ਪੰਜਾਬ ’ਚ ਫਿਰ ਵਧੇਗੀ ਠੰਢ, ਮੀਂਹ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ

Weather Today

(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਲਈ 11 ਮਾਰਚ ਅਤੇ ਪੂਰੇ ਸੂਬੇ ਲਈ 13 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਇਸ ਦੌਰਾਨ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਨੂੰ 11 ਮਾਰਚ ਨੂੰ ਅਤੇ 13 ਮਾਰਚ ਨੂੰ 23 ਜ਼ਿਲ੍ਹਿਆਂ ਨੂੰ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਮੁਕਤਸਰ ਸਾਹਿਬ ਅਤੇ ਮੋਗਾ ਵਿਚ ਤੇਜ਼ ਹਵਾਵਾਂ ਦੀ ਕੋਈ ਚਿਤਾਵਨੀ ਨਹੀਂ ਹੈ। ਮੌਸਮ ਵਿੱਚ ਆਏ ਅਜਿਹੇ ਬਦਲਾਅ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਹਾਲ ਹੀ ਵਿੱਚ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ।

ਸੂਬੇ ’ਚ ਵੱਧ ਤੋਂ ਵੱਧ ਤਾਪਮਾਨ ’ਚ 1.5 ਫੀਸਦੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਨੇੜੇ ਹੈ। ਇਸ ਦੌਰਾਨ ਪਟਿਆਲਾ ਵਿਚ ਸਭ ਤੋਂ ਵੱਧ ਤਾਪਮਾਨ 27.0 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 26.2, ਲੁਧਿਆਣਾ ਵਿਚ 25.6, ਪਠਾਨਕੋਟ ਵਿੱਚ 26.6 ਅਤੇ ਮੋਹਾਲੀ ਵਿੱਚ 25.6 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੇਂਦਰੀ ਭੰਡਾਰਨ ਲਈ ਮੰਡੀ ਖਰੀਦ ਖਰਚੇ ਦਰੁਸਤ ਕੀਤੇ ਜਾਣਗੇ: ਪਿਊਸ ਗੋਇਲ

ਹੁਣ ਘੱਟੋ-ਘੱਟ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ ਵਿਚ ਵੀ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਭ ਤੋਂ ਘੱਟ ਤਾਪਮਾਨ ਫ਼ਿਰੋਜ਼ਪੁਰ ਵਿੱਚ ਦਰਜ ਕੀਤਾ ਗਿਆ ਹੈ। ਜਦੋਂ ਕਿ ਮੋਗਾ ਦੇ ਬੁੱਧ ਸਿੰਘ ਵਾਲਾ ਦਾ 7.2 ਡਿਗਰੀ, ਗੁਰਦਾਸਪੁਰ ਦਾ 7.4 ਡਿਗਰੀ, ਰੋਪੜ ਦਾ 7.8 ਡਿਗਰੀ, ਅੰਮ੍ਰਿਤਸਰ ਦਾ 11.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। 16 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 10.0 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰੋਪੜ, ਮੋਗਾ, ਲੁਧਿਆਣਾ, ਗੁਰਦਾਸਪੁਰ, ਨੂਰਮਹਿਲ, ਜਲੰਧਰ, ਫ਼ਿਰੋਜ਼ਪੁਰ, ਬਰਨਾਲਾ, ਐਸਬੀਐਸ ਨਗਰ, ਫ਼ਰੀਦਕੋਟ, ਪਠਾਨਕੋਟ ਅਤੇ ਅੰਮ੍ਰਿਤਸਰ ਸ਼ਾਮਲ ਹਨ। ਕਈ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ’ਤੇ ਤਾਪਮਾਨ ਘੱਟ ਰਿਹਾ ਹੈ।

LEAVE A REPLY

Please enter your comment!
Please enter your name here