇਜ ਲਈ ਮੀਡੀਆ ਨੂੰ ਵਿਧਾਨ ਸਭਾ ਪ੍ਰੈੱਸ ਗੈਲਰੀ ਦੀ ਥਾਂ ਕੋਰੋਨਾ ਦੀ ਆੜ ‘ਚ ਪੰਜਾਬ ਭਵਨ ‘ਚ ਬਿਠਾਉਣ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਮੀਡੀਆ ਨੂੰ ਸਾਜ਼ਿਸ਼ ਤਹਿਤ ਦੂਰ ਰੱਖਿਆ ਜਾ ਰਿਹਾ ਹੈ। ਜੋ ਲੋਕਾਂ ਨਾਲ ਧੋਖਾ ਅਤੇ ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਹੈ। ਚੀਮਾ ਨੇ ਸਾਰੇ ਮਾਨਤਾ ਪ੍ਰਾਪਤ ਮੀਡੀਆ ਨੂੰ ਵਿਧਾਨ ਸਭਾ ਦੇ ਅੰਦਰੋਂ ਕਵਰੇਜ ਦੀ ਇਜਾਜ਼ਤ ਅਤੇ ਸਮੁੱਚੀ ਕਾਰਵਾਈ ਦਾ ਲਾਈਵ ਟੈਲੀਕਾਸਟ ਕਰਨ ਦੀ ਮੰਗ ਵੀ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.